ਫੋਕੇ ਦਾਅਵਿਆਂ ਨਾਲ ਨਸ਼ਿਆਂ ਦਾ ਖ਼ਾਤਮਾ ਨਹੀਂ ਹੋ ਸਕਦੈ: ਮਨੀਸ਼ ਤਿਵਾੜੀ
ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ(ਮੁਹਾਲੀ), 5 ਨਵੰਬਰ
ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਆਪਣੇ ਸੰਸਦੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਗ੍ਰਾਂਟ ਨਾਲ ਪਿੰਡ ਨੰਡਿਆਲੀ ਵਿੱਚ ਸਥਾਪਤਿ ਓਪਨ ਏਅਰ ਜਿਮ ਦਾ ਉਦਘਾਟਨ ਕੀਤਾ।
ਇਸ ਦੌਰਾਨ ਉਨ੍ਹਾਂ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਸੂਬਾ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਕੰਮ ਜ਼ਮੀਨੀ ਪੱਧਰ ’ਤੇ ਹੋਣੇ ਚਾਹੀਦੇ ਹਨ, ਨਾ ਕਿ ਸਿਰਫ਼ ਦਾਅਵੇ ਹੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਮਾਰ ਲਗਾਤਾਰ ਵਧ ਰਹੀ ਹੈ। ਉਨ੍ਹਾਂ ਮੌਜੂਦਾ ਸਰਕਾਰ ਤੇ ਵਿਕਾਸ ਕੰਮ ਠੱਪ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਡੇਢ ਸਾਲਾਂ ਤੋਂ ਕੋਈ ਵਿਕਾਸ ਕੰਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸਭ ਤੋਂ ਵੱਧ ਵਿਕਾਸ ਕਾਰਜ ਪਿਛਲੀ ਕਾਂਗਰਸ ਸਰਕਾਰ ਸਮੇਂ ਹੋਏ ਹਨ। ਇਸ ਮੌਕੇ ਸ੍ਰੀ ਤਿਵਾੜੀ ਨੇ ਕਿਹਾ ਕਿ ਸੰਸਦੀ ਹਲਕੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਹੀ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਹੀ ਢੰਗ ਨਾਲ ਨਿਭਾ ਸਕਦਾ ਹੈ। ਇਸ ਤੋਂ ਇਲਾਵਾ, ਇਹ ਓਪਨ ਏਅਰ ਜਿੰਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।
ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਮੋਹਣ ਸਿੰਘ ਬਠਲਾਣਾ, ਸੀਨੀਅਰ ਕਾਂਗਰਸੀ ਆਗੂ ਮਨਜੋਤ ਸਿੰਘ, ਸਰਪੰਚ ਗੁਰਵਿੰਦਰ ਸਿੰਘ ਮੰਡੇਰ, ਜਗਤਾਰ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਚਰਨਜੀਤ ਸਿੰਘ, ਰਜਿੰਦਰ ਸਿੰਘ ਧਰਮਗੜ੍ਹ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।