Farmer Protest: ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਸਿਲਸਿਲਾ ਜਾਰੀ
ਕੜਾਕੇ ਦੀ ਠੰਢ ਦੇ ਬਾਵਜੁਦ ਪੁਤਲੇ ਫੂਕਣ ਦੇ ਸੱਦੇ ਨੂੰ ਦੇਸ਼ ਭਰ ’ਚੋਂ ਮਿਲ ਰਿਹੈ ਭਰਵਾਂ ਹੁੰਗਾਰਾ: ਪੰਧੇਰ
ਸਰਬਜੀਤ ਸਿੰਘ ਭੰਗੂ
ਪਟਿਆਲਾ, 10 ਜਨਵਰੀ
Farmer Protest: ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨੀ ਮੰਗਾਂ ਬਾਰੇ ਅੜੀਅਲ ਰਵੱਈਆ ਅਖਤਿਆਰ ਕਰਨ ਕਰ ਕੇ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦੇ ਦਿੱਤੇ ਗਏ ਸੱਦੇ ਤਹਿਤ ਵੱਖ-ਵੱਖ ਥਾਈਂ ਪੁਤਲੇ ਸਾੜ ਕੇ ਕੇਂਦਰ ਖਿਲਾਫ ਰੋਸ ਜ਼ਾਹਰ ਕਰਨ ਦੀ ਕਾਰਵਾਈ ਸ਼ੁੱਕਰਵਾਰ ਸਵੇਰ ਤੋਂ ਹੀ ਸ਼ੁਰੂ ਹੋ ਗਈ ਹੈ।
ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਸੁਰਜੀਤ ਸਿੰਘ ਫੂਲ, ਦਿਲਬਾਗ਼ ਹਰੀਗੜ੍ਹ ਅਤੇ ਮਨਜੀਤ ਨਿਆਲ ਆਦਿ ਦਾ ਕਹਿਣਾ ਸੀ ਕਿ ਦੋਵਾਂ ਫੋਰਮਾਂ ਵੱਲੋਂ ਦਿੱਤੇ ਗਏ ਇਸ ਸੱਦੇ ਨੂੰ ਦੇਸ਼ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਲੋਕ ਸੜਕਾਂ 'ਤੇ ਆ ਕੇ ਕੇਂਦਰ ਸਰਕਾਰ ਦੇ ਪੁਤਲੇ ਫੂਕ ਰਹੇ ਹਨ।
ਅੰਬਾਲਾ ਜ਼ਿਲ੍ਹੇ ਵਿੱਚ ਕਿਸਾਨਾਂ ਨੇ ਫੂਕੇ ਕੇਂਦਰ ਸਰਕਾਰ ਦੇ ਪੁਤਲੇ
ਰਤਨ ਸਿੰਘ ਢਿੱਲੋਂ
ਅੰਬਾਲਾ: ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ (ਸ਼ਹੀਦ ਭਗਤ ਸਿੰਘ) ਦੇ ਵਰਕਰਾਂ ਨੇ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦੇ ਬਾਵਜੂਦ ਕੇਂਦਰ ਸਰਕਾਰ ਦੇ ਪੁਤਲੇ ਸਾੜੇ।
ਕਿਸਾਨਾਂ ਵੱਲੋਂ ਭਾਨੋਖੇੜੀ, ਦੁਰਾਣਾ, ਸਾਹਿਬਪੁਰਾ ਆਦਿ ਪਿੰਡਾਂ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ ਅਤੇ ‘ਡੱਲੇਵਾਲ ਜ਼ਿੰਦਾਬਾਦ’ ਦੇ ਨਾਅਰੇ ਲਾਏ ਗਏ। ਇਸ ਮੌਕੇ ਵੱਡੀ ਗਿਣਤੀ ਕਿਸਾਨ ਤੇ ਹੋਰ ਆਮ ਲੋਕ ਮੌਜੂਦ ਸਨ।