Farmer Protest: 14 ਨੂੰ ਕੇਂਦਰ ਨਾਲ ਹੋਣ ਵਾਲੀ ਮੀਟਿੰਗ ’ਚ ਸ਼ਾਮਲ ਹੋਣਗੇ ਡੱਲੇਵਾਲ: ਕਿਸਾਨ ਮਹਾਂਪੰਚਾਇਤ ਦੌਰਾਨ ਕੀਤਾ ਐਲਾਨ
ਢਾਬੀ ਗੁਜਰਾਂ ਬਾਰਡਰ ’ਤੇ ਕਿਸਾਨ ਮਹਾਂਪੰਚਾਇਤ ਨੂੰ ਕੀਤਾ ਸੰਬੋਧਨ; ਦੇਸ਼ ਦੀ ਮਜ਼ਬੂਤੀ ਲਈ ਖੇਤੀ ਸੈਕਟਰ ਨੂੰ ਮਜ਼ਬੂਤ ਕਰੇ ਸਰਕਾਰ: ਡੱਲੇਵਾਲ; ਅਮਰੀਕਾ ਵੱਲੋਂ ਡਿਪੋਰਟ ਕੀਤੇ ਪੰਜਾਬੀ ਨੌਜਵਾਨਾਂ ਦੀ ਬਾਂਹ ਫੜਨ ਦੀ ਵੀ ਕੀਤੀ ਅਪੀਲ
ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ
ਪਟਿਆਲਾ ਪਾਤੜਾਂ, 12 ਫਰਵਰੀ
Farmer Protest: ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਅਤੇ ਕਿਸਾਨ ਅੰਦੋਲਨ-2 ਦੇ ਬੈਨਰ ਹੇਠਾਂ ਅੰਤਰਰਾਜੀ ਬਾਰਡਰਾਂ ’ਤੇ ਜਾਰੀ ਕਿਸਾਨ ਮੋਰਚਿਆਂ ਨੂੰ ਸਾਲ ਪੂਰਾ ਹੋਣ ’ਤੇ ਅੱਜ ਢਾਬੀ ਗੁਜਰਾਂ ਬਾਰਡਰ ’ਤੇ ਵਿਸ਼ਾਲ ਮਹਾਂਪੰਚਾਇਤ ਕੀਤੀ ਗਈ। ਇਸ ਵਿਚ ਪੰਜਾਬ ਅਤੇ ਹਰਿਆਣਾ ਸਮੇਤ ਕਈ ਹੋਰ ਰਾਜਾਂ ਤੋ ਆਏ ਕਿਸਾਨਾਂ ਨੇ ਵੀ ਸ਼ਿਰਕਤ ਕੀਤੀ।
ਮਹਾਂਪੰਚਾਇਤ ਨੂੰ ਸੰਬੋਧਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ 79 ਦਿਨਾਂ ਤੋਂ ਮਰਨ ਵਰਤ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਨੇ ਅਹਿਮ ਐਲਾਨ ਕਰਦਿਆਂ ਕਿਹਾ ਕਿ ਉਹ 14 ਫਰਵਰੀ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਸੱਦੀ ਗਈ ਮੀਟਿੰਗ ਵਿਚ ਸ਼ਾਮਲ ਹੋਣਗੇ। ਉਨ੍ਹਾਂ ਇਸ ਮੌਕੇ ਇਹ ਵੀ ਕਿਹਾ ਕਿ ਉਹ ਕਿਸਾਨ ਏਕਤਾ ਦੇ ਮੁਦਈ ਹਨ, ਪਰ ਨਾਲ ਹੀ ਚਾਹੁੰਦੇ ਹਨ ਕਿ ਇਸ ਮੌਜੂਦਾ ਜਾਰੀ ਸੰਘਰਸ਼ ਨੂੰ ਮਜ਼ਬੂਤੀ ਨਾਲ ਲੜ ਕੇ ਜਿੱਤਿਆ ਜਾਵੇ ਤਾਂ ਕਿ ਇਸ ਰਾਹੀਂ ਕਿਸਾਨ ਧਿਰਾਂ ਦੀ ਏਕਤਾ ਹੋਰ ਵੀ ਮਜ਼ਬੂਤ ਹੋ ਸਕੇ।
ਇਸ ਤੋਂ ਪਹਿਲਾਂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਨੇ ਆਪਣੇ ਟਰਾਲੀਨੁਮਾ ਕਮਰੇ ਵਿਚੋਂ ਹੀ ਮਹਾਂਪੰਚਾਇਤ ਦੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਦੀ ਮਜਬੂਤੀ ਲਈ ਖੇਤੀ ਸੈਕਟਰ ਨੂੰ ਮਜ਼ਬੂਤ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਐਮਐਸਪੀ ਗਰੰਟੀ ਕਾਨੂੰਨ ਅਤੇ ਡਾ. ਸਵਾਮੀਨਾਥਨ ਦੀ ਰਿਪੋਰਟ ਵਿਚਲਾ ਫਾਰਮੂਲਾ ਲਾਗੂ ਕਰਨ ਸਮੇਤ ਹੋਰ ਕਿਸਾਨੀ ਮੰਗਾਂ ਦੀ ਪੂਰਤੀ ’ਤੇ ਵੀ ਜ਼ੋਰ ਦਿਤਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਹਾਲ ਹੀ ’ਚ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਕੇਂਦਰ ਅਤੇ ਰਾਜ ਸਰਕਾਰਾਂ ਤੋਂ ਇਨ੍ਹਾਂ ਪੀੜਤਾਂ ਦੀ ਬਾਂਹ ਫੜਨ ਦੀ ਮੰਗ ਕੀਤੀ। ਅਜਿਹੇ ਹਾਲਾਤ ਲਈ ਸਰਕਾਰ ਨੂੰ ਜ਼ਿੰਮਵਾਰ ਗਰਦਾਨਦਿਆਂ ਉਨ੍ਹਾਂ ਦਾ ਕਹਿਣਾ ਸੀ ਕਿ ਭਾਰਤ ‘ਚ ਖੇਤੀ ਧੰਦਾ ਮੰਦਾ ਹੋਣ ਸਮੇਤ ਰੁਜ਼ਗਾਰ ਦੇ ਹੋਰ ਢੁਕਵੇਂ ਸਾਧਨਾਂ ਦੀ ਤੋਟ ਹੋਣ ਕਾਰਨ ਹੀ ਇਨ੍ਹਾਂ ਨੂੰ ਆਪਣੇ ਤੇ ਪਰਿਵਾਰਾਂ ਦੇ ਸੁਨਹਿਰੇ ਭਵਿੱਖ ਲਈ ਵਿਦੇਸ਼ ਜਾਣਾ ਪਿਆ ਹੈ।
ਮਹਾਂਪੰਚਾਇਤ ਦੀ ਸਟੇਜ ਤੋਂ ਸ਼ਹੀਦ ਸ਼ੁਭਕਰਨ ਸਿੰਘ ਬੱਲੋ ਨੂੰ ਸ਼ਰਧਾਂਜਲੀ ਭੇਂਟ ਕੀਤੇ ਗਈ ਤੇ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਣ ਮਗਰੋਂ ਪੀਜੀਆਈ ਵਿਖੇ ਇਲਾਜ ਦੌਰਾਨ ਦਮ ਤੋੜਨ ਵਾਲੇ ਕਿਸਾਨ ਚਰਨਜੀਤ ਸਿੰਘ ਕਾਲਾ ਦੀ ਮੌਤ ’ਤੇ ਵੀ ਦੁੱਖ ਪ੍ਰਗਟ ਕੀਤਾ ਗਿਆ। ਇਸ ਤੋਂ ਇਲਾਵਾ ਕਾਕਾ ਸਿੰਘ ਕੋਟੜਾ ਅਤੇ ਸੁਖਜੀਤ ਸਿੰਘ ਹਰਦੋਝੰਡੇ ਸਮੇਤ ਕਈ ਹੋਰ ਕਿਸਾਨ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਜਿਥੇ ਇਸ ਕਿਸਾਨ ਅੰਦੋਲਨ ਦਾ ਸਾਲ ਭਰ ਦਾ ਲੇਖਾ ਜੋਖਾ ਪੇਸ਼ ਕੀਤਾ, ਉਥੇ ਹੀ ਇਸ ਨੂੰ ਦੇਸ਼ ਭਰ ਦੇ ਲੋਕਾਂ ਦੀ ਸਾਂਝੀ ਲੜਾਈ ਦੱਸਦਿਆਂ ਇਸ ਨੂੰ ਜਿੱਤ ਤੱਕ ਲਿਜਾਣ ਲਈ ਸਾਰੇ ਵਰਗਾਂ ਦੇ ਭਰਵੇਂ ਸਹਿਯੋਗ ਦੀ ਮੰਗ ਵੀ ਕੀਤੀ ਗਈ।
ਉਧਰ ਇਸ ਮਹਾਂਪੰਚਾਇਤ ਦੇ ਸ਼ੁਰੂਆਤੀ ਦੌਰ ਦੌਰਾਨ ਹੀ ਦਿਲ ਦਾ ਦੌਰਾ ਪੈਣ ਕਾਰਨ ਸੀਨੀਅਰ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਚੱਕਰ ਖਾ ਕੇ ਡਿੱਗ ਪਏ ਸਨ। ਇਸ ਮਗਰੋਂ ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਇਸੇ ਦੌਰਾਨ ਏਕਤਾ ਦੇ ਮਤੇ ’ਤੇ ਐਸਕੇਐਮ ਦੀ ਤਾਲਮੇਲ ਕਮੇਟੀ ਵੱਲੋਂ ਸੱਦੀ ਗਈ ਮੀਟਿੰਗ ’ਚ ਸ਼ਾਮਲ ਹੋਣ ਕਰਕੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਸਮੇਤ ਕਈ ਹੋਰ ਆਗੂ ਅੱਜ ਦੀ ਇਸ ਮਹਾਂਪੰਚਾਇਤ ’ਚ ਸ਼ਾਮਲ ਨਾ ਹੋ ਸਕੇ।