ਐੱਸਸੀ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਸੂਦ ਭਾਜਪਾ ਵਿੱਚ ਸ਼ਾਮਲ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਸਤੰਬਰ
ਐੱਸਸੀ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਇੰਜੀ: ਮੋਹਣ ਲਾਲ ਸੂਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਲੰਧਰ ਦੇ ਸਾਬਕਾ ਐੱਮਪੀ ਸ਼ੁਸ਼ੀਲ ਕੁਮਾਰ ਰਿੰਕੂ ਨੇ ਮੋਹਣ ਲਾਲ ਸੂਦ ਨੂੰ ਭਾਜਪਾ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਦਾ ਸਨਮਾਨ ਕੀਤਾ ਜਾਂਦਾ ਹੈ ਤੇ ਪਾਰਟੀ ਉਸ ਨੂੰ ਬਣਦਾ ਮਾਣ-ਸਨਮਾਨ ਵੀ ਦਿੰਦੀ ਹੈ। ਸਾਬਕਾ ਐਮਪੀ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਭਾਜਪਾ ਨੂੰ ਮਜ਼ਬੂਤ ਕਰਨ ਲਈ ਹਮੇਸ਼ਾਂ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵਿੱਚ ਨਿਗਰਾਨ ਇੰਜਨੀਅਰ ਹੁੰਦਿਆਂ ਮੋਹਣ ਲਾਲ ਸੂਦ ਨੇ ਬਹੁਤ ਹੀ ਇਮਾਨਦਾਰੀ ਨਾਲ ਕੰਮ ਕੀਤਾ ਸੀ।
ਉਧਰ ਮੋਹਣ ਲਾਲ ਸੂਦ ਨੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਪੰਜਾਬ ਦੇ ਨੌਜਵਾਨ ਆਗੂ ਤੇ ਸਾਬਕਾ ਐੱਮਪੀ ਸੁਸ਼ੀਲ ਰਿੰਕੂ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਸ੍ਰੀ ਸੂਦ ਨੇ ਦੋਸ਼ ਲਾਇਆ ਕਿ ਸਾਬਕਾ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਇਸ ਕਰਕੇ ਵੀ ਚੇਅਰਮੈਨ ਦੇ ਅਹੁਦੇ ਤੋਂ ਹਟਾਇਆ ਸੀ ਕਿਉਂਕਿ ਉਨ੍ਹਾਂ ਨੇ ਰੋਪੜ ਜ਼ਿਲ੍ਹੇ ਵਿੱਚ ਐਸਸੀ ਕਾਰਪੋਰੇਸ਼ਨ ਦੀ 186 ਏਕੜ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਉਣ ਲਈ ਕਾਰਵਾਈ ਆਰੰਭ ਕਰ ਦਿੱਤੀ ਸੀ।