ਨਕਲੀ ਬੀਜ ਵੇਚਣ ਵਾਲੇ ਬਖ਼ਸ਼ੇ ਨਹੀਂ ਜਾਣਗੇ: ਖੁੱਡੀਆਂ
ਖੇਤਰੀ ਪ੍ਰਤੀਨਿਧ
ਲੁਧਿਆਣਾ, 24 ਜੂਨ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਕਲੀ ਬੀਜਾਂ ਕਾਰਨ ਕਿਸਾਨਾਂ ਨੂੰ ਹਰ ਸਾਲ ਕਰੋੜਾਂ ਰੁਪਏ ਦਾ ਨੁਕਸਾਨ ਹੁੰਦਾ ਹੈ। ਕਿਸਾਨਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਨਕਲੀ ਬੀਜ ਵੇਚਣ ਵਾਲਿਆਂ ‘ਤੇ ਸ਼ਿਕੰਜਾ ਕੱਸਿਆ ਜਾਵੇਗਾ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸੂਬੇ ਦੇ ਕਿਸਾਨਾਂ ਨੂੰ ਨਾ ਸਿਰਫ ਜਾਗਰੂਕ ਕਰਨ ਲਈ ਸੂਚਨਾ ਪਸਾਰ ਲਈ ਨਵੇਂ ਢੰਗ ਵਰਤੇ ਜਾਣਗੇ ਸਗੋਂ ਖੇਤੀਬਾੜੀ ਵਿਗਿਆਨੀਆਂ ਵੱਲੋਂ ਕੀਤੀਆਂ ਨਵੀਆਂ ਖੋਜਾਂ ਨੂੰ ਵੀ ਕਿਸਾਨਾਂ ਤੱਕ ਪਹੁੰਚਾਇਆ ਜਾਵੇਗਾ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਪਲੇਠੇ ਦੌਰੇ ਮੌਕੇ ਸ੍ਰੀ ਖੁੱਡੀਆਂ ਨੇ ਵਿਗਿਆਨੀਆਂ ਨੂੰ ਹਾਸ਼ੀਆਗਤ ਤੇ ਦਰਮਿਆਨੇ ਕਿਸਾਨਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਆਖਿਆ। ਇਸ ਮੌਕੇ ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਅਤੇ ਵੈਟਰਨਰੀ ‘ਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਵੀ ਮੌਜੂਦ ਸਨ। ਡਾ. ਗੋਸਲ ਨੇ ਦੱਸਿਆ ਕਿ ਯੂਨੀਵਰਸਿਟੀ ਪਸ਼ੂਆਂ ਦੀਆਂ ਨਸਲਾਂ ਵਿਚ ਸੁਧਾਰ ਕਰਕੇ ਵੱਧ ਉਤਪਾਦਨ ਕਰਨ ਲਈ ਯਤਨਸ਼ੀਲ ਹੈ। ਕੈਬਨਿਟ ਮੰਤਰੀ ਖੁੱਡੀਆਂ ਨੇ ਪੀਏਯੂ ਨੂੰ ਖੇਤੀਬਾੜੀ ਵਿਭਾਗ ਨਾਲ ਮਿਲ ਕੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਖੋਜ ਅਤੇ ਪਸਾਰ ਯਤਨਾਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਮੱਛੀ ਪਾਲਣ ਫਾਰਮ, ਡੇਅਰੀ ਫਾਰਮ ਅਤੇ ਪਸ਼ੂ ਹਸਪਤਾਲ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਸੇਮ ਵਾਲੇ ਖੇਤਰਾਂ ਵਿਚ ਝੀਂਗਾ ਮੱਛੀ ਪਾਲਣ ਸਬੰਧੀ ‘ਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪਸ਼ੂ ਹਸਪਤਾਲ ਦੇ ਦੌਰੇ ਦੌਰਾਨ ਸ੍ਰੀ ਖੁੱਡੀਆਂ ਨੂੰ ਪਸ਼ੂ ਇਲਾਜ ਸਬੰਧੀ ਤਕਨੀਕਾਂ, ਤਕਨਾਲੋਜੀਆਂ, ਮਸ਼ੀਨਾਂ ਅਤੇ ਪ੍ਰਯੋਗਸ਼ਾਲਾਵਾਂ ਵਿਖਾਈਆਂ ਗਈਆਂ। ਇਸ ਮੌਕੇ ਹਸਪਤਾਲ ਵਿਚ ਯੂਨੀਵਰਸਿਟੀ ਦੀਆਂ ਸੇਵਾਵਾਂ ਅਤੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।