ਆਬਕਾਰੀ ਨੀਤੀ: ਸਿਸੋਦੀਆ ਦੀ ਅੰਤ੍ਰਿਮ ਜ਼ਮਾਨਤ ’ਤੇ ਫ਼ੈਸਲਾ ਅੱਜ
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਆਬਕਾਰੀ ਨੀਤੀ ਘਪਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਕੇਸ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਵੱਲੋਂ ਅੰਤ੍ਰਿਮ ਜ਼ਮਾਨਤ ਦੇਣ ਸਬੰਧੀ ਦਾਖ਼ਲ ਅਰਜ਼ੀ ‘ਤੇ ਦਿੱਲੀ ਹਾਈ ਕੋਰਟ ਸੋਮਵਾਰ ਨੂੰ ਫੈਸਲਾ ਸੁਣਾਏਗੀ। ਜ਼ਿਕਰਯੋਗ ਹੈ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੀ ਪਤਨੀ ਦੀ ਨਾਸਾਜ਼ ਸਿਹਤ ਦਾ ਹਵਾਲਾ ਦੇ ਕੇ ਆਰਜ਼ੀ ਤੌਰ ‘ਤੇ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੀ ਨਿਯਮਿਤ ਜ਼ਮਾਨਤ ਸਬੰਧੀ ਮਾਮਲਾ ਹਾਈ ਕੋਰਟ ਵਿੱਚ ਪੈਂਡਿੰਗ ਹੈ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਨੇ ਸ਼ਨਿੱਚਰਵਾਰ ਨੂੰ ਵਿਸ਼ੇਸ਼ ਸੁਣਵਾਈ ਦੌਰਾਨ ਦਲੀਲਾਂ ਸੁਣਨ ਤੋਂ ਬਾਅਦ ਐਲਐਨਜੇਪੀ ਹਸਪਤਾਲ ਤੋਂ ਸਿਸੋਦੀਆ ਦੀ ਪਤਨੀ ਦੀ ਤਾਜ਼ਾ ਮੈਡੀਕਲ ਰਿਪੋਰਟ ਜਮ੍ਹਾਂ ਕਰਾਉਣ ਦਾ ਆਦੇਸ਼ ਦੇ ਕੇ ਫ਼ੈਸਲਾ ਰਾਖਵਾਂ ਰੱਖ ਲਿਆ। ਇਸੇ ਦੌਰਾਨ ਈਡੀ ਦੇ ਵਕੀਲ ਜ਼ੋਹੈਬ ਹੁਸੈਨ ਨੇ ਸਿਸੋਦੀਆ ਦੀ ਪਤਨੀ ਦੀ ਸਿਹਤ ਸਬੰਧੀ ਰਿਪੋਰਟ ਪੇਸ਼ ਕੀਤੀ ਅਤੇ ਉਨ੍ਹਾਂ ਦੀ ਅੰਤ੍ਰਿਮ ਜ਼ਮਾਨਤ ਲਈ ਦਾਇਰ ਪਟੀਸ਼ਨ ਦਾ ਵਿਰੋਧ ਕੀਤਾ। ਐਡਵੋਕੇਟ ਜ਼ੋਹੈਬ ਨੇ ਕਿਹਾ ਕਿ ਸਿਸੋਦੀਆ ਦੀ ਪਤਨੀ ਪਿਛਲੇ ਵੀਹ ਸਾਲਾਂ ਤੋਂ ਬਿਮਾਰ ਹਨ। ਇੱਥੋਂ ਤੱਕ ਸਾਬਕਾ ਮੁੱਖ ਮੰਤਰੀ ਵੱਲੋਂ ਅੰਤ੍ਰਿਮ ਜ਼ਮਾਨਤ ਲੈਣ ਸਬੰਧੀ ਦਾਖ਼ਲ ਕੀਤੀਆਂ ਅਰਜ਼ੀਆਂ ਵਾਪਸ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿਸੋਦੀਆ ਕੋਲ ਮੰਤਰੀ ਵਜੋਂ 18 ਵਿਭਾਗ ਸਨ ਅਤੇ ਉਨ੍ਹਾਂ ਕੋਲ ਆਪਣੀ ਪਤਨੀ ਨੂੰ ਮਿਲਣ ਦਾ ਸਮਾਂ ਨਹੀਂ ਸੀ। ਹੁਣ ਉਹ ਜ਼ਮਾਨਤ ਲੈਣ ਲਈ ਇਹ ਸਾਰੇ ਆਧਾਰ ਬਣਾ ਰਹੇ ਹਨ।