ਖੇਤ ਮਜ਼ਦੂਰਾਂ ਵੱਲੋਂ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ
ਮਨੋਜ ਸ਼ਰਮਾ
ਬਠਿੰਡਾ, 24 ਜੁਲਾਈ
ਰੁਜ਼ਗਾਰ ਗਾਰੰਟੀ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਤੇ ਮਕਾਨ ਉਸਾਰੀ ਲਈ ਗ੍ਰਾਂਟਾਂ ਦੇਣ, ਪੈਨਸ਼ਨਾਂ ਦੀ ਰਾਸ਼ੀ ਵਧਾ ਕੇ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਚੋਣ ਗਾਰੰਟੀ ਮੁਤਾਬਕ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਤਹਿਤ ਰਸੋਈ ਵਰਤੋਂ ਦੀਆਂ ਵਸਤਾਂ ਸਸਤੇ ਭਾਅ ਡਿੱਪੂਆਂ ’ਤੇ ਦੇਣ ਅਤੇ ਕਾਲਜਾਂ ਚ ਦਾਖ਼ਲ ਹੋਣ ਵਾਲੇ ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣਾ ਬੰਦ ਕਰਨ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 18 ਅਗਸਤ ਨੂੰ ‘ਆਪ’ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ। ਇਹ ਜਾਣਕਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਵੱਲੋਂ ਪਿੰਡ ਜੀਦਾ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਕਮੇਟੀ ਮੀਟਿੰਗ ਉਪਰੰਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਵਿੱਤ ਸਕੱਤਰ ਹਰਮੇਸ਼ ਮਾਲੜੀ ਤੋਂ ਇਲਾਵਾ ਸੂਬਾ ਕਮੇਟੀ ਮੈਂਬਰ ਮੇਜਜਰ ਸਿੰਘ ਕਾਲੇਕੇ, ਬਲਵੰਤ ਸਿੰਘ ਬਾਘਾਪੁਰਾਣਾ ਤੇ ਗੁਰਪਾਲ ਸਿੰਘ ਨੰਗਲ ਮੌਜੂਦ ਸਨ। ਇਸ ਮੌਕੇ ਖੇਤ ਮਜ਼ਦੂਰ ਆਗੂਆਂ ਨੇ ਦੱਸਿਆ ਕਿ 18 ਅਗਸਤ ਨੂੰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਬਲਕਾਰ ਸਿੰਘ, ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਇੱਕ ਰੋਜ਼ਾ ਧਰਨੇ ਦਿੱਤੇ ਜਾਣਗੇ ਜਦੋਂ ਕਿ ਉਸੇ ਦਿਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲਗਾਤਾਰ ਦਾ ਧਰਨਾ ਸ਼ੁਰੂ ਕੀਤਾ ਜਾਵੇਗਾ।
ਅੱਜ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕਣਗੇ ਮਜ਼ਦੂਰ
ਬਠਿੰਡਾ: ਇਥੇ ਟੀਚਰ ਹੋਮ ਬਠਿੰਡਾ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਸੂਬਾ ਪੱਧਰੀ ਜਰਨਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਦਲਿਤਾਂ ਦੀ ਹੋ ਰਹੀ ਲੁੱਟ ਅਤੇ ਸਮਾਜਿਕ ਜਬਰ ਦੇ ਖ਼ਾਤਮੇ ਲਈ 1 ਅਗਸਤ ਤੋਂ 10 ਸਤੰਬਰ ਤੱਕ ਪਿੰਡਾਂ ਸ਼ਹਿਰਾਂ ਅੰਦਰ ਲਾਮਬੰਦੀ ਮੁਹਿੰਮ ਚਲਾਉਣ ਦਾ ਜਿਥੇ ਐਲਾਨ ਕੀਤਾ। ਉਥੇ ਭਾਜਪਾ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿਚੋਂ ਪੰਜਾਬ ਅਤੇ ਮਜ਼ਦੂਰਾਂ ਨੂੰ ਨਜ਼ਰ ਅੰਦਾਜ਼ ਕਰਨ ਖ਼ਿਲਾਫ਼ 25 ਜੁਲਾਈ ਨੂੰ ਮੋਦੀ ਸਰਕਾਰ ਦੀਆਂ ਸੂਬੇ ਭਰ ਵਿੱਚ ਅਰਥੀਆਂ ਸਾੜਨ ਦਾ ਵੀ ਐਲਾਨ ਕੀਤਾ ਹੈ। ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਅੱਜ ਵੀ ਮਜ਼ਦੂਰਾਂ ਨੂੰ ਜਾਤੀ ਨਫ਼ਰਤ ਅਤੇ ਵਿਤਕਰੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਭੀਮ ਆਰਮੀ ਦੇ ਕੌਮੀ ਸਕੱਤਰ ਹਿਤੇਸ਼ ਮਾਹੀ ਨੇ ਕਿਹਾ ਕਿ ਸਾਮਰਾਜੀ ਲੁੱਟ ਅਤੇ ਮਨੂੰਵਾਦੀ ਤਾਕਤਾਂ ਖਿਲਾਫ਼ ਦੇਸ਼ ਵਿਆਪੀ ਦਲਿਤ ਲਹਿਰ ਖੜ੍ਹੀ ਕੀਤੀ ਜਾਵੇਗੀ।