ਪਿੰਡ ਮਾਨੂਪੁਰ ਵਿੱਚ ਕਿਸਾਨ ਜਾਗਰੂਕਤਾ ਕੈਂਪ
ਪੱਤਰ ਪ੍ਰੇਰਕ
ਸਮਰਾਲਾ, 25 ਦਸੰਬਰ
ਪਿੰਡ ਮਾਨੂੰਪੁਰ ਵਿੱਚ ਸਾਬਕਾ ਸੀਨੀਅਰ ਵਿਗਿਆਨੀ ਪੀਏਯੂ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਕਿਸਾਨਾਂ ਨੂੰ ਕਣਕ ਵਿੱਚ ਖੁਰਾਕੀ ਤੱਤਾਂ ਦੀ ਘਾਟ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਸੁਰਜੀਤ ਸਿੰਘ ਨੇ ਆਖਿਆ ਕਿ ਕਿਸਾਨ ਬੇਲੋੜੀਆਂ ਖਾਦਾਂ ਦੀ ਵਰਤੋਂ ਨਾ ਕਰਨ। ਉਨ੍ਹਾਂ ਸੂਖਮ ਖੁਰਾਕੀ ਤੱਤਾ ਜਿਵੇਂ ਕਿ ਮੈਗਨੀਜ਼ ਦੀ ਘਾਟ ਅਤੇ ਉਸਦੀ ਪੂਰਤੀ ਦੇ ਸੁਝਾਅ ਦਿੱਤੇ। ਇਸ ਮੌਕੇ ਕਿਸਾਨਾਂ ਨੂੰ ਕਣਕ ਦੇ ਮੁੱਖ ਨਦੀਨ ਗੁੱਲੀ ਡੰਡੇ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਖੇਤੀਬਾੜੀ ਵਿਕਾਸ ਅਫ਼ਸਰ ਸਮਰਾਲਾ ਸੰਦੀਪ ਸਿੰਘ ਨੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਲੱਛਣ ਅਤੇ ਰੋਕਥਾਮ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫਾਰਸ਼ ਕੀਟਨਾਸ਼ਕ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਕੋਲ ਜਿਪਸਮ ਸਬਸਿਡੀ ’ਤੇ ਉਪਲਬਧ ਹੈ, ਜਿਨ੍ਹਾਂ ਕਿਸਾਨਾਂ ਦੇ ਜੇ ਫਾਰਮ ਆਨਲਾਈਨ ਹਨ, ਉਹ ਇੱਕ ਕਿਸਾਨ 25 ਬੈਗ ਜਿਪਸਮ ਖੇਤੀਬਾੜੀ ਵਿਭਾਗ ਤੋਂ ਸਬਸਿਡੀ ਵਾਲੇ ਰੇਟਾਂ ’ਤੇ ਲੈ ਸਕਦਾ ਹੈ। ਉਨ੍ਹਾਂ ਹੈਪੀਸੀਡਰ ਅਤੇ ਮਲਚਿੰਗ ਵਿਧੀ ਰਾਹੀਂ ਕਣਕ ਦੀ ਬਜਾਈ ਦੇ ਲਾਭ ਦੱਸੇ ਅਤੇ ਕਿਸਾਨ ਗੁਰਜੀਤ ਸਿੰਘ ਦੀ ਉਦਾਹਰਨ ਦਿੰਦਿਆਂ ਬਾਕੀ ਕਿਸਾਨਾਂ ਨੂੰ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ।