ਕਿਸਾਨ ਜਥੇਬੰਦੀਆਂ ਵੱਲੋਂ ‘ਆਪ’ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਮਾਰਚ
ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਸਾਹਮਣੇ ਧਰਨਾ ਲਾਉਣ ਦੇ ਸੱਦੇ ਤਹਿਤ ਬਿਜਲੀ ਮੰਤਰੀ ਹਰਭਜਨ ਸਿੰਘ ਦੇ ਘਰ ਦੇ ਬਾਹਰ ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਧਰਨਾ ਲਾਇਆ। ਕਿਸਾਨ ਆਗੂ ਰਤਨ ਸਿੰਘ ਰੰਧਾਵਾ ਨੇ ਦਸਿਆ ਕਿ ਅੱਜ ‘ਆਪ’ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਧਰਨੇ ਦਿੱਤੇ ਹਨ, ਜਿਸ ਤਹਿਤ ਅੰਮ੍ਰਿਤਸਰ ਦਿਹਾਤੀ ਦੇ ਚਾਰ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਦੀ ਕੋਠੀ ਅੱਗੇ ਵੀ ਮੁਜ਼ਾਹਰਾ ਕੀਤਾ ਗਿਆ।
ਬਿਜਲੀ ਮੰਤਰੀ ਦੇ ਘਰ ਅੱਗੇ ਧਰਨੇ ’ਚ ਆਗੂਆਂ ਜਤਿੰਦਰ ਸਿੰਘ ਛੀਨਾ, ਲਖਬੀਰ ਸਿੰਘ ਨਿਜ਼ਾਮਪੁਰਾ, ਗੁਰਦੇਵ ਸਿੰਘ ਵਰਪਾਲ ਆਦਿ ਨੇ ਇਕੱਠ ਨੂੰ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਨੇ ਕਾਰਪੋਰੇਟ ਅੱਗੇ ਝੁਕਦਿਆਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠਲੀ ਕਿਸਾਨ ਲਹਿਰ ਨੂੰ ਕੁਚਲਣ ਦੇ ਰਾਹ ’ਤੇ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਕਿਸਾਨ ਲਹਿਰ ਪੰਜਾਬ ਸਰਕਾਰ ਨੂੰ ਓਨਾ ਚਿਰ ਟਿਕ ਕੇ ਨਹੀਂ ਬੈਠਣ ਦੇਵੇਗੀ ਜਿਨ੍ਹਾਂ ਚਿਰ ਕਿਸਾਨਾਂ ਦੀਆਂ ਪੰਜਾਬ ਸਰਕਾਰ ਨਾਲ ਸਬੰਧਤ 18 ਮੰਗਾਂ ਹੱਲ ਨਹੀਂ ਕਰਦੀ।
ਚੇਤਨਪੁਰਾ (ਰਣਬੀਰ ਸਿੰਘ ਮਿੰਟੂ): ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਨੇ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਘਰ ਅੱਗੇ ਧਰਨਾ ਦਿੱਤਾ। ਧਰਨੇ ਨੂੰ ਡਾ. ਸਤਨਾਮ ਸਿੰਘ ਅਜਨਾਲਾ ਤੇ ਹੋਰ ਆਗੂਆਂ ਨੇ ਪੰਜਾਬ ਸਰਕਾਰ ਦੇ ਕਥਿਤ ਕਿਸਾਨ ਵਿਰੋਧੀ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਐੱਸਕੇਐੱਮ ਦੀ 15 ਮਾਰਚ ਨੂੰ ਚੰਡੀਗੜ੍ਹ ਨੂੰ ਵਿਸ਼ੇਸ਼ ਮੀਟਿੰਗ ’ਚ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕੀ ਜਾਵੇਗੀ।

