ਵਿਜੀਲੈਂਸ ਦੇ ਹੱਕ ’ਚ ਨਿੱਤਰੀਆਂ ਕਿਸਾਨ-ਮਜ਼ਦੂਰ ਜਥੇਬੰਦੀਆਂ
ਪਰਸ਼ੋਤਮ ਬੱਲੀ
ਬਰਨਾਲਾ, 29 ਨਬੰਵਰ
ਜ਼ਿਲ੍ਹੇ ਨਾਲ ਸਬੰਧਤ ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ ਦੋਸ਼ ਹੇਠ ਕਾਬੂ ਕੀਤੇ ਤਪਾ ਦੇ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਰੈਵੇਨਿਊ ਆਫਿਸਰ ਐਸੋਸੀਏਸ਼ਨ ਦੇ ਦਬਾਅ ਹੇਠ ਨਾ ਆਉਣ ਅਤੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੀ ਮੰਗ ਲਈ ਡੀਸੀ ਪੂਨਮਦੀਪ ਕੌਰ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ।
ਜਥੇਬੰਦੀਆਂ ਦੇ ਵਫ਼ਦ ’ਚ ਸ਼ਾਮਲ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਸਕੱਤਰ ਗੁਰਪ੍ਰੀਤ ਰੂੜੇਕੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਰਾਜ, ਬੀਕੇਯੂ ਡਕੌਂਦਾ ਦੇ ਸਿਕੰਦਰ ਸਿੰਘ ਭੂਰੇ, ਸੀਆਈਟੀਯੂ ਦੇ ਸ਼ੇਰ ਸਿੰਘ ਫਰਵਾਹੀ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਕਨਵੀਨਰ ਜਗਰਾਜ ਸਿੰਘ ਟੱਲੇਵਾਲ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਤਹਿਸੀਲਦਾਰ ਚਰਨਜੀਤ ਸਿੰਘ ਚੰਨੀ ਨੂੰ ਕਿਸਾਨ ਅਮਰੀਕ ਸਿੰਘ ਕੋਲੋਂ 20,000 ਹਜ਼ਾਰ ਦੀ ਕਥਿਤ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਵਿਭਾਗ ਬਰਨਾਲਾ ਨੇ ਰੰਗੇ ਹੱਥੀਂ ਫੜਿਆ ਸੀ। ਆਗੂਆਂ ਨੇ ਰੋਸ ਜ਼ਾਹਿਰ ਕੀਤਾ ਕਿ ਤਹਿਸੀਲਦਾਰ ਨੂੰ ਬਚਾਉਣ ਲਈ ਦਿ ਰੈਵੇਨਿਊ ਆਫਿਸਰ ਐਸੋਸੀਏਸ਼ਨ ਵੱਲੋਂ ਕੀਤੀ ਹੜਤਾਲ ਕਾਰਨ ਨਾਲ ਆਮ ਲੋਕਾਂ ਦੇ ਕੰਮ ਕਾਜ ਪ੍ਰਭਾਵਿਤ ਹੋ ਰਹੇ ਹਨ। ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਗ੍ਰਿਫ਼ਤਾਰ ਕੀਤੇ ਤਹਿਸੀਲਦਾਰ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਕਿਸਾਨ-ਮਜ਼ਦੂਰ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ। ਇਸ ਮੌਕੇ ਤਰਸੇਮ ਸਿੰਘ, ਸ਼ਿੰਦਰ ਸਿੰਘ ਭੁੱਲਰ ਤੇ ਮਲਕੀਤ ਸਿੰਘ ਆਦਿ ਆਗੂ ਵੀ ਹਾਜ਼ਰ ਸਨ।