ਸਾਬਕਾ ਵਿਧਾਇਕ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਧਰਨਾ
ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 27 ਸਤੰਬਰ
ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਾਥੀਆਂ ਸਮੇਤ ਖਡੂਰ ਸਾਹਿਬ ਦੇ ਐੱਸਡੀਐੱਮ ਦਫ਼ਤਰ ਦਾ ਘਿਰਾਓ ਕਰਕੇ ‘ਆਪ’ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਪੰਚਾਇਤੀ ਚੋਣਾਂ ਵਿੱਚ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਪਾਰਦਰਸ਼ੀ ਢੰਗ ਨਾਲ ਨਹੀਂ ਕਰਵਾਉਣਾ ਚਾਹੁੰਦੀ। ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਵੱਲੋਂ ਪਿੰਡਾਂ ਦੀਆਂ ਜਨਰਲ ਅਤੇ ਰਿਜ਼ਰਵ ਲਿਸਟਾਂ ਅਜੇ ਤੱਕ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਜਦਕਿ ਪੰਚਾਇਤੀ ਚੋਣਾਂ ਸਬੰਧੀ ਕਾਗਜ਼ਾਤ ਦਾਖਲ ਕਰਵਾਉਣ ਲਈ ਸਮਾਂ ਸਿਰਫ ਚਾਰ ਦਿਨ ਦਾ ਬਚਿਆ ਹੈ। ਸਾਬਕਾ ਵਿਧਾਇਕ ਨੇ ਦੋਸ਼ ਲਗਾਇਆ ਕਿ ਪੰਚਾਇਤੀ ਚੋਣਾਂ ਨਾਲ ਸਬੰਧਤ ਅਫ਼ਸਰ ਆਪਣੇ ਦਫ਼ਤਰਾ ’ਚੋਂ ਗਾਇਬ ਹਨ ਜਿਸ ਕਾਰਨ ਚੋਣ ਲੜਨ ਦੇ ਚਾਹਵਾਨ ਲੋੜੀਂਦੇ ਕਾਗਜ਼ਾਤ ਹਾਸਲ ਕਰਨ ਲਈ ਖੱਜਲ ਖੁਆਰ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਮਾਨ ਸਰਕਾਰ ਅਤੇ ਹਲਕਾ ਵਿਧਾਇਕ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖਿਲਾਫ਼ ਉਹ ਸਖ਼ਤ ਸਟੈਂਡ ਲੈਣਗੇ ਤੇ ਪੰਚਾਇਤੀ ਚੋਣਾਂ ਦੌਰਾਨ ਧੱਕੇਸ਼ਾਹੀਆ ਨਹੀਂ ਕਰਨ ਦੇਣਗੇ।