ਖੇਤ ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਅੱਜ
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 30 ਸਤੰਬਰ
ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਖੇਤ ਮਜ਼ਦੂਰਾਂ ਵੱਲੋਂ ਪਹਿਲੀ ਅਕਤੂਬਰ ਨੂੰ ਲਗਾਏ ਜਾ ਰਹੇ ਧਰਨੇ ਦੀਆਂ ਤਿਆਰੀਆਂ ਵਜੋਂ ਅੱਜ ਪਿੰਡ ਟਿੱਬੀ ਰਵਿਦਾਸਪੁਰਾ ਵਿੱਚ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਹੋਈ। ਸੰਗਰੂਰ, ਸੁਨਾਮ ਤੇ ਦਿੜ੍ਹਬਾ ਦੇ ਇਲਾਕਿਆਂ ’ਚੋਂ ਇਕੱਠੇ ਹੋਏ ਖੇਤ ਮਜ਼ਦੂਰਾਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈਕੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਜ਼ਦੂਰ ਆਗੂ ਧਰਮਪਾਲ ਨਮੋਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਕਾਲਾਝਾੜ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਦੇ ਨੁਮਾਇੰਦੇ ਮਜ਼ਦੂਰਾਂ ਨਾਲ ਮੀਟਿੰਗਾਂ ਦਾ ਸਮਾਂ ਦੇਕੇ ਕਈ ਵਾਰ ਮੁੱਕਰੇ ਹਨ। ਉਨ੍ਹਾਂ ਮਜ਼ਦੂਰ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਜਿਵੇਂ ਕਿ ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਵਾਉਣ, ਮਨਰੇਗਾ ਦੀ ਦਿਹਾੜੀ ਵਿੱਚ ਵਾਧਾ ਕਰਵਾਉਣ ਅਤੇ ਸਾਲ ਭਰ ਲਈ ਕੰਮ ਲਈ ਇੱਕ ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ।