ਆਬਕਾਰੀ ਘਪਲਾ: ਸੁਪਰੀਮ ਕੋਰਟ ਵੱਲੋਂ ਕਾਰੋਬਾਰੀ ਢੱਲ ਦੀ ਅਰਜ਼ੀ ’ਤੇ ਤੁਰੰਤ ਸੁਣਵਾਈ ਤੋਂ ਇਨਕਾਰ
ਨਵੀਂ ਦਿੱਲੀ, 24 ਸਤੰਬਰ
ਸੁਪਰੀਮ ਕੋਰਟ ਨੇ ਅੱਜ ਕਾਰੋਬਾਰੀ ਅਮਨਦੀਪ ਸਿੰਘ ਢੱਲ ਦੀ ਉਸ ਅਪੀਲ ’ਤੇ ਤੁਰੰਤ ਸੁਣਵਾਈ ਤੋਂ ਨਾਂਹ ਕਰ ਦਿੱਤੀ, ਜਿਸ ਵਿੱਚ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ’ਚ ਉਸ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ।
ਢੱਲ ਵੱਲੋਂ ਪੇਸ਼ ਵਕੀਲ ਅਭਿਸ਼ੇਕ ਸਿੰਘਵੀ ਨੇ ਅਪੀਲ ’ਤੇ ਜਲਦੀ ਸੁਣਵਾਈ ਕਰਨ ਦੀ ਅਪੀਲ ਕੀਤੀ ਜਿਸ ਨੂੰ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨਾਮਨਜ਼ੂਰ ਕਰ ਦਿੱਤਾ। ਬੈਂਚ ਨੇ ਆਖਿਆ, ‘ਸਾਨੂੰ ਹੋਰ ਗਰੀਬ ਮੁਕੱਦਮੇਬਾਜ਼ਾਂ ਬਾਰੇ ਵੀ ਸੋਚਣਾ ਪਵੇਗਾ। ਅਸੀਂ ਸਿਖਰਲੀ ਅਦਾਲਤ ਦੀ ਪ੍ਰਕਿਰਿਆ ਨੂੰ ਦਰਕਿਨਾਰ ਨਹੀਂ ਕਰ ਸਕਦੇ।’ ਸਿੰਘਵੀ ਨੇ ਬੈਂਚ ਨੂੰ ਦੱਸਿਆ, ‘ਢੱਲ ਲੰਮੇ ਸਮੇਂ ਤੋਂ ਹਿਰਾਸਤ ’ਚ ਹੈ। ਹਾਲਾਂਕਿ ਈਡੀ ਵੱਲੋਂ ਦਰਜ ਮਨੀ ਲਾਂਡਰਿੰਗ ਦੇ ਮਾਮਲੇ ’ਚ ਉਸ ਨੂੰ ਜ਼ਮਾਨਤ ਮਿਲ ਗਈ ਹੈ। ਮੈਂ ਅੰਤਰਿਮ ਜ਼ਮਾਨਤ ਦੀ ਅਪੀਲ ਕਰ ਰਿਹਾ ਹਾਂ।’ ਅਦਾਲਤ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਅਕਤੂਬਰ ਦੇ ਦੂਜੇ ਹਫ਼ਤੇ ਸੁਣਵਾਈ ਕਰੇਗੀ। ਦੱਸਣਯੋਗ ਹੈ ਕਿ ਅਦਾਲਤ ਨੇ 17 ਸਤੰਬਰ ਨੂੰ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਢੱਲ ਦੀ ਅਰਜ਼ੀ ’ਤੇ ਜਵਾਬ ਮੰਗਿਆ ਸੀ ਅਤੇ ਮਾਮਲੇ ਦੀ ਸੁਣਵਾਈ ਨਵੰਬਰ ’ਚ ਤੈਅ ਕੀਤੀ ਸੀ। ਸੀਬੀਆਈ ਨੇ ਢੱਲ ਨੂੰ ਪਿਛਲੇ ਸਾਲ ਅਪਰੈਲ ਮਹੀਨੇ ਗ੍ਰਿਫ਼ਤਾਰ ਕੀਤਾ ਸੀ। -ਪੀਟੀਆਈ