ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਨੂੰ ਗੱਲਬਾਤ ਦਾ ਸੱਦਾ
ਚੰਡੀਗੜ੍ਹ, 31 ਦਸੰਬਰ
ਖਨੌਰੀ ਤੇ ਸ਼ੰਭੂ ਬਾਰਡਰਾਂ ’ਤੇ ਬੈਠੇ ਅੰਦੋਲਨਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ ਤਾਂ ਕਿ ਦੋਵਾਂ ਧਿਰਾਂ ਵਿਚ ਵਧਦੇ ਬੇਭਰੋਸਗੀ ਦੇ ਖੱਪੇ ਨੂੰ ਘਟਾਇਆ ਜਾ ਸਕੇ। ਕਿਸਾਨ ਆਗੂ ਅਭਿਮੰਨਿਊ ਕੋਹਾੜ ਨੇ ਕਿਸਾਨਾਂ ਦੇ ਮੁੱਦੇ ਉੱਤੇ ਸੁਪਰੀਮ ਕੋਰਟ ਵਿਚ ਚੱਲ ਰਹੀ ਸੁਣਵਾਈ ਦੇ ਹਵਾਲੇ ਨਾਲ ਕਿਹਾ, ‘‘ਅਸੀਂ ਇਸ ਦੀ ਸਮੀਖਿਆ ਕਰ ਰਹੇ ਹਾਂ। ਅਸੀਂ ਡੱਲੇਵਾਲ ਜੀ ਨਾਲ ਵੀ ਇਸ ਬਾਰੇ ਚਰਚਾ ਕਰਾਂਗੇ। ਉਨ੍ਹਾਂ ਦੇ ਮਰਨ ਵਰਤ ਨੂੰ 36 ਦਿਨ ਪੂਰੇ ਹੋ ਗਏ ਹਨ...ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ। ਅਸੀਂ ਆਸ ਕਰਦੇ ਹਾਂ ਕਿ ਸਾਡੇ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਕਿਸਾਨੀ ਮੰਗਾਂ ਸਵੀਕਾਰ ਕਰਨ ਸਬੰਧੀ ਕੇਂਦਰ ਸਰਕਾਰ ਨੂੰ ਲੋੜੀਂਦੀਆਂ ਹਦਾਇਤਾਂ ਕਰਨਗੀਆਂ।’’ ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਡੱਲੇਵਾਲ ਇਸ ਸ਼ਰਤ ’ਤੇ ਮੈਡੀਕਲ ਸਹਾਇਤਾ ਲੈਣ ਲਈ ਸਹਿਮਤ ਹੋ ਗਏ ਹਨ ਕਿ ਕੇਂਦਰ ਸਰਕਾਰ ਉਨ੍ਹਾਂ ਦੀ ਗੱਲਬਾਤ ਦੀ ਤਜਵੀਜ਼ ਨੂੰ ਸਵੀਕਾਰ ਕਰੇ।
ਕੋਹਾੜ ਨੇ ਕਿਹਾ ਕਿ ਗੱਲਬਾਤ ਜ਼ਰੀਏ ਮਸਲੇ ਨੂੰ ਨਿਬੇੜਿਆ ਜਾ ਸਕਦਾ ਹੈ। ਕਿਸਾਨ ਆਗੂ ਨੇ ਕਿਹਾ, ‘‘ਜਦੋ ਸਾਡੇ ਪ੍ਰਧਾਨ ਮੰਤਰੀ ਵਿਦੇਸ਼ ਜਾਂਦੇ ਹਨ, ਉਹ ਕਹਿੰਦੇ ਹਨ ਕਿ ਵੱਡੇ ਮਸਲਿਆਂ ਨੂੰ ਗੱਲਬਾਤ ਰਾਹੀਂ ਸੁਲਝਾਇਆ ਜਾ ਸਕਦਾ ਹੈ। ਕਿਸਾਨ ਇਸ ਦੇਸ਼ ਦੇ ਨਾਗਰਿਕ ਹਨ ਤੇ ਗੱਲਬਾਤ ਹੋਣੀ ਚਾਹੀਦੀ ਹੈ। ਇਸ ਗੱਲਬਾਤ ਨਾਲ ਕਿਸਾਨ ਭਾਈਚਾਰੇ ਤੇ ਸਰਕਾਰ ਦਰਮਿਆਨ ਬਣਿਆ ਬੇਭਰੋੋਸਗੀ ਦਾ ਪਾੜਾ ਘਟੇਗਾ। ਜਦੋਂ ਇਹ ਬੇਭਰੋਸਗੀ ਘਟੀ, ਚੀਜ਼ਾ ਖ਼ੁਦ ਬਖੁ਼ਦ ਅੱਗੇ ਵਧਣਗੀਆਂ।’’ ਚੇਤੇ ਰਹੇ ਕਿ ਸੁਪਰੀਮ ਕੋਰਟ ਨੇ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal), ਜੋ ਕਿ ਪਿਛਲੇ 35 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਹਨ, ਨੂੰ ਹਸਪਤਾਲ ਤਬਦੀਲ ਕਰਨ ਬਾਰੇ ਆਪਣੀ ਸੁਣਵਾਈ 2 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਸਿਖਰਲੀ ਅਦਾਲਤ ਡੱਲੇਵਾਲ ਨੂੰ ਹਸਪਤਾਲ ਵਿਚ ਦਾਖ਼ਲ ਕਰਾਉਣ ਦੇ ਆਪਣੇ ਹੁਕਮਾਂ ਦੀ ਪੰਜਾਬ ਸਰਕਾਰ ਵੱਲੋਂ ਤਾਮੀਲ ਨਾ ਕੀਤੇ ਜਾਣ ਦੇ ਦੋਸ਼ ਹੇਠ ਹੱਤਕ ਅਦਾਲਤ ਮਾਮਲੇ ਦੀ ਸੁਣਵਾਈ ਕਰ ਰਹੀ ਹੈ। -ਪੀਟੀਆਈ