>ਚੰਡੀਗੜ੍ਹ, 4 ਜਨਵਰੀਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਨਿੱਚਰਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਖ਼ਤਮ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।ਗੁਰਮੀਤ ਸਿੰਘ ਖੁੱਡੀਆਂ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਦੱਸਿਆ ਕਿ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਪਿਛਲੇ 40 ਦਿਨਾਂ ਤੋਂ ਖਨੌਰੀ ਧਰਨੇ ’ਤੇ ਅਣਮਿਥੇ ਸਮੇਂ ਦੀ ਭੁੱਖ ਹੜਤਾਲ ਉੱਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਇਸ ਮਾਮਲੇ ’ਚ ਨਿੱਜੀ ਦਿਲਚਸਪੀ ਲੈਣੀ ਚਾਹੀਦੀ ਹੈ।ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪ੍ਰੀ-ਬਜਟ ਮੀਟਿੰਗ ਤਹਿਤ ਸੂਬਿਆਂ ਦੇ ਖੇਤੀਬਾੜੀ ਮੰਤਰੀਆਂ ਨੂੰ ਸੰਬੋਧਨ ਕਰ ਰਹੇ ਸਨ। ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਇਸ ਮੀਟਿੰਗ ਵਿੱਚ ਸ਼ਾਮਲ ਹੋਏ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਅੰਦੋਲਨ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਕੇਂਦਰ ਤੋਂ ਬਹੁਤ ਉਮੀਦਾਂ ਹਨ ਅਤੇ ਆਸ ਹੈ ਕਿ ਉਹ ਨਿੱਜੀ ਦਖ਼ਲ ਦੇਣਗੇ ਅਤੇ ਮੌਜੂਦਾ ਮਾਮਲਿਆਂ ’ਤੇ ਆਪਣਾ ਹਾਂ-ਪੱਖੀ ਯੋਗਦਾਨ ਪਾਉਣਗੇ।ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਕਾਨੂੰਨੀ ਗਾਰੰਟੀ ਦੀ ਮੰਗ ਸਣੇ ਵੱਖ-ਵੱਖ ਕਿਸਾਨੀ ਮੰਗਾਂ ਲਈ ਪਿਛਲੇ 40 ਦਿਨਾਂ ਤੋਂ ਅਣਮਿਥੇ ਸਮੇਂ ਦੀ ਭੁੱਖ ਹੜਤਾਲ ’ਤੇ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ਸ਼ੀਲ ਕਿਸਾਨਾਂ ਨੇ ਪਿਛਲੇ ਹਫ਼ਤੇ ਸ਼ਨਿੱਚਰਵਾਰ ਨੂੰ ਖਨੌਰੀ ਵਿੱਚ ਮਹਾਪੰਚਾਇਤ ਦਾ ਸੱਦਾ ਦਿੱਤਾ ਸੀ।ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨ ਪਿਛਲੇ ਸਾਲ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਧਰਨਾ ਲਾ ਕੇ ਬੈਠੇ ਹਨ। ਪਿਛਲੇ ਸਾਲ 13 ਫਰਵਰੀ ਨੂੰ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਦਿੱਲੀ ਕੂਚ ਕਰਨ ਤੋਂ ਰੋਕ ਦਿੱਤਾ ਸੀ।ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (70) ਨੇ ਲੰਬੇ ਸਮੇਂ ਤੋਂ ਵਰਤ ਰੱਖਣ ਦੇ ਬਾਵਜੂਦ ਹੁਣ ਤੱਕ ਕੋਈ ਵੀ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ।ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਬਾਰੇ ਪੁੱਛੇ ਜਾਣ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਸਰਕਾਰ ਪੰਜਾਬ-ਹਰਿਆਣਾ ਸਰਹੱਦ ’ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ’ਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰੇਗੀ। -ਪੀਟੀਆਈ