For the best experience, open
https://m.punjabitribuneonline.com
on your mobile browser.
Advertisement

ਪੰਜਾਬ ਭਰ ਵਿੱਚ ਕਿਸਾਨਾਂ ਨੇ ਬਿੱਟੂ ਦੇ ਪੁਤਲੇ ਫੂਕੇ

08:37 AM Nov 11, 2024 IST
ਪੰਜਾਬ ਭਰ ਵਿੱਚ ਕਿਸਾਨਾਂ ਨੇ ਬਿੱਟੂ ਦੇ ਪੁਤਲੇ ਫੂਕੇ
ਤਰਨ ਤਾਰਨ ਵਿੱਚ ਰਵਨੀਤ ਬਿੱਟੂ ਦਾ ਪੁਤਲਾ ਫੂਕਦੇ ਹੋਏ ਕਿਸਾਨ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 10 ਨਵੰਬਰ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ਦੀ ਤੁਲਨਾ ਤਾਲਿਬਾਨ ਨਾਲ ਕਰਨ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ’ਚ ਭਾਜਪਾ ਖ਼ਿਲਾਫ਼ ਰੋਹ ਹੋਰ ਵਧ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬੇ ’ਚ ਡੇਢ ਦਰਜਨ ਥਾਵਾਂ ’ਤੇ ਕੇਂਦਰ ਸਰਕਾਰ ਅਤੇ ਰਵਨੀਤ ਬਿੱਟੂ ਦੇ ਪੁਤਲੇ ਫੂਕੇ ਤੇ ਬਿਆਨ ਦੀ ਨਿਖੇਧੀ ਕੀਤੀ ਗਈ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀ ਨੇ ਭਲਕੇ 11 ਨਵੰਬਰ ਨੂੰ ਪੰਜਾਬ ਭਰ ’ਚ ਰਵਨੀਤ ਬਿੱਟੂ ਤੇ ਕੇਂਦਰ ਵਿਰੁੱਧ ਰੋਸ ਮੁਜ਼ਾਹਰੇ ਕਰ ਕੇ ਪੁਤਲੇ ਸਾੜਨ ਦਾ ਐਲਾਨ ਵੀ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਭਾਜਪਾ ਤੇ ਆਰਐੱਸਐੱਸ ਦੇ ਇਸ਼ਾਰੇ ’ਤੇ ਕਿਸਾਨ ਆਗੂਆਂ ਦੀ ਤੁਲਨਾ ਤਾਲਿਬਾਨ ਨਾਲ ਕੀਤੀ ਗਈ ਹੈ ਤੇ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਵਾਉਣ ਦੀ ਚਿਤਾਵਨੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਵਾਉਣ ਦੀ ਥਾਂ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸੇਵਾਮੁਕਤ ਅਫ਼ਸਰਾਂ ਦੀ ਸੰਪਤੀ ਜਾਂਚ ਸੁਪਰੀਮ ਕੋਰਟ ਦੇ ਕਿਸੇ ਜੱਜ ਅਧੀਨ ਕਮੇਟੀ ਬਣਾ ਕੇ ਕਰਵਾਈ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਸਲਾਹ ਕਰ ਕੇ ਦੇਸ਼ ’ਚ ਹਰ ਰੋਜ਼ ਖ਼ੁਦਕੁਸ਼ੀ ਕਰ ਰਹੇ ਕਿਸਾਨਾਂ ਤੇ ਮਜ਼ਦੂਰਾਂ, 2000 ਤੋਂ ਲੈ ਕੇ 2015 ਤੱਕ ਫਸਲਾਂ ਦੇ ਭਾਅ ’ਚ 45 ਲੱਖ ਕਰੋੜ ਦੇ ਪਏ ਘਾਟੇ ਅਤੇ ਨਸ਼ੇ ਕਾਰਨ ਮੌਤਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਦੌਰਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਉਣ ਵਾਲੇ ਦਿਨਾਂ ’ਚ ਰਵਨੀਤ ਬਿੱਟੂ ਤੇ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਸ਼ੰਭੂ ਬਾਰਡਰ (ਪਟਿਆਲਾ) (ਸਰਬਜੀਤ ਸਿੰਘ ਭੰਗੂ): ਪੰਜਾਬ ਤੇ ਹਰਿਆਣਾ ਦੀ ਹੱਦ ਸ਼ੰਭੂ ਬਾਰਡਰ ’ਤੇ ਪੱਕਾ ਮੋਰਚਾ ਲਾ ਕੇ ਬੈਠੇ ਕਿਸਾਨਾਂ ਨੇ ਅੱਜ ਰਵਨੀਤ ਬਿੱਟੂ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਮਨਜੀਤ ਸਿੰਘ ਨਿਆਲ, ਮਨਜੀਤ ਸਿੰਘ ਘੁਮਾਣਾ, ਮਨਜੀਤ ਸਿੰਘ ਰਾਏ, ਜੰਗ ਸਿੰਘ ਭਟੇੜੀ ਅਤੇ ਗੁਰਧਿਆਨ ਸਿੰਘ ਸਿਉਣਾ ਨੇ ਕਿਹਾ ਕਿ ਕਿਸਾਨ ਪਰਿਵਾਰ ਨਾਲ ਸਬੰਧਤ ਹੋਣ ਦੇ ਬਾਵਜੂਦ ਬਿੱਟੂ ਕਿਸਾਨ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਿਹਾ ਹੈ। ਕਿਸਾਨ ਆਗੂ ਜਗਜੀਤ ਸਿੰੰਘ ਡੱਲੇਵਾਲ ਅਤੇ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਖਿਲਾਫ਼ ਅਜਿਹੀ ਬਿਆਨਬਾਜ਼ੀ ਸਿਰਫ਼ ਕੁਰਸੀ ਖਾਤਰ ਕੀਤੀ ਗਈ ਹੈ।
ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾਈ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਨੇ ਕਿਹਾ ਕਿ ਬਿੱਟੂ ਅਜਿਹੇ ਬਿਆਨ ਦੇ ਕੇ ਭਾਜਪਾ ਨੂੰ ਖੁਸ਼ ਕਰ ਰਹੇ ਹਨ। ਕਿਸਾਨ ਆਗੂਆਂ ਨੇ ਬਿੱਟੂ ਨੂੰ ਕਿਸਾਨਾਂ ਤੋਂ ਮੁਆਫ਼ੀ ਮੰਗਣ ਲਈ ਵੀ ਆਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿੱਟੂ ਇਸੇ ਤਰ੍ਹਾਂ ਬਿਆਨਬਾਜ਼ੀ ਕਰਦੇ ਰਹੇ ਤਾਂ ਉਸ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।

