ਜਾਅਲੀ ਸਰਟੀਫਿਕੇਟ ਮਾਮਲਾ: ਪੰਜਾਬ ਬੰਦ ਦੇ ਸੱਦੇ ਤਹਿਤ ਲਾਮਬੰਦੀ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 6 ਜੂਨ
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐੱਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਅੱਜ 48ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਵੱਖ-ਵੱਖ ਦਲਿਤ ਸੰਗਠਨਾਂ ਨੇ ਮੁਹਾਲੀ ਵਿੱਚ ਰੋਸ ਮਾਰਚ ਕੀਤਾ ਅਤੇ ਜ਼ਿੰਮੇਵਾਰ ਅਫ਼ਸਰਾਂ ਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਅੱਜ ਧਰਨੇ ਵਿੱਚ ਐੱਸਸੀ/ਬੀਸੀ ਗਜ਼ਟਿਡ ਅਤੇ ਨਾਨ-ਗਜ਼ਟਿਡ ਐਂਪਲਾਈਜ ਫੈਡਰੇਸ਼ਨ ਪੰਜਾਬ ਦੇ ਚੇਅਰਮੈਨ ਬਲਰਾਜ ਕੁਮਾਰ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕਰਕੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਇਸ ਮੌਕੇ ਪ੍ਰੋ. ਹਰਨੇਕ ਸਿੰਘ, ਪ੍ਰੋ. ਸਰਬਜੀਤ ਸਿੰਘ, ਬਲਬੀਰ ਸਿੰਘ ਆਲਮਪੁਰ ਅਤੇ ਲਖਵੀਰ ਸਿੰਘ ਬੌਬੀ ਨੇ ਕਿਹਾ ਕਿ ਬੀਤੀ 20 ਅਪਰੈਲ ਤੋਂ ਦਲਿਤ ਸੰਗਠਨ ਡਾਇਰੈਕਟਰ ਦਫ਼ਤਰ ਦੇ ਬਾਹਰ ਲੜੀਵਾਰ ਧਰਨੇ ‘ਤੇ ਬੈਠੇ ਹਨ ਪਰ ਹੁਣ ਤੱਕ ਅਧਿਕਾਰੀਆਂ ਦੇ ਕੰਨ ‘ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਐਲਾਨ ਕੀਤਾ ਕਿ ਹੁਣ ਤੱਕ ਜਾਅਲੀ ਐੱਸਸੀ ਸਰਟੀਫਿਕੇਟਾਂ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਹਾਸਲ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਲੈਣ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
ਇਨ੍ਹਾਂ ਬਾਰੇ ਜਲਦੀ ਹੀ ਤੱਥਾਂ ਦੇ ਆਧਾਰ ‘ਤੇ ਅਹਿਮ ਖ਼ੁਲਾਸੇ ਕੀਤੇ ਜਾਣਗੇ ਅਤੇ ਜਦੋਂ ਤੱਕ ਜ਼ਿੰਮੇਵਾਰ ਅਫ਼ਸਰਾਂ ਅਤੇ ਸਬੰਧਤ ਵਿਅਕਤੀਆਂ ਨੂੰ ਫੜ ਕੇ ਜੇਲ੍ਹਾਂ ਵਿੱਚ ਨਹੀਂ ਡੱਕਿਆ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ 9 ਜੂਨ ਨੂੰ ਦਲਿਤ ਸੰਗਠਨਾਂ ਦੇ ਮੋਹਰੀ ਆਗੂਆਂ ਦੀ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਇਸ ਮਸਲੇ ਦਾ ਪੱਕਾ ਹੱਲ ਨਹੀਂ ਹੋਇਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।