ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਮਿਲਣਗੀਆਂ ਨੌਕਰੀਆਂ: ਡੀਸੀ
ਪੱਤਰ ਪ੍ਰੇਰਕ
ਅੰਮ੍ਰਿਤਸਰ, 20 ਸਤੰਬਰ
ਜ਼ਿਲ੍ਹਾ ਪ੍ਰਸਾਸ਼ਨ ਨੇ ਕਿਹਾ ਹੈ ਕਿ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਜਿਹੜੇ ਪਰਿਵਾਰ ਸਰਕਾਰੀ ਨੌਕਰੀ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਨੂੰ ਵੀ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਡੀਸੀ ਸਾਕਸ਼ੀ ਸਾਹਨੀ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਡੀਸੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ। ਕਿਸਾਨ ਸੰਘਰਸ਼ ਮਜਦੂਰ ਕਮੇਟੀ ਵੱਲੋਂ ਨੈਸ਼ਨਲ ਹਾਈਵੇਅ ਨਾਲ ਸਬੰਧਤ ਮੰਗਾਂ ਦਾ ਜ਼ਿਕਰ ਕੀਤਾ ਗਿਆ ਜਿਸ ’ਤੇ ਡੀਸੀ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਨਾਲ ਮਿਲ ਕੇ ਪਿੰਡ ਪੱਧਰ ’ਤੇ ਕੈਂਪ ਲਾ ਕੇ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ਤੇ ਬਣਦਾ ਮੁਆਵਜ਼ਾ ਦਿਵਾਇਆ ਜਾਵੇਗਾ। ਕਿਸਾਨਾਂ ਵੱਲੋਂ ਡੀਏਪੀ ਖਾਦ ਤੇ ਸੰਦਾਂ ਦੀ ਘਾਟ ਬਾਰੇ ਵੀ ਦੱਸਿਆ ਗਿਆ ਜਿਸ ’ਤੇ ਡੀਸੀ ਨੇ ਕਿਹਾ ਕਿ ਹਰ ਸਹਿਕਾਰੀ ਸੁਸਾਇਟੀ ਨੂੰ ਸਟਾਕ ਦਾ ਡਿਸਪਲੇਅ ਬੋਰਡ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ। ਕਿਸਾਨਾਂ ਨੇ ਪਿੰਡ ਪੱਧਰ ਤੱਕ ਫੈਲੇ ਨਸ਼ੇ ਬਾਰੇ ਚਿੰਤਾ ਪ੍ਰਗਟਾਈ ਜਿਸ ’ਤੇ ਐੱਸਐੱਸਪੀ ਦਿਹਾਤੀ ਚਰਨਜੀਤ ਸਿੰਘ ਨੇ ਕਿਹਾ ਕਿ ਪੁਲੀਸ ਨਸ਼ਾ ਸਮਗਲਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ।