ਮਿੱਥਿਆ ਭਾਅ ਨਾ ਮਿਲਣ ਕਾਰਨ ਖੇਤ ਮਜ਼ਦੂਰਾਂ ਵੱਲੋਂ ਮੁਜ਼ਾਹਰਾ
ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 25 ਜੁਲਾਈ
ਝੋਨੇ ਦੀ ਲੁਆਈ ਦਾ ਮਿੱਥਿਆ ਰੇਟ ਨਾ ਮਿਲਣ ਤੋਂ ਭੜਕੇ ਖੇਤ ਮਜ਼ਦੂਰਾਂ ਵੱਲੋਂ ਅੱਜ ਸੁਨਾਮ ਨੇੜਲੇ ਪਿੰਡ ਰਾਮਗੜ੍ਹ ਜਵੰਧਾ ਵਿੱਚ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਪਿੰਡ ਰਾਮਗੜ੍ਹ ਜਵੰਧਾ ਵਿੱਚ ਝੋਨੇ ਦੀ ਫ਼ਸਲ ਦੀ ਲੁਆਈ ਦਾ ਰੇਟ 35 ਸੌ ਰੁਪਏ ਪ੍ਰਤੀ ਏਕੜ ਤੈਅ ਕੀਤਾ ਗਿਆ ਸੀ ਪਰ ਹੁਣ ਜਦੋਂ ਹਿਸਾਬ-ਕਿਤਾਬ ਕਰਨਾ ਸੀ ਤਾਂ ਕੁਝ ਲੋਕ ਮਿਥਿਆ ਰੇਟ ਦੇਣ ਤੋਂ ਆਨਾਕਾਨੀ ਕਰ ਰਹੇ ਹਨ ਅਤੇ ਰੇਟ ਪੂਰਾ ਦੇਣ ਵਾਲੇ ਕਿਸਾਨਾਂ ਨੂੰ ਵੀ ਰੋਕ ਰਹੇ ਹਨ।
ਉਧਰ ਇਸ ਸਬੰਧੀ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਮਜ਼ਦੂਰ ਦਾ ਹੱਕ ਮਾਰਨ ਵਾਲੇ ਅਸਲਾਧਾਰਕ ਵਿਅਕਤੀ ਦਾ ਅਸਲਾ ਲਾਇਸੈਂਸ ਰੱਦ ਕਰ ਕੇ ਥਾਣੇ ਵਿੱਚ ਜ਼ਬਤ ਕਰਕੇ ਉਸ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਆਗੂ ਨੇ ਮੰਗ ਕੀਤੀ ਕਿ ਮਜ਼ਦੂਰਾਂ ਨੂੰ ਝੋਨੇ ਦੀ ਲੁਆਈ ਦਾ ਮਿਥਿਆ ਰੇਟ ਦਿਵਾਇਆ ਜਾਵੇ। ਆਗੂ ਨੇ ਕਿਹਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਜਥੇਬੰਦੀ ਵੱਲੋਂ ਸ਼ੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।