ਡੱਲੇਵਾਲ ਨੂੰ ਮਿਲਣ ਹਸਪਤਾਲ ਪੁੱਜੇ ਕਿਸਾਨ ਆਗੂ ਹਿਰਾਸਤ ’ਚ ਲਏ
ਗਗਨਦੀਪ ਅਰੋੜਾ
ਲੁਧਿਆਣਾ, 28 ਨਵੰਬਰ
ਖਨੌਰੀ ਬਾਰਡਰ ਤੋਂ ਮਰਨ ਵਰਤ ’ਤੇ ਬੈਠਣ ਤੋਂ ਪਹਿਲਾਂ ਡੀਐੱਮਸੀ ਹਸਪਤਾਲ ਵਿੱਚ ਨਜ਼ਰਬੰਦ ਕੀਤੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਕਈ ਕਿਸਾਨ ਆਗੂ ਅੱਜ ਇੱਥੇ ਪੁੱਜੇ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨੂੰ ਰੋਕ ਲਿਆ। ਕਿਸਾਨ ਆਗੂ ਜਦੋਂ ਡੱਲੇਵਾਲ ਨੂੰ ਮਿਲਣ ਲਈ ਅੜ ਗਏ ਤਾਂ ਪੁਲੀਸ ਅਧਿਕਾਰੀਆਂ ਨੇ ਦੋ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਜਿਸ ਮਗਰੋਂ ਕਾਫੀ ਹੰਗਾਮਾ ਹੋਇਆ। ਦੂਜੇ ਪਾਸੇ ਡੱਲੇਵਾਲੇ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਹਸਪਤਾਲ ਅੰਦਰ ਹੀ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਆਗੂ ਸੁਖਦੇਵ ਸਿੰਘ ਭੋਜਪੁਰ ਤੇ ਹੋਰ ਆਗੂ ਇਸ ਗੱਲ ’ਤੇ ਅੜੇ ਰਹੇ ਕਿ ਉਹ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਤੋਂ ਬਾਅਦ ਹੀ ਵਾਪਸ ਜਾਣਗੇ। ਕੁਝ ਕਿਸਾਨ ਆਗੂ ਦੇਰ ਸ਼ਾਮ ਤੱਕ ਹਸਪਤਾਲ ਦੇ ਬਾਹਰ ਖੜ੍ਹੇ ਰਹੇ। ਇਸ ਦੌਰਾਨ ਪੁਲੀਸ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤੇ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਕਿਸਾਨ ਆਗੂ ਸੁਖਦੇਵ ਸਿੰਘ ਦੀ ਪੁਲੀਸ ਨਾਲ ਕਾਫ਼ੀ ਬਹਿਸ ਹੋ ਗਈ। ਉਨ੍ਹਾਂ ਜਦੋਂ ਜਬਰੀ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ। ਕਿਸਾਨ ਆਗੂਆਂ ਨੇ ਦੋਸ਼ ਲਗਾਏ ਕਿ ਸਰਕਾਰ ਸਿੱਧੇ ਤੌਰ ’ਤੇ ਧੱਕਾ ਕਰ ਰਹੀ ਹੈ। ਦੂਜੇ ਪਾਸੇ ਡੱਲੇਵਾਲ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ (ਡੱਲੇਵਾਲ) ਹਸਪਤਾਲ ਵਿੱਚ ਹੀ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ ਅਤੇ ਉਹ ਕੁਝ ਵੀ ਖਾ-ਪੀ ਨਹੀਂ ਰਹੇ ਹਨ। ਜ਼ਿਕਰਯੋਗ ਹੈ ਕਿ 26 ਨਵੰਬਰ ਨੂੰ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ’ਤੇ ਮਰਨ ਵਰਤ ਸ਼ੁਰੂ ਕਰਨ ਜਾ ਰਿਹੇ ਸਨ ਤਾਂ ਪੁਲੀਸ ਨੇ ਤੜਕੇ ਹੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਫਿਰ ਡੀਐਮਸੀ ਹਸਪਤਾਲ ’ਚ ਦਾਖ਼ਲ ਕਰਵਾ ਦਿੱਤਾ ਸੀ।
ਕਿਸਾਨਾਂ ਵੱਲੋਂ ਪਹਿਲੀ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
ਪਟਿਆਲਾ/ਪਾਤੜਾਂ (ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ): ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਪੁਲੀਸ ਵੱਲੋਂ ਅੱਜ ਤੀਜੇ ਦਿਨ ਵੀ ਨਾ ਛੱਡੇ ਜਾਣ ਤੋਂ ਰੋਹ ’ਚ ਆਏ ਕਿਸਾਨਾਂ ਨੇ ਪਹਿਲੀ ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘੇਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਕਿਸਾਨ ਮੋਰਚਿਆਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲਿਆ ਗਿਆ। ਇਸ ਐਲਾਨ ਦੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ ਅਤੇ ਸੁਰਜੀਤ ਸਿੰਘ ਫੂਲ ਨੇ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ ਸੰਘਰਸ਼ ਕੇਂਦਰ ਸਰਕਾਰ ਖ਼ਿਲਾਫ਼ ਲੜਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਇਸ ’ਚ ਅੜਿੱਕੇ ਨਹੀਂ ਡਾਹੁਣੇ ਚਾਹੀਦੇ। ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਵੀ ਆਲੋਚਨਾ ਕੀਤੀ ਤੇ ਕਿਹਾ ਕਿ ਮੰਗਾਂ ਦੀ ਪੂਰਤੀ ਲਈ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਤੋਂ ਕਦੇ ਵੀ ਨਹੀਂ ਭੱਜੇ, ਉਲਟਾ ਕੇਂਦਰ ਸਰਕਾਰ ਹੀ ਟਾਲ ਮਟੋਲ ਕਰਦੀ ਆ ਰਹੀ ਹੈ। ਕਿਸਾਨ ਨੇਤਾ ਸਰਵਣ ਪੰਧੇਰ ਨੇ ਕਿਹਾ ਕਿ ਸ਼ੰਭੂ ਬਾਰਡਰ ਖੁੱਲ੍ਹੇ ਭਾਵੇਂ ਨਾ ਖੁੱਲ੍ਹੇ ਪਰ ਉਹ 6 ਨੂੰ ਦਿੱਲੀ ਜ਼ਰੂਰ ਕੂਚ ਕਰਨਗੇ। ਦੂਜੇ ਪਾਸੇ ਮਰਨ ਵਰਤ ’ਤੇ ਬੈਠਣ ਵਾਲੇ ਸੁਖਜੀਤ ਸਿੰਘ ਹਰਦੋਝੰਡੇ ਦਾ ਮਰਨ ਵਰਤ ਅੱਜ ਤੀਜੇ ਦਿਨ ਵੀ ਜਾਰੀ ਰਿਹਾ।