ਫਰੀਦਕੋਟ ਪੁਲੀਸ ਨੇ ਤਸਕਰਾਂ ਖ਼ਿਲਾਫ਼ ਚਲਾਈ ਤਲਾਸ਼ੀ ਮੁਹਿੰਮ
ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 18 ਜੂਨ
ਜ਼ਿਲ੍ਹਾ ਪੁਲੀਸ ਨੇ ਵੱਖ-ਵੱਖ ਥਾਈਂ ਛਾਪੇ ਮਾਰ ਕੇ 11 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੂਚਨਾ ਅਨੁਸਾਰ ਫਰੀਦਕੋਟ ਪੁਲੀਸ ਦੀ 100 ਤੋਂ ਵੱਧ ਮੈਂਬਰਾਂ ਦੀ ਟੀਮ ਨੇ ਫਰੀਦਕੋਟ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੱਖ-ਵੱਖ ਘਰਾਂ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਪੁਲਿਸ ਨੂੰ ਰਵੀ ਸਿੰਘ, ਗੁਰਪ੍ਰੀਤ ਸਿੰਘ, ਸਤਪਾਲ ਸਿੰਘ, ਮਨਦੀਪ ਸਿੰਘ, ਸਮੀਰ ਸਿੰਘ, ਲਲਿਤ ਕੁਮਾਰ, ਸੁਖਵਿੰਦਰ ਸਿੰਘ ਅਤੇ ਇੱਕ ਔਰਤ ਤੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਪੁਲੀਸ ਨੇ ਇਨ੍ਹਾਂ ਖਿਲਾਫ਼ ਪਰਚਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਲਾਕਾ ਮੈਜਿਸਟ੍ਰੇਟ ਫਰੀਦਕੋਟ ਨੇ ਫੜੇ ਗਏ ਸਾਰੇ ਵਿਅਕਤੀਆਂ ਨੂੰ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜਣ ਦਾ ਹੁਕਮ ਦਿੱਤਾ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਪੁਲੀਸ ਨਸ਼ਾ ਤਸਕਰਾਂ ਦੀ ਭਾਲ ਵਿੱਚ ਵੱਖ-ਵੱਖ ਥਾਈਂ ਛਾਪੇਮਾਰੀ ਕਰ ਰਹੀ ਹੈ ਅਤੇ ਵਿਸ਼ੇਸ਼ ਨਾਕਾਬੰਦੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਪਲਾਈ ਦੀ ਲੜੀ ਤੋੜਨ ਲਈ ਪੁਲੀਸ ਦੀ ਵਿਸ਼ੇਸ਼ ਟੀਮ ਲਗਾਤਾਰ ਸਰਗਰਮ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਖਿਲਾਫ਼ ਚੇਤਨ ਕਰਨ ਲਈ ਪੁਲੀਸ ਦੀਆਂ ਟੀਮਾਂ ਰਿਹਾਇਸ਼ੀ ਇਲਾਕਿਆਂ ਅਤੇ ਪਿੰਡਾਂ ਵਿੱਚ ਵੀ ਜਾ ਰਹੀਆਂ ਹਨ। ਪੁਲੀਸ ਅਧਿਕਾਰੀ ਨੇ ਕਿਹਾ ਕਿ ਨਸ਼ੇ ਖ਼ਿਲਾਫ਼ ਪੁਲਿਸ ਹੁਣ ਆਰ-ਪਾਰ ਦੀ ਲੜਾਈ ਲੜ ਰਹੀ ਹੈ।