ਆਬਕਾਰੀ ਤੇ ਕਰ ਵਿਭਾਗ ਵੱਲੋਂ ਸ਼ਰਾਬ ਤਸਕਰੀ ਰੋਕਣ ਲਈ ਸਖ਼ਤੀ
ਕੁਲਦੀਪ ਸਿੰਘ
ਚੰਡੀਗੜ੍ਹ, 29 ਮਾਰਚ
ਯੂਟੀ ਚੰਡੀਗੜ੍ਹ ਦੇ ਆਬਕਾਰੀ-ਕਰ ਵਿਭਾਗ ਵੱਲੋਂ ਲੋਕ ਸਭਾ ਚੋਣਾਂ ਵਿੱਚ ਸ਼ਰਾਬ ਦੀ ਅੰਤਰਰਾਜੀ ਤਸਕਰੀ ਰੋਕਣ ਅਤੇ 1 ਅਪਰੈਲ, 2024 ਤੋਂ ਸ਼ੁਰੂ ਹੋ ਰਹੀ ਨਵੀਂ ਆਬਕਾਰੀ ਨੀਤੀ ਨੂੰ ਲਾਗੂ ਕਰਨ ਲਈ ਸਖ਼ਤੀ ਕਰ ਦਿੱਤੀ ਗਈ ਹੈ। ਇਸੇ ਸਬੰਧੀ ਮੌਜੂਦਾ ਆਦਰਸ਼ ਚੋਣ ਜ਼ਾਬਤੇ ਤੋਂ ਪਹਿਲਾਂ ਵੱਖ-ਵੱਖ ਹਿੱਸੇਦਾਰਾਂ ਨਾਲ ਮੀਟਿੰਗਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਆਬਕਾਰੀ ਤੇ ਕਰ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ 29 ਮਾਰਚ 2024 ਨੂੰ ਪ੍ਰਚੂਨ ਸ਼ਰਾਬ ਦੀਆਂ ਦੁਕਾਨਾਂ ਦੇ ਲਾਇਸੈਂਸਧਾਰਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕੁਲੈਕਟਰ (ਆਬਕਾਰੀ)-ਕਮ-ਵਧੀਕ ਆਬਕਾਰੀ ਅਤੇ ਕਰ ਕਮਿਸ਼ਨਰ, ਏਈਟੀਸੀ, ਈਟੀਓ ਅਤੇ ਯੂਟੀ ਚੰਡੀਗੜ੍ਹ ਦੀਆਂ ਪ੍ਰਚੂਨ ਸ਼ਰਾਬ ਦੀਆਂ ਦੁਕਾਨਾਂ ਦੇ ਲਾਇਸੈਂਸਧਾਰਕਾਂ ਨੇ ਭਾਗ ਲਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਲਾਇਸੈਂਸਧਾਰਕਾਂ ਨੂੰ ਆਬਕਾਰੀ ਨੀਤੀ 2024-25 ਦੀ ਪਾਲਣਾ ਅਤੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਬਾਰੇ ਜਾਣੂ ਕਰਵਾਇਆ ਗਿਆ। ਵਿਭਾਗੀ ਅਧਿਕਾਰੀਆਂ ਵੱਲੋਂ 1 ਅਪਰੈਲ, 2024 ਤੋਂ ਆਬਕਾਰੀ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਬਾਰੇ ਹਿੱਸੇਦਾਰਾਂ ਨੂੰ ਵੀ ਜਾਗਰੂਕ ਕੀਤਾ ਗਿਆ। ਮੀਟਿੰਗ ਵਿੱਚ ਮੌਜੂਦ ਅਧਿਕਾਰੀਆਂ ਨੇ ਕਾਰੋਬਾਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਹਿਯੋਗ ਦਾ ਭਰੋਸਾ ਦਿੱਤਾ। ਲਾਇਸੈਂਸਧਾਰਕਾਂ ਨੂੰ ਸੂਚਿਤ ਕੀਤਾ ਗਿਆ ਕਿ ਪਾਲਿਸੀ ਦੀਆਂ ਸ਼ਰਤਾਂ ਦੀ ਕੋਈ ਵੀ ਉਲੰਘਣਾ ਜਾਂ ਢਿੱਲ-ਮੱਠ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸੇ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ’ਤੇ ਕੁਈਨ ਡਿਸਟਿਲਰਜ਼ ਐਂਡ ਪਾਪੂਲਰਜ਼ ਪ੍ਰਾਈਵੇਟ ਲਿਮਟਿਡ ਬਾਟਲਿੰਗ ਪਲਾਂਟ ਦਾ ਲਾਇਸੈਂਸ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ।