For the best experience, open
https://m.punjabitribuneonline.com
on your mobile browser.
Advertisement

ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ ਕਿਸਾਨ ਆਗੂ

06:32 AM Oct 08, 2024 IST
ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ ਕਿਸਾਨ ਆਗੂ
ਕਿਸਾਨ ਆਗੂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਗੱਲਬਾਤ ਕਰਦੇ ਹੋਏ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 7 ਅਕਤੂਬਰ
ਪੰਜਾਬ ਵਿੱਚ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਅਤੇ ਡੀਏਪੀ ਦੀ ਲੋੜੀਂਦੀ ਸਪਲਾਈ ਨਾ ਹੋਣ ਤੋਂ ਨਾਰਾਜ਼ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨਾਲ ਜੁੜੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਪੁੱਜੇ। ਇਸ ਤੋਂ ਬਾਅਦ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪੰਜਾਬ ਭਵਨ ’ਚ ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੀ ਖਰੀਦ ਸ਼ੁਰੂ ਕਰਨ ਤੇ ਡੀਏਪੀ ਦੀ ਲੋੜੀਂਦੀ ਸਪਲਾਈ ਕਰਵਾਉਣ ਦਾ ਭਰੋਸਾ ਦਿੱਤਾ ਪਰ ਐੱਸਕੇਐੱਮ ਆਗੂ ਝੋਨੇ ਦੀ ਖਰੀਦ ਸ਼ੁਰੂ ਹੋਣ ਤੱਕ ਪੰਜਾਬ ਭਵਨ ’ਚ ਹੀ ਡਟੇ ਰਹੇ। ਅਖੀਰ ਸ਼ਾਮ 6 ਵਜੇ ਦੇ ਕਰੀਬ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋਣ ਮਗਰੋਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਵਾਪਸੀ ਕੀਤੀ। ਐੱਸਕੇਐੱਮ ਆਗੂ ਹਰਿੰਦਰ ਸਿੰਘ ਲੱਖੋਵਾਲ, ਜੰਗਵੀਰ ਸਿੰਘ ਚੌਹਾਨ, ਬੋਘ ਸਿੰਘ ਮਾਨਸਾ, ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਬੁਰਜਗਿੱਲ, ਰਾਮਿੰਦਰ ਸਿੰਘ ਪਟਿਆਲਾ ਨੇ ਖੇਤੀਬਾੜੀ ਮੰਤਰੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਖਰੀਦ ਵਿੱਚ ਸਰਕਾਰ ਵੱਲੋਂ ਕੋਈ ਵੀ ਰੁਕਾਵਟ ਖੜ੍ਹੀ ਕੀਤੀ ਗਈ ਤਾਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁੜ ਤੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ 12 ਅਕਤੂਬਰ ਨੂੰ ਸੂਬੇ ਦੀਆਂ ਮੰਡੀਆਂ ’ਚ ਅਰਥੀ ਫੂਕ ਮੁਜ਼ਾਹਰੇ ਮੁਲਤਵੀ ਕਰਨ ਦਾ ਫ਼ੈਸਲਾ ਵੀ ਕੀਤਾ ਹੈ। ਖੇਤੀਬਾੜੀ ਮੰਤਰੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਹਾੜੀ ਦੇ ਸੀਜ਼ਨ ਦੀ ਮੰਗ ਨੂੰ ਪੂਰਾ ਕਰਨ ਲਈ ਅਕਤੂਬਰ ਮਹੀਨੇ ਵਾਸਤੇ 2.50 ਲੱਖ ਮੀਟ੍ਰਿਕ ਟਨ ਡੀਏਪੀ ਖਾਦ ਅਲਾਟ ਕੀਤੀ ਗਈ ਹੈ। ਇਸ ’ਚੋਂ 22,204 ਮੀਟਰਿਕ ਟਨ ਡੀਏਪੀ ਪ੍ਰਾਪਤ ਹੋ ਚੁੱਕੀ ਹੈ ਅਤੇ ਹੋਰ 15,000 ਟਨ ਜਲਦ ਪ੍ਰਾਪਤ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਡੀਏਪੀ ਅਤੇ ਹੋਰ ਖਾਦਾਂ ਦੇ ਨਾਲ-ਨਾਲ ਕਿਸੇ ਵੀ ਉਤਪਾਦ ਦੀ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਫੁਰਮਾਨ ਸਿੰਘ ਸੰਧੂ, ਬਿੰਦਰ ਸਿੰਘ ਗੋਲੇਵਾਲ, ਗੁਰਮੀਤ ਮਹਿਮਾ, ਬਲਦੇਵ ਸਿੰਘ ਨਿਹਾਲਗੜ੍ਹ, ਬਲਵਿੰਦਰ ਸਿੰਘ ਰਾਜੂ, ਕੁਲਦੀਪ ਸਿੰਘ ਵਜੀਦਪੁਰ, ਬਲਵਿੰਦਰ ਸਿੰਘ ਮੱਲ੍ਹੀਨੰਗਲ, ਹਰਦੇਵ ਸੰਧੂ, ਸਤਨਾਮ ਸਿੰਘ ਅਜਨਾਲਾ, ਅੰਗਰੇਜ਼ ਸਿੰਘ, ਨਛੱਤਰ ਸਿੰਘ ਜੈਤੋ, ਦਲਵੀਰ ਸਿੰਘ, ਦਵਿੰਦਰ ਸਿੰਘ ਢਿੱਲੋਂ, ਸੁਖਦੇਵ ਆਰੀਆ ਵਾਲਾ ਤੇ ਰਘਵੀਰ ਸਿੰਘ ਮੇਹਰਵਾਲਾ ਹਾਜ਼ਰ ਰਹੇ।

Advertisement

Advertisement
Advertisement
Author Image

sukhwinder singh

View all posts

Advertisement