ਸਿੱਖ ਸੰਸਥਾਵਾਂ ਖ਼ਿਲਾਫ਼ ਕੀਤਾ ਜਾ ਰਿਹੈ ਝੂਠਾ ਪ੍ਰਚਾਰ: ਕਾਲਕਾ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 23 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਲੈ ਕੇ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਮਾਮਲੇ ਦੀ ਸ਼ਿਕਾਇਤ ਦਿੱਲੀ ਪੁਲੀਸ ਕੋਲ ਦਰਜ ਕਰਵਾਈ ਹੈ ਅਤੇ ਕਿਹਾ ਕਿ ਸਰਨਾ ਭਰਾਵਾਂ ਵੱਲੋਂ ਕਥਿਤ ਤੌਰ ’ਤੇ ਕੌਮ ਦੀਆਂ ਸੰਸਥਾਵਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਹੈ। 7ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਵੀ ਸਟਾਫ ਵਾਸਤੇ ਲਾਗੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਕਮੇਟੀ ਨੂੰ ਇਕ ਈਮੇਲ ਦਿੱਲੀ ਪਬਲਿਕ ਸਕੂਲ ਇੰਟਰਨੈਸ਼ਨਲ ਸੁਸਾਇਟੀ (ਡੀਪੀਆਈਐੱਸ) ਤੋਂ ਪ੍ਰਾਪਤ ਹੋਈ, ਜਿਸ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦਾ ਪ੍ਰਬੰਧ ਸੰਭਾਲਣ ਦੀ ਗੱਲ ਕੀਤੀ ਗਈ। ਕਾਲਕਾ ਨੇ ਕਿਹਾ ਕਿ ਉਨ੍ਹਾਂ ਕਦੇ ਵੀ ਇਸ ਸੁਸਾਇਟੀ ਜਾਂ ਕਿਸੇ ਵੀ ਹੋਰ ਸੁਸਾਇਟੀ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੌਂਪਣ ਦੀ ਪੇਸ਼ਕਸ਼ ਨਹੀਂ ਕੀਤੀ।
ਉਨ੍ਹਾਂ ਦੱਸਿਆ ਕਿ ਜਦੋਂ ਡੂੰਘਾਈ ਨਾਲ ਪੜਤਾਲ ਕੀਤੀ ਤਾਂ ਸਾਹਮਣੇ ਆਇਆ ਕਿ ਕੁਝ ਵਕੀਲ ਜਿਨ੍ਹਾਂ ਨਾਲ ਪਹਿਲਾਂ ਹੀ ਕਮੇਟੀ ਦਾ ਅਦਾਲਤਾਂ ਵਿਚ ਕੇਸ ਚੱਲ ਰਿਹਾ ਹੈ, ਵੱਲੋਂ ਇਸ ਸਬੰਧੀ ਖਬਰਾਂ ਪ੍ਰਕਾਸ਼ਤ ਕਰਵਾਈਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਉਨ੍ਹਾਂ ਹੁਣ ਦਿੱਲੀ ਪਬਲਿਕ ਸਕੂਲ ਦੀ ਮੈਨੇਜਮੈਂਟ ਤੋਂ ਪੁੱਛਿਆ ਹੈ ਕਿ ਕੀ ਇਹ ਤਜਵੀਜ਼ ਤੁਸੀਂ ਭੇਜੀ ਹੈ ਅਤੇ ਜੇਕਰ ਭੇਜੀ ਹੈ ਤਾਂ ਕਿਸ ਦੇ ਕਹਿਣ ’ਤੇ ਭੇਜੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਸ਼ਿਕਾਇਤ ਦੇ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਕੇ ਐਫਆਈਆਰ ਦਰਜ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਥਿਤ ਤੌਰ ’ਤੇ ਸਰਨਾ ਭਰਾ ਹੀ ਕਮੇਟੀ ਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਬਦਨਾਮੀ ਵਾਸਤੇ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਨਵੰਬਰ ਤੋਂ ਜਨਵਰੀ ਮਹੀਨੇ ਤੱਕ ਸਕੂਲਾਂ ਵਿਚ ਦਾਖਲੇ ਦਾ ਸਮਾਂ ਹੁੰਦਾ ਹੈ ਤਾਂ ਸਰਨਾ ਭਰਾ ਤੇ ਉਨ੍ਹਾਂ ਦੇ ਨਵੇਂ ਬਣੇ ਸਾਥੀ ਮਨਜੀਤ ਸਿੰਘ ਜੀਕੇ ਦਿੱਲੀ ਗੁਰਦੁਆਰਾ ਕਮੇਟੀ ਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਤੇ ਕੌਮ ਦੀਆਂ ਹੋਰ ਸੰਸਥਾਵਾਂ ਦੇ ਖਿਲਾਫ ਕੂੜ ਪ੍ਰਚਾਰ ਕਰਦੇ ਨਜ਼ਰ ਆਉਂਦੇ ਹਨ।