ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਨਵੰਬਰ ਦੇ ਪਹਿਲੇ ਹਫ਼ਤੇ ਖੇਤੀ ਨੀਤੀ ਜਾਰੀ ਕਰਨ ਦੀ ਮੰਗ
ਪੱਤਰ ਪ੍ਰੇਰਕ
ਮਾਨਸਾ, 11 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ 9 ਅਕਤੂਬਰ ਨੂੰ ਖੇਤੀਬਾੜੀ ਮੰਤਰੀ ਨਾਲ ਹੋਈ ਮੀਟਿੰਗ ਦੀ ਸਮੀਖਿਆ ਮਗਰੋਂ ਐਲਾਨ ਕੀਤਾ ਹੈ ਕਿ ਖੇਤੀ ਨੀਤੀ ਖਰੜੇ ਨੂੰ ਮਜ਼ਦੂਰ ਕਿਸਾਨ ਪੱਖੀ ਸੁਝਾਵਾਂ ਸਮੇਤ ਬਾਕਾਇਦਾ ਸਰਕਾਰੀ ਨੀਤੀ ਵਜੋਂ ਜਾਰੀ ਕਰਵਾਉਣ ਲਈ 6 ਨਵੰਬਰ ਨੂੰ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਮੁਜ਼ਾਹਰੇ ਕੀਤੇ ਜਾਣਗੇ ਅਤੇ ਉਸੇ ਦਿਨ ਅਗਲੇ ਸੰਘਰਸ਼ ਦੀ ਰੂਪ-ਰੇਖਾ ਐਲਾਨੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਇਹ ਨੀਤੀ ਸਾਰੀਆਂ ਧਿਰਾਂ ਦੇ ਸੁਝਾਅ ਲੈ ਕੇ ਨਵੰਬਰ ਦੇ ਪਹਿਲੇ ਹਫਤੇ ਜਾਰੀ ਕੀਤੀ ਜਾਵੇ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਭਾਵੇਂ ਖੇਤੀ ਨੀਤੀ ਜਾਰੀ ਕਰਨ ਲਈ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਸੀ ਪਰ ਖੇਤੀ ਨੀਤੀ ਪ੍ਰਤੀ ਸਰਕਾਰ ਦੇ ਟਾਲ ਮਟੋਲ ਵਾਲੇ ਰਵੱਈਏ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਹੁਣ ਇਸ ਨੂੰ ਨਵੰਬਰ ਦੇ ਪਹਿਲੇ ਹਫ਼ਤੇ ਤੱਕ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।