ਕਿਸਾਨ ਜਥੇਬੰਦੀਆਂ ਨੇ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 23 ਫਰਵਰੀ
ਸੰਯੁਕਤ ਕਿਸਾਨ ਮੋਰਚਾ ਦੇ ਫ਼ੈਸਲੇ ਅਨੁਸਾਰ ਅੱਜ ਮੁਹਾਲੀ ਵਿੱਚ ਵੱਖ-ਵੱਖ ਕਿਸਾਨਾਂ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਪੁਤਲੇ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਆਲ ਇੰਡੀਆ ਕਿਸਾਨ ਸਭਾ ਦੇ ਸੀਨੀਅਰ ਆਗੂ ਜਸਪਾਲ ਸਿੰਘ ਦੱਪਰ ਤੇ ਆਲ ਇੰਡੀਆ ਐਸੋਸੀਏਸ਼ਨ ਆਫ਼ ਲਾਇਰਜ਼ ਦੇ ਮੈਂਬਰ ਦਰਸ਼ਨ ਸਿੰਘ ਧਾਲੀਵਾਲ ਨੇ ਮੰਗ ਕੀਤੀ ਕਿ ਗੋਲੀਆਂ ਚਲਾਉਣ ਵਾਲੇ ਜ਼ਿੰਮੇਵਾਰ ਅਫ਼ਸਰਾਂ ਤੇ ਮੰਤਰੀਆਂ ਵਿਰੁੱਧ ਧਾਰਾ 302 ਦੇ ਤਹਿਤ ਕਤਲ ਦਾ ਪਰਚਾ ਦਰਜ ਕੀਤਾ ਜਾਵੇ। ਇਸ ਦੌਰਾਨ ਵੱਡੀ ਗਿਣਤੀ ਆਂਗਣਵਾੜੀ ਵਰਕਰਾਂ, ਹੈਲਪਰਾਂ ਨੇ ਆਪਣੀਆਂ ਮੰਗਾਂ ਦੇ ਨਾਲ ਕਿਸਾਨੀ ਸੰਘਰਸ਼ ਵਿੱਚ ਹਿੱਸਾ ਪਾਇਆ ਅਤੇ ਸਰਕਾਰ ਦਾ ਵਿਰੋਧ ਕੀਤਾ।
ਬਨੂੜ (ਪੱਤਰ ਪ੍ਰੇਰਕ): ਅਜ਼ੀਜ਼ਪੁਰ ਦਾ ਟੌਲ ਪਲਾਜ਼ਾ ਅੱਜ ਚੌਥੇ ਦਿਨ ਵੀ ਪਰਚੀ ਮੁਕਤ ਰਿਹਾ। ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਕੇਂਦਰ ਤੇ ਹਰਿਆਣਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਜ਼ੀਰਕਪੁਰ (ਨਿੱਜੀ ਪੱਤਰ ਪ੍ਰੇਰਕ): ਬੀਕੇਯੂ ਪੁਆਧ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਮਰ ਸਿੰਘ ਦੀ ਪ੍ਰਧਾਨਗੀ ਹੇਠ ਖਨੌਰੀ ਹੱਦ ’ਤੇ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਮੋਮਬੱਤੀ ਮਾਰਚ ਕੀਤਾ ਗਿਆ।
ਕੁਰਾਲੀ (ਪੱਤਰ ਪ੍ਰੇਰਕ): ਲੋਕ ਹਿੱਤ ਮਿਸ਼ਨ ਵੱਲੋਂ ਕਿਸਾਨਾਂ ’ਤੇ ਗੋਲੀਆਂ ਚਲਾਉਣ ਅਤੇ ਨੌਜਵਾਨ ਕਿਸਾਨ ਸ਼ਹੀਦ ਕਰਨ ਖ਼ਿਲਾਫ਼ ਅੱਜ ਬੜੌਦੀ ਟੌਲ ਪਲਾਜ਼ਾ ਉੱਤੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਨੰਗਲ (ਨਿੱਜੀ ਪੱਤਰ ਪ੍ਰੇਰਕ): ਇੱਥੇ ਕਿਸਾਨ ਜਥੇਬੰਦੀਆਂ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਅਮਿਤ ਸ਼ਾਹ ਤੇ ਮਨੋਹਰ ਲਾਲ ਖੱਟਰ ਦੀਆਂ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ ਗਿਆ|
ਖਮਾਣੋ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਬਲਾਕ ਖਮਾਣੋਂ ਦੇ ਆਗੂਆਂ ਤੇ ਕਿਸਾਨਾਂ ਨੇ ਖਮਾਣੋਂ ਦੇ ਬਾਜ਼ਾਰਾਂ ਵਿੱਚ ਰੈਲੀ ਕੱਢੀ।
ਮੋਰਿੰਡਾ (ਪੱਤਰ ਪ੍ਰੇਰਕ): ਇੱਥੋਂ ਦੀ ਅਨਾਜ ਮੰਡੀ ਵਿੱਚ ਮੋਰਿੰਡਾ ਬਲਾਕ ਦੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਰੋਸ ਰੈਲੀ ਕੀਤੀ ਗਈ।