Farmer Protest: ਡੱਲੇਵਾਲ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਖ਼ਿਲਾਫ਼ ਹੱਤਕ ਪਟੀਸ਼ਨ ’ਤੇ ਸੁਣਵਾਈ ਸੋਮਵਾਰ ਨੂੰ
ਨਵੀਂ ਦਿੱਲੀ, 5 ਜਨਵਰੀ
ਸੁਪਰੀਮ ਕੋਰਟ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਸਬੰਧੀ ਦਿੱਤੇ ਨਿਰਦੇਸ਼ਾਂ ਦਾ ਪਾਲਣ ਨਾ ਕਰਨ ’ਤੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਖ਼ਿਲਾਫ਼ ਹੱਤਕ ਪਟੀਸ਼ਨ ’ਤੇ 6 ਜਨਵਰੀ ਨੂੰ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਪਹਿਲਾਂ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਸੀ ਅਤੇ ਕਿਹਾ ਸੀ ਕਿ ਉਸ ਦੇ ਅਧਿਕਾਰੀ ਤੇ ਕੁਝ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਤੋੜਨ ਦੀਆਂ ਕੋਸ਼ਿਸ਼ਾਂ ਬਾਰੇ ਮੀਡੀਆ ’ਚ ਗ਼ੈਰਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ।
ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਨਾ ਲਿਜਾਣ ਲਈ ਪੰਜਾਬ ਸਰਕਾਰ ਨੂੰ ਕਰਾਰੇ ਹੱਥੀਂ ਲਿਆ ਸੀ ਹਾਲਾਂਕਿ ਉਸ ਨੂੰ ਆਪਣੇ ਸੱਤਰ ਸਾਲਾ ਆਗੂ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਨ ਦਾ ਵਿਰੋਧ ਕਰਨ ਵਾਲੇ ਸੰਘਰਸ਼ੀ ਕਿਸਾਨਾਂ ਦੀ ਮਨਸ਼ਾ ’ਤੇ ਸ਼ੱਕ ਸੀ। ਲੰਘੀ 20 ਦਸੰਬਰ ਨੂੰ ਸੁਪਰੀਮ ਕੋਰਟ ਨੇ ਡੱਲੇਵਾਲ ਦੇ ਹਸਪਤਾਲ ਦਾਖਲ ਹੋਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਤੇ ਡਾਕਟਰਾਂ ਨੂੰ ਦਿੱਤੀ ਸੀ। ਅਦਾਲਤ ਨੇ ਕਿਹਾ ਕਿ 70 ਸਾਲਾ ਡੱਲੇਵਾਲ ਨੂੰ ਪੰਜਾਬ ਤੇ ਹਰਿਆਣਾ ਵਿਚਾਲੇ ਖਨੌਰੀ ਹੱਦ ’ਤੇ ਧਰਨੇ ਵਾਲੀ ਥਾਂ ਤੋਂ 700 ਮੀਟਰ ਅੰਦਰ ਸਥਾਪਤ ਆਰਜ਼ੀ ਹਸਪਤਾਲ ਲਿਜਾਇਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਡੱਲੇਵਾਲ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨੀ ਮੰਗਾਂ ਸਵੀਕਾਰ ਕਰਨ ਲਈ ਕੇਂਦਰ ’ਤੇ ਦਬਾਅ ਬਣਾਉਣ ਲਈ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਹੋਏ ਹਨ। -ਪੀਟੀਆਈ
ਸੁਪਰੀਮ ਕੋਰਟ ’ਚ ਸੁਣਵਾਈ ਕਾਰਨ ਢਾਬੀ ਗੁੱਜਰਾਂ ਬਾਰਡਰ ’ਤੇ ਰਹੀ ਸਰਕਾਰੀ ਹਲਚਲ
ਪਟਿਆਲਾ/ਪਾਤੜਾਂ (ਸਰਬਜੀਤ ਸਿੰਘ ਭੰਗੂ /ਗੁਰਨਾਮ ਸਿੰਘ ਚੌਹਾਨ): ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਇਲਾਜ ਯਕੀਨੀ ਬਣਾਉਣ ਦੇ ਹੁਕਮਾਂ ਦੀ ਤਾਮੀਲ ਨਾ ਹੋਣ ਸਬੰਧੀ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਮੁੜ ਤੋਂ ਸੁਣਵਾਈ ਹੈ। ਇਸ ਦੇ ਮੱਦੇਨਜ਼ਰ ਅੱਜ ਢਾਬੀ ਗੁੱਜਰਾਂ ਬਾਰਡਰ ’ਤੇ ਅਧਿਕਾਰੀਆਂ ਦੀ ਕਾਫੀ ਹਲਚਲ ਨਜ਼ਰ ਆਈ। ਸਰਕਾਰ ਵੱਲੋਂ ਭਲਕੇ ਡੱਲੇਵਾਲ ਦੀ ਸਿਹਤ ਸਬੰਧੀ ਸਿਖ਼ਰਲੀ ਅਦਾਲਤ ’ਚ ਹਲਫੀਆ ਬਿਆਨ ਦਾਇਰ ਕੀਤਾ ਜਾਣਾ ਹੈ, ਜਿਸ ਕਰ ਕੇ ਅੱਜ ਜ਼ਿਲ੍ਹਾ਼ ਅਧਿਕਾਰੀਆਂ ਨੇ ਬਾਰਡਰ ’ਤੇ ਫੇਰੀਆਂ ਪਾਈਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏਡੀਸੀ ਅਨੁਪ੍ਰਿਤਾ ਜੌਹਲ, ਪਾਤੜਾਂ ਦੇ ਐੱਸਡੀਐੱਮ ਅਸ਼ੋਕ ਕੁਮਾਰ ਕੁਝ ਡਾਕਟਰਾਂ ਸਣੇ ਬਾਰਡਰ ’ਤੇ ਪੁੱਜੇ। ਉੱਧਰ, ਪੁਲੀਸ ਵਿਭਾਗ ਵੱਲੋਂ ਸੇਵਾਮੁਕਤ ਡੀਆਈਜੀ ਨਰਿੰਦਰ ਭਾਰਗਵ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਵੀ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਭਾਵੇਂ ਦੋਵਾਂ ਧਿਰਾਂ ਵੱਲੋੋਂ ਮੀਟਿੰਗਾਂ ਸਬੰਧੀ ਵੇਰਵੇ ਤਾਂ ਨਸ਼ਰ ਨਹੀਂ ਕੀਤੇ ਗਏ, ਪਰ ਚਰਚਾ ਹੈ ਕਿ ਇਨ੍ਹਾਂ ਅਧਿਕਾਰੀਆਂ ਨੇ ਐਤਕੀਂ ਵੀ ਡੱਲੇਵਾਲ ਨੂੰ ਇਲਾਜ ਲਈ ਮਨਾਉਣ ’ਤੇ ਹੀ ਜ਼ੋਰ ਦਿੱਤਾ।
ਢਾਬੀ ਗੁੱਜਰਾਂ: ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਰੋਜ਼ਾਨਾ ਕਰ ਰਹੇ ਨੇ ਡੱਲੇਵਾਲ ਨਾਲ ਮੁਲਾਕਾਤ
ਪਟਿਆਲਾ (ਸਰਬਜੀਤ ਸਿੰਘ ਭੰਗੂ): ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਅਧਿਕਾਰੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਲਗਾਤਾਰ ਮੁਲਾਕਾਤ ਕਰ ਰਹੇ ਹਨ ਤੇ ਉੱਚ ਪੱਧਰੀ ਮੈਡੀਕਲ ਟੀਮ ਦੇ ਨਾਲ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਲੈ ਰਹੇ ਹਨ। ਇਸ ਦੌਰਾਨ ਕਿਸਾਨ ਆਗੂ ਦੇ ਜ਼ਰੂਰੀ ਮੈਡੀਕਲ ਟੈਸਟ ਵੀ ਕੀਤੇ ਜਾ ਰਹੇ ਹਨ। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਰੋਜ਼ਾਨਾ ਏਡੀਸੀ ਪੱਧਰ ਦੇ ਅਧਿਕਾਰੀ ਢਾਬੀ ਗੁੱਜਰਾਂ ਜਾ ਰਹੇ ਹਨ। ਉਹ ਖੁਦ ਵੀ ਸ੍ਰੀ ਡੱਲੇਵਾਲ ਨੂੰ ਮਿਲ ਰਹੇ ਹਨ। ਪਾਤੜਾਂ ਦੇ ਐੱਸਡੀਐੱਮ ਅਸ਼ੋਕ ਕੁਮਾਰ ਆਪਣੀ ਟੀਮ ਸਣੇ 24 ਘੰਟੇ ਢਾਬੀ ਗੁੱਜਰਾਂ ਬਾਰਡਰ ’ਤੇ ਤਾਇਨਾਤ ਹਨ। ਸਰਕਾਰ ਦੀਆਂ ਮੈਡੀਕਲ ਟੀਮਾਂ ਵੀ ਧਰਨੇ ਵਾਲੀ ਥਾਂ ’ਤੇ 24 ਘੰਟੇ ਡਿਊਟੀ ਦੇ ਰਹੀਆਂ ਹਨ ਅਤੇ ਦੋ ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸਾਂ ਹਰ ਵੇਲੇ ਉੱਥੇ ਮੌਜੂਦ ਹਨ। ਧਰਨੇ ਦੇ ਨੇੜੇ ਹੀ ਸਾਰੀਆਂ ਐਮਰਜੈਂਸੀ ਦਵਾਈਆਂ ਅਤੇ ਉਪਕਰਨਾਂ ਨਾਲ ਲੈਸ ਇੱਕ ਆਰਜ਼ੀ ਹਸਪਤਾਲ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਲਈ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਉਨ੍ਹਾਂ ਨੇ ਏਡੀਸੀ ਅਨੂਪ੍ਰਿਤਾ ਜੌਹਲ ਤੇ ਐੱਸਡੀਐੱਮ ਪਾਤੜਾਂ ਅਸ਼ੋਕ ਕੁਮਾਰ ਸਣੇ ਸ੍ਰੀ ਡੱਲੇਵਾਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਹੈ।