Farmer Protest: ਚੰਡੀਗੜ੍ਹ ਕੂਚ ਰੋਕੇ ਜਾਣ ਤੇ ਆਗੂਆਂ ਦੀ ਫੜੋ-ਫੜੀ ਖ਼ਿਲਾਫ਼ ਕਿਸਾਨਾਂ ਨੇ ਫੂਕੇ ਸਰਕਾਰ ਦੇ ਪੁਤਲੇ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਦੇ ਕਿਸਾਨਾਂ ਪ੍ਰਤੀ ਮਾੜੇ ਵਤੀਰੇ ਖਿਲਾਫ ਅੰਮ੍ਰਿਤਸਰ ਵਿੱਚ ਗੋਲਡਨ ਗੇਟ ਸਮੇਤ ਸੂਬੇ ਵਿਚ 21 ਥਾਵਾਂ ’ਤੇ ਕੀਤੇ ਰੋਸ ਮੁਜ਼ਾਹਰੇ: ਪੰਧੇਰ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਮਾਰਚ
Farmer Protest: ਕਿਸਾਨਾਂ ਨੂੰ ਆਪਣੀਆਂ ਮੰਗਾਂ ਦੇ ਹੱਕ ਵਿੱਚ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਜਾਣ ਤੋਂ ਰੋਕੇ ਜਾਣ ਅਤੇ ਕਿਸਾਨ ਜਥੇਬੰਦੀ ਐਸਕੇਐਮ ਦੇ ਆਗੂਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਰੋਸ ਵਜੋਂ ਅੱਜ ਇੱਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਥਾਨਕ ਗੋਲਡਨ ਗੇਟ ਵਿਖੇ ਰੋਸ ਵਿਖਾਵਾ ਕੀਤਾ ਗਿਆ ਹੈ ਅਤੇ ਸਰਕਾਰ ਦਾ ਪੁਤਲਾ ਸਾੜਿਆ ਗਿਆ ਹੈ।
ਜਥੇਬੰਦੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਜਥੇਬੰਦੀ ਵੱਲੋਂ ਸਰਕਾਰ ਦੇ ਕਿਸਾਨਾਂ ਪ੍ਰਤੀ ਇਸ ਵਤੀਰੇ ਦੇ ਖਿਲਾਫ ਅੱਜ ਅੰਮ੍ਰਿਤਸਰ ਵਿੱਚ ਗੋਲਡਨ ਗੇਟ ਸਮੇਤ 21 ਥਾਵਾਂ ’ਤੇ ਸਰਕਾਰ ਖਿਲਾਫ ਰੋਸ ਮੁਜ਼ਾਹਰੇ ਕੀਤੇ ਗਏ। ਇਸ ਤੋਂ ਇਲਾਵਾ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਸਰਕਾਰ ਦੇ ਖਿਲਾਫ ਰੋਸ ਵਿਖਾਵੇ ਕੀਤੇ ਅਤੇ ਸਰਕਾਰ ਦੇ ਪੁਤਲੇ ਸਾੜੇ ਗਏ ਹਨ।
ਉਨ੍ਹਾਂ ਦੋਸ਼ ਲਾਇਆ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਦਿੱਲੀ ਵਿੱਚ ਰੋਸ ਵਿਖਾਵਾ ਨਹੀਂ ਕਰਨ ਦੇਣਾ ਚਾਹੁੰਦੀ ਅਤੇ ਪੰਜਾਬ ਮਾਨ ਸਰਕਾਰ ਚੰਡੀਗੜ੍ਹ ਵਿੱਚ ਰੋਸ ਵਿਖਾਵਾ ਕਰਨ ਤੋਂ ਰੋਕ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਦੇ ਹੱਕ ਵਿੱਚ ਜਮਹੂਰੀ ਢੰਗ ਤਰੀਕੇ ਨਾਲ ਆਪਣੀ ਆਵਾਜ਼ ਬੁਲੰਦ ਕਰਨਾ ਚਾਹੁੰਦੇ ਹਨ, ਪਰ ਸਰਕਾਰ ਵੱਲੋਂ ਕਿਸਾਨਾਂ ਦਾ ਇਹ ਜਮਹੂਰੀ ਹੱਕ ਵੀ ਖੋਹਿਆ ਜਾ ਰਿਹਾ ਹੈ। ਇਸ ਦੇ ਸਿੱਟੇ ਵੱਜੋਂ ਅੱਜ ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਮਾਨ ਸਰਕਾਰ ਦੇ ਖਿਲਾਫ ਰੋਸ ਵਿਖਾਵੇ ਕੀਤੇ ਗਏ ਹਨ ਅਤੇ ਪੁਤਲੇ ਸਾੜੇ ਜਾ ਰਹੇ ਹਨ।
ਇਹ ਵੀ ਪੜ੍ਹੋ:
Farmers Protest ਕਿਸਾਨ ਧਰਨਾ: ਪੁਲੀਸ ਨੇ ਸੀਲ ਕੀਤੀਆਂ ਚੰਡੀਗੜ੍ਹ ਦੀਆਂ ਹੱਦਾਂ
ਚੰਡੀਗੜ੍ਹ ਮੋਰਚਾ ਨਾਕਾਮ ਕਰਨ ਲਈ ਕਿਸਾਨ ਆਗੂਆਂ ਦੇ ਘਰਾਂ ’ਚ ਛਾਪੇ
ਚੰਡੀਗੜ੍ਹ ਪੁਲੀਸ ਨੇ ਪੇਂਡੂ ਸੰਘਰਸ਼ ਕਮੇਟੀ ਦੇ ਆਗੂ ਹਿਰਾਸਤ ਵਿੱਚ ਲਏ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ’ਤੇ ਦੋਸ਼ ਲਾ ਰਹੇ ਹਨ ਕਿ ਉਹ ਰੇਲਾਂ ਅਤੇ ਸੜਕਾਂ ਰੋਕ ਰਹੇ ਹਨ। ਜਦਕਿ ਅਜਿਹਾ ਨਹੀਂ ਹੈ, ਸਗੋਂ ਕਿਸਾਨ ਚੰਡੀਗੜ੍ਹ ਵਿੱਚ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਮੁਜ਼ਾਹਰਾ ਕਰਨ ਲਈ ਥਾਂ ਮੰਗ ਰਹੇ ਹਨ। ਉਨ੍ਹਾਂ ਨੂੰ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਹੱਕ ਦਿੱਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਕਿਸਾਨ ਕਾਰਕੁਨਾਂ ਵੱਲੋਂ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਵੀ ਸਾੜਿਆ ਗਿਆ। ਇਸ ਮੌਕੇ ਹੋਰ ਕਿਸਾਨ ਆਗੂ ਅਤੇ ਕਿਸਾਨ ਕਾਰਕੁਨ ਹਾਜ਼ਰ ਸਨ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਜੰਡਿਆਲਾ ਗੁਰੂ(ਸਿਮਰਤਪਾਲ ਸਿੰਘ ਬੇਦੀ): ਸਥਾਨਕ ਦਾਣਾ ਮੰਡੀ ਦੇ ਸਾਹਮਣੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ’ਤੇ ਜ਼ੋਨ ਜੰਡਿਆਲਾ ਗੁਰੂ ਦੇ ਕਿਸਾਨਾਂ ਵੱਲੋਂ ਜੀਟੀ ਰੋਡ ਨੂੰ ਜਾਮ ਕਰਕੇ ਜ਼ੋਨ ਪ੍ਰਧਾਨ ਚਰਨਜੀਤ ਸਿੰਘ ਸਫੀਪੁਰ ਅਤੇ ਪ੍ਰਗਟ ਸਿੰਘ ਗੁਨੋਵਾਲ ਦੀ ਅਗਵਾਈ ਹੇਠ ਭਗਵੰਤ ਮਾਨ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।
ਸੂਬਾ ਸੰਗਠਨ ਸਕੱਤਰ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਤਰਜ਼ ’ਤੇ ਕਿਸਾਨਾਂ ਮਜ਼ਦੂਰਾਂ ’ਤੇ ਜ਼ੁਲਮ ਕਰ ਰਹੀ ਹੈ। ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੂੰ ਆਪਣੀ ਰਾਜਧਾਨੀ ਵਿੱਚ ਜਾ ਕੇ ਆਪਣੀਆਂ ਹੱਕੀ ਮੰਗਾਂ ਵਾਸਤੇ ਆਵਾਜ਼ ਬੁਲੰਦ ਕਰਨ ਤੋਂ ਰੋਕਿਆ ਗਿਆ। ਉਨ੍ਹਾਂ ਕਿਹਾ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਆਗੂਆਂ ਤੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਦੀਆਂ ਵੱਡੇ ਪੱਧਰ ’ਤੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸਰਕਾਰ ਦੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਅਤੇ ਸਰਕਾਰ ਨੂੰ ਤਾੜਨਾ ਕਰਦੀ ਹੈ ਕਿ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੂੰ ਸ਼ਾਂਤਮਈ ਢੰਗ ਨਾਲ ਰਾਜਧਾਨੀ ਵਿੱਚ ਧਰਨਾ ਪ੍ਰਦਰਸ਼ਨ ਕਰਨ ਦਿੱਤਾ ਜਾਵੇ। ਇਸ ਮੌਕੇ ਮੰਗ ਕੀਤੀ ਗਈ ਕਿ ਸ਼ੰਭੂ ਅਤੇ ਖਨੌਰੀ ਸਮੇਤ ਚੱਲ ਰਹੇ ਧਰਨਿਆਂ ਦੀਆਂ 12 ਮੰਗਾਂ ਐੱਮਐੱਸਪੀ ਦੀ ਕਾਨੂੰਨੀ ਗਾਰੰਟ, C2 50 ਫਾਰਮੂਲਾ ਨਾਲ ਫਸਲਾਂ ਦੇ ਭਾਅ,
ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ, ਦੇਸ਼ ਦੇ ਪਹਿਲੇ ਅੰਦੋਲਨ ਦੌਰਾਨ ਕੀਤੇ ਪਰਚੇ ਰੱਦ ਕਰਨ ਆਦਿ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ। ਇਸ ਮੌਕੇ ਰੇਸ਼ਮ ਸਿੰਘ ਜੋਗਾ ਸਿੰਘ ਵਾਲਾ, ਮੰਗਲ ਸਿੰਘ ਦਸ਼ਮੇਸ਼ ਨਗਰ, ਮੁਖਬੈਨ ਸਿੰਘ ਜੋਧਾ ਨਗਰੀ, ਜਸਪਾਲ ਸਿੰਘ ਨਵਾਂ ਕੋਟ, ਹਰਕੀਰਤ ਸਿੰਘ, ਸਿਮਰਨਜੀਤ ਸਿੰਘ ਜੰਡਿਆਲਾ ਗੁਰੂ, ਅਨੋਖ ਸਿੰਘ, ਹਰਜੀਤ ਸਿੰਘ ਬੁੰਡਾਲਾ, ਅੰਗਰੇਜ਼ ਸਿੰਘ ਜੋਗਾ ਸਿੰਘ ਵਾਲਾ, ਜਗਰੂਪ ਸਿੰਘ ਦੇਵੀਦਾਸ ਪੁਰ, ਇੰਦਰ ਸਿੰਘ ਗੁਨੋਵਾਲ ਆਦਿ ਕਿਸਾਨ ਹਾਜ਼ਰ ਸਨ।