Farmer Protest: ਖਨੌਰੀ ਬਾਰਡਰ ’ਤੇ ਡੱਲੇਵਾਲ ਨਾਲ ਬਹਿਰੂ ਨੇ ਕੀਤੀ ਮੁਲਾਕਾਤ
ਕਿਸਾਨ ਫੋਰਮਾਂ ਦੇ ਆਗੂਆਂ ਨੇ ਅੰਦੋਲਨ ਨੂੰ ਤਾਕਤਵਰ ਬਣਾਉਣ ਲਈ ਨਵੀਂ ਨੀਤੀ ਉਲੀਕਣ ’ਤੇ ਦਿੱਤਾ ਜ਼ੋਰ
ਗੁਰਨਾਮ ਸਿੰਘ ਚੌਹਾਨ
ਖਨੌਰੀ, 7 ਫਰਵਰੀ
Farmer Protest: ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਸ਼ੁੱਕਰਵਾਰ ਨੂੰ ਕਿਸਾਨ ਅੰਦੋਲਨ ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ (Farmer leader Jagjit Singh Dallewal) ਨੂੰ ਮਿਲ ਕੇ ਉਨ੍ਹਾਂ ਦਾ ਹਾਲ ਜਾਣਿਆ। ਇਸ ਦੌਰਾਨ ਉਨ੍ਹਾਂ ਰਤਨਪੁਰਾ, ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚਲਦੇ ਸੰਘਰਸ਼ ਦੌਰਾਨ ਵਾਪਰੀਆਂ ਘਟਨਾਵਾਂ ਦੇ ਨਾਲ-ਨਾਲ ਦੇਸ਼ ਦੇ ਕਿਸਾਨਾਂ ਦੇ ਭਵਿੱਖ ਬਾਰੇ ਚਿੰਤਾ ਅਤੇ ਅੰਦੋਲਨ ਦੀ ਅਗਲੀ ਰੂਪ ਰੇਖਾ ਸਾਂਝੀ ਕੀਤੀ।
ਦੋਵਾਂ ਕਿਸਾਨ ਫੋਰਮਾਂ ਦੇ ਪ੍ਰਮੁੱਖ ਆਗੂਆਂ ਨੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਤਾਕਤਵਰ ਬਣਾਉਣ ਲਈ 11 ਫਰਵਰੀ ਨੂੰ ਰਤਨਪੁਰਾ, 12 ਨੂੰ ਖਨੌਰੀ ਅਤੇ 13 ਨੂੰ ਸ਼ੰਭੂ ਬਾਰਡਰ 'ਤੇ ਹੋ ਰਹੀਆਂ ਕਿਸਾਨ ਮਹਾਂਪੰਚਾਇਤਾਂ ਵਿੱਚ ਸ਼ਾਮਲ ਹੋਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਹੈ। ਆਗੂਆਂ ਨੇ ਕਿਹਾ ਕਿ ਜੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹੋ ਤਾਂ ਸਰਕਾਰਾਂ ਦਾ ਦਿਮਾਗ ‘ਟਿਕਾਣੇ ਲਾਉਣ ਲਈ’ ਕਿਸਾਨਾਂ ਦੀ ਤਾਕਤ ਦਾ ਮੁਜ਼ਾਹਰਾ ਕਰਨਾ ਪਵੇਗਾ।
ਉਨ੍ਹਾਂ ਕਿਹਾ ਹੈ ਕਿ ਜਿਸ ਤਰ੍ਹਾਂ 4 ਜਨਵਰੀ ਨੂੰ ਲੱਖਾਂ ਕਿਸਾਨ ਖਨੌਰੀ ਬਾਰਡਰ ਪੁੱਜੇ ਸਨ, ਉਸ ਤੋਂ ਵੱਧ ਕਿਸਾਨਾਂ ਵੱਲੋਂ ਮਹਾਂਪੰਚਾਇਤਾਂ ਵਿੱਚ ਸ਼ਾਮਲ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਸਾਲਾਨਾ ਬਜਟ ਵਿੱਚ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਕੇ ਉਨ੍ਹਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਹੈ। ਪਿੰਡਾਂ ਵਿੱਚ ਬੈਠੇ ਆਮ ਕਿਸਾਨ ਮਜ਼ਦੂਰ ਚਰਚਾ ਕਰ ਰਹੇ ਹਨ ਕਿ ਜੇ ਖੇਤੀਬਾੜੀ ਨੂੰ ਕਾਰੋਬਾਰ ਕਾਰਪੋਰੇਟ ਘਰਾਣਿਆਂ ਦੇ ਹੱਥ ਜਾਣੋਂ ਤੋਂ ਬਚਾਉਣਾ ਹੈ ਤਾਂ ਕਿਸਾਨ ਅੰਦੋਲਨ ਦੀ ਪਿੱਠ ’ਤੇ ਆ ਕੇ ਬਚਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਹੈ ਕਿ 14 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਿਆ ਗਿਆ ਤਾਂ ਪੂਰੇ ਦੇਸ਼ ਦੇ ਕਿਸਾਨ-ਮਜ਼ਦੂਰ ਕਿਸਾਨ ਅੰਦੋਲਨ ਦੌਰਾਨ ਬੀਜੇਪੀ ਦੀ ਰਾਜਨੀਤਕ ਵਿਚਾਰਧਾਰਾ ਦਾ ਡਟ ਕੇ ਵਿਰੋਧ ਕਰਨ ਤੋਂ ਪਿੱਛੇ ਨਹੀਂ ਹਟਣਗੇ।