ਮੁਕਾਬਲਿਆਂ ’ਚ ਗਹੂੰਣ ਸਕੂਲ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ
ਪੱਤਰ ਪ੍ਰੇਰਕ
ਬਲਾਚੌਰ, 22 ਸਤੰਬਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹੂੰਣ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਹਿ-ਵਿਦਿਅਕ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹੂੰਣ ਦੇ ਮੁਖੀ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਮੁਕਾਬਲੇ ਜਿੱਤਣ ਉਪਰੰਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਇੰਸ ਸੈਮੀਨਾਰ ‘ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ): ਸੰਭਾਵਨਾਵਾਂ ਅਤੇ ਚਿੰਤਾਵਾਂ’ ਸਿਰਲੇਖ ਹੇਠ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਕੂਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 8ਵੀਂ ਜਮਾਤ ਦੀ ਵਿਦਿਆਰਥਣ ਵਰਖਾ ਨੇ ਜ਼ਿਲ੍ਹਾ ਪੱਧਰੀ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਪ੍ਰੋਗਰਾਮ ਅਧੀਨ ਆਂਧਰਾ ਪ੍ਰਦੇਸ਼ ਦੇ ਲੋਕ ਨਾਚ ਮੁਕਾਬਲਿਆਂ ਵਿੱਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਹਰਬਿੰਦਰ ਸਿੰਘ, ਕੇਵਲ ਰਾਮ, ਅਸ਼ਵਨੀ ਕੁਮਾਰ ਬਾਗੜੀ, ਅਮਿਤ ਕੁਮਾਰ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।