ਤਰਨ ਤਾਰਨ (ਗੁਰਬਖਸ਼ਪੁਰੀ): ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਰਿਹਾਇਸ਼ ਸਾਹਮਣੇ ਧਰਨੇ ਵਿੱਚ ਕਿਸਾਨ ਆਗੂ ਬਲਕਾਰ ਸਿੰਘ ਵਲਟੋਹਾ, ਨਛੱਤਰ ਸਿੰਘ ਪੰਨੂੰ ਤੇ ਹੋਰ ਬੁਲਾਰਿਆਂ ਨੇ ‘ਆਪ’ ਦੀਆਂ ਨੀਤੀਆਂ ਨੂੰ ਕਾਰਪੋਰੇਟ ਪੱਖੀ ਕਰਾਰ ਦਿੱਤਾ ਤੇ ਕਿਸਾਨੀ ਮੰਗਾਂ ਦਾ ਹੱਲ ਮੰਗਿਆ। ਇਵੇਂ ਹੀ ਕਿਸਾਨਾਂ ਨੇ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਪੱਟੀ ਦੇ ਵਿਧਾਇਕ ਤੇ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਦੀਆਂ ਰਿਹਾਇਸ਼ਾਂ ਸਾਹਮਣੇ ਵੀ ਧਰਨੇ ਦਿੱਤੇ| ਬੁਲਾਰਿਆਂ ਸੂਬਾ ਸਰਕਾਰ ਨੂੰ ਕਿਸਾਨਾਂ ਨਾਲ ਕਿਸੇ ਕਿਸਮ ਦੇ ਟਕਰਾਅ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੱਤੀ।
ਪਠਾਨਕੋਟ (ਐੱਨ.ਪੀ. ਧਵਨ): ਪਿੰਡ ਕਟਾਰੂਚੱਕ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਮੂਹਰੇ ਧਰਨਾ ਮੌਕੇ ਬਲਦੇਵ ਰਾਜ ਭੋਆ, ਕੇਵਲ ਸਿੰਘ ਕੰਗ ਆਦਿ ਨੇ ਕੇਂਦਰ ਸਰਕਾਰ ਤੋਂ ਕਿਸਾਨ ਵਿਰੋਧੀ ਤੇ ਕਾਰਪੋਰੇਟ ਪੱਖੀ ਕੌਮੀ ਖੇਤੀ ਮੰਡੀਕਰਨ ਨੀਤੀ ਖਰੜਾ ਵਾਪਸ ਲੈਣ ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲਾਗੂ ਕਰਨ ਦੀ ਮੰਗ ਕੀਤੀ।
ਨਵਾਂਸ਼ਹਿਰ (ਲਾਜਵੰਤ ਸਿੰਘ): ਕਿਸਾਨਾਂ ਨੇ ‘ਆਪ’ ਵਿਧਾਇਕ ਸੁੱਖਵਿੰਦਰ ਸਿੰਘ ਸੁੱਖੀ ਦੇ ਘਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਰੇਲਾਂ, ਸੜਕਾਂ ਰੋਕਣ ਵਾਲਿਆਂ ਵਜੋਂ ਪੇਸ਼ ਕਰਨ ਦੀ ਨਿਖੇਧੀ ਕੀਤੀ।
ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਵਿਧਾਇਕ ਜਸਵੀਰ ਸਿੰਘ ਰਾਜਾ ਦੇ ਘਰ ਅੱਗੇ ਧਰਨੇ ਮੌਕੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਬੀਕੇਯੂ (ਰਾਜੇਵਾਲ) ਤੋਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਖਾਨਪੁਰ ਨੇ ਕਿਸਾਨਾਂ ਦੀਆਂ ਮੰਗਾਂ ਦੇ ਹੱਲ ’ਤੇ ਜ਼ੋਰ ਦਿੱਤਾ।
ਦਸੂਹਾ (ਭਗਵਾਨ ਦਾਸ ਸੰਦਲ): ਇਥੇ ਐੱਸਕੇਐੱਮ ਦੇ ਕਾਰਕੁਨਾਂ ਨੇ ਸ਼ਹੀਦ ਭਗਤ ਸਿੰਘ ਮਾਰਕੀਟ ਵਿੱਚ ਵਿਧਾਇਕ ਕਰਮਬੀਰ ਘੁੰਮਣ ਦੇ ਦਫਤਰ ਅੱਗੇ ਧਰਨਾ ਦਿੱਤਾ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ ਨੇ ਕਿਹਾ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣਗੇ ਅਤੇ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਹੁਸ਼ਿਆਰਪੁਰ (ਜਗਜੀਤ ਸਿੰਘ): ਕਿਸਾਨਾਂ ਨੇ ਅੱਜ ਸੂਬੇ ਦੇ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਅਤੇ ਹਲਕਾ ਚੱਬੇਵਾਲ ਹਲਕੇ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਤੇ ਬੁਲਾਰਿਆਂ ਨੇ ਕੇਂਦਰ ਤੇ ਸੂਬਾ ਸਰਕਾਰ ’ਤੇ ਕਿਸਾਨੀ ਮੰਗਾਂ ਪ੍ਰਤੀ ਗੰਭੀਰ ਨਾ ਹੋਣ ਦਾ ਦੋਸ਼ ਲਾਇਆ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਦਫਤਰ ਅੱਗੇ ਨਾਅਰੇਬਾਜ਼ੀ
ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਕੁੱਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਆਦਿ ਕਿਸਾਨ ਜਥੇਬੰਦੀਆਂ ਨੇ ਇੱਥੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਦੇ ਦਫਤਰ ਅੱਗੇ ਧਰਨਾ ਦਿੱਤਾ ਤੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਮੌਕੇ ਕਾਮਰੇਡ ਗੁਰਨੇਕ ਸਿੰਘ ਭੱਜਲ, ਦਰਸ਼ਨ ਸਿੰਘ ਮੱਟੂ ਆਦਿ ਬੁਲਾਰਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਹੱਕ ਮੰਗਦੇ ਕਿਸਾਨਾ ਨੂੰ ਦਬਾਉਣਾ ਚਾਹੁੰਦੀਆਂ ਹਨ ਜੋ ਕਿ ਕਿਸੇ ਵੀ ਕੀਮਤ ਤੇ ਸਹਿਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ’ਚ ਕਿਸਾਨ ਆਗੂਆਂ ਪ੍ਰਤੀ ਅਪਣਾਏ ਵਤੀਰੇ ਅਤੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦੀ ਨਿਖੇਧੀ ਕੀਤੀ। ਬੁਲਾਰਿਆਂ ਨੇ ਸਰਕਾਰ ਕੀਤੇ ਵਾਅਦੇ ਪੁਗਾਉਣ ਦੀ ਮੰਗ ਵੀ ਕੀਤੀ।
ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਰਿਹਾਇਸ਼ ਦਾ ਘਿਰਾਓ

ਜਲੰਧਰ (ਹਤਿੰਦਰ ਮਹਿਤਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਵਿਧਾਇਕ ਬਲਕਾਰ ਸਿੰਘ ਦੇ ਘਰਾਂ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਅਰਬਨ ਅਸਟੇਟ ਸਥਿਤ ਰਿਹਾਇਸ਼ ਦਾ ਘਿਰਾਓ ਬੀਕੇਯੂ ਰਾਜੇਵਾਲ ਦੇ ਸੂਬਾ ਮੀਤ ਪ੍ਰਧਾਨ ਮੁਕੇਸ਼ ਚੰਦਰ ਤੇ ਕਸ਼ਮੀਰ ਸਿੰਘ ਜੰਡਿਆਲਾ ਦੀ ਅਗਵਾਈ ਹੇਠ ਕੀਤਾ ਗਿਆ। ਕਰਤਾਰਪੁਰ ਹਲਕੇ ਤੋਂ ਵਿਧਾਇਕ ਬਲਕਾਰ ਸਿੰਘ ਦੀ ਬੂਟਾ ਪਿੰਡ ਸਥਿਤ ਰਿਹਾਇਸ਼ ਦਾ ਘਿਰਾਓ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਦੀ ਅਗਵਾਈ ਹੇਠ ਕੀਤਾ ਗਿਆ।