ਸਾਬਕਾ ਸੈਨਿਕਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਕਰਮਜੀਤ ਸਿੰਘ ਚਿੱਲਾ
ਬਨੂੜ, 29 ਸਤੰਬਰ
ਐਕਸ ਸੈਨਿਕ ਵੈਲਫ਼ੇਅਰ ਕਮੇਟੀ ਦੇ ਜ਼ਿਲ੍ਹਾ ਮੁਹਾਲੀ ਦੀ ਇਕੱਤਰਤਾ ਇੱਥੋਂ ਦੇ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਬਨੂੜ ਅਤੇ ਬਲਾਕ ਮੁਹਾਲੀ ਦੇ ਪ੍ਰਧਾਨ ਕੈਪਟਨ ਬੰਤ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਾਬਕਾ ਸੈਨਿਕਾਂ ਨੇ ਆਪਣੀਆਂ ਮੰਗਾਂ ਦੇ ਹੱਕ ਅਤੇ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਬਨੂੜ, ਕੈਪਟਨ ਬੰਤ ਸਿੰਘ, ਕੈਪਟਨ ਹਰਬੰਸ ਸਿੰਘ, ਸੂਬੇਦਾਰ ਅਮਰਜੀਤ ਸਿੰਘ ਅਤੇ ਮੇਜਰ ਸਿੰਘ ਨੇ ਕੇਂਦਰ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਇੱਕ ਰੈਂਕ ਇੱਕ ਪੈਨਸ਼ਨ ਸਿਰਫ਼ ਖਾਨਾਪੂਰਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਫੌਜੀ ਜਵਾਨਾਂ ਨਾਲ ਵਿਤਕਰਾ ਕੀਤਾ ਹੈ ਜਿਨ੍ਹਾਂ ਵਿੱਚ ਕੁਝ ਰੈਂਕਾਂ ਨੂੰ ਹੀ ਇਸ ਵਿਧੀ ਤਹਿਤ ਲਾਭ ਹੋਇਆ ਹੈ ਅਤੇ ਬਾਕੀ ਰੈਂਕਾਂ ਨੂੰ ਛੱਡ ਦਿੱਤਾ ਗਿਆ ਹੈ ਜੋ ਕਿ ਬਿਲਕੁਲ ਗਲਤ ਹੈ।
ਉਨ੍ਹਾਂ ਕੇਂਦਰ ਸਰਕਾਰ ਤੋਂ ਸਾਬਕਾ ਸੈਨਿਕਾਂ ਨੂੰ ਦਿੱਤੀ ਜਾਂਦੀ ਮੁਫ਼ਤ ਸਿਹਤ ਸਹੂਲਤ ਸਕੀਮ ਤਹਿਤ ਪ੍ਰਾਈਵੇਟ ਹਸਪਤਾਲਾਂ ਦੀ ਲੁੱਟ ਤੋਂ ਬਚਾਉਣ ਲਈ ਸਰਕਾਰੀ ਹਸਪਤਾਲਾਂ ਵਿੱਚ ਡਾਕਟਰ ਭਰਤੀ ਕਰਨ ਦੀ ਮੰਗ ਕੀਤੀ ਤਾਂ ਜੋ ਉਹਨਾਂ ਨੂੰ ਵਧੀਆ ਅਤੇ ਸਸਤਾ ਇਲਾਜ ਮਿਲ ਸਕੇ। ਇਸ ਮੌਕੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਇਸ ਜਥੇਬੰਦੀ ਨਾਲ ਵੱਧ ਤੋਂ ਵੱਧ ਸਾਬਕਾ ਸੈਨਿਕਾਂ ਨੂੰ ਜੋੜਨ ਲਈ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸੂਬੇਦਾਰ ਗੁਰਦਾਸ ਸਿੰਘ, ਜੀਵਨ ਸਿੰਘ, ਸਾਧੂ ਸਿੰਘ ਭੁੱਡਾ ਸਿੰਘਪੁਰਾ, ਜੀਤ ਸਿੰਘ ਧਰਮਗੜ੍ਹ, ਸੁੱਖਾ ਸਿੰਘ ਬਨੂੜ, ਰਾਮ ਸਿੰਘ ਮਨੌਲੀ ਸੂਰਤ, ਰਤਨ ਸਿੰਘ ਅਮਲਾਲਾ ਤੋਂ ਇਲਾਵਾ ਜਥੇਬੰਦੀ ਦੇ ਹੋਰ ਬਹੁਤ ਸਾਰੇ ਅਹੁਦੇਦਾਰ ਅਤੇ ਕਾਰਕੁਨ ਹਾਜ਼ਰ ਸਨ।