Advertisement

ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼: ਉਗਰਾਹਾਂ

ਮਾਨਸਾ (ਜੋਗਿੰਦਰ ਸਿੰਘ ਮਾਨ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਖ਼ਿਲਾਫ਼ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਕਿਹਾ ਕਿ ਉਹ ਸਿਆਸਤਦਾਨਾਂ ਵੱਲੋਂ ਇੱਕ-ਦੂਜੇ ’ਤੇ ਕੀਤੀ ਜਾਣ ਵਾਲੀ ਦੂਸ਼ਣਬਾਜ਼ੀ ਵਾਲਾ ਤਰੀਕਾ ਕਿਸਾਨ ਆਗੂਆਂ ’ਤੇ ਲਾਗੂ ਕਰਨ ਦੀ ਕੋਸ਼ਿਸ਼ ਨਾ ਕਰਨ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਰਵਨੀਤ ਬਿੱਟੂ ਕਿਸਾਨ ਸੰਘਰਸ਼ ਰਾਹੀਂ ਜ਼ਮੀਨਾਂ ਜਾਇਦਾਦਾਂ ਬਣਾਉਣ ਦੇ ਬੇਤੁਕੇ ਦੋਸ਼ਾਂ ਵਾਲੀ ਬਿਆਨਬਾਜ਼ੀ ਰਾਹੀਂ ਸੈਂਕੜੇ ਕੁਰਬਾਨੀਆਂ ਵਾਲੇ ਇਤਿਹਾਸਕ ਕਿਸਾਨ ਸੰਘਰਸ਼ ਦਾ ਨਿਰਾਦਰ ਬੰਦ ਕਰਨ। ਉਨ੍ਹਾਂ ਕਿਹਾ ਕਿ ਅਜਿਹੀਆਂ ਜ਼ਮੀਨਾਂ ਜਾਇਦਾਦਾਂ ਰਵਨੀਤ ਬਿੱਟੂ ਵਰਗੇ ਮੌਕਾਪ੍ਰਸਤ ਸਿਆਸਤਦਾਨਾਂ ਵੱਲੋਂ ਸੱਤਾ ’ਤੇ ਬੈਠ ਕੇ ਬਣਾਈਆਂ ਗਈਆਂ ਹਨ ਅਤੇ ਹੁਣ ਵੀ ਈਮਾਨ ਨੂੰ ਛਿੱਕੇ ਟੰਗਦੇ ਹੋਏ ਦਲਬਦਲੀ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਝੋਨੇ ਦੀ ਖਰੀਦ ਤੋਂ ਭੱਜਣ ਦੀ ਨੀਤੀ ਅਖਤਿਆਰ ਕਰਦਿਆਂ ਖੇਤੀ ਕਾਨੂੰਨਾਂ ਨੂੰ ਹੀ ਬਦਲਵੇਂ ਢੰਗਾਂ ਨਾਲ ਲਾਗੂ ਕਰਨ ’ਚ ਜੁਟੀ ਹੋਈ ਹੈ।

Advertisement

ਬਿੱਟੂ ਦੇ ਬਿਆਨ ਬਾਰੇ ਸਥਿਤੀ ਸਪੱਸ਼ਟ ਕਰੇ ਭਾਜਪਾ: ਮਜੀਠੀਆ

ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ਦੀ ਤੁਲਨਾ ਤਾਲਿਬਾਨ ਨਾਲ ਕਰਨ ’ਤੇ ਭਾਜਪਾ ਦਾ ਘਿਰਾਓ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰਵਨੀਤ ਬਿੱਟੂ ਕਿਸਾਨਾਂ ਦੀ ਤਾਲਿਬਾਨ ਨਾਲ ਤੁਲਨਾ ਕਰ ਕੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਉਣ ਦੀਆਂ ਧਮਕੀਆਂ ਦੇ ਰਹੇ ਹਨ ਪਰ ਭਾਜਪਾ ਇਸ ਮਾਮਲੇ ’ਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਰਵਨੀਤ ਬਿੱਟੂ ਵੱਲੋਂ ਦਿੱਤੇ ਬਿਆਨਾਂ ਬਾਰੇ ਆਪਣੀ ਸਥਿਤੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸਰਕਾਰ ਅਜਿਹੀਆਂ ਵੰਡਪਾਊ ਰਾਜਨੀਤੀ ’ਚ ਸ਼ਾਮਲ ਹੋਣ ਵਾਲੇ ਬਿਆਨਾਂ ਦੇਣ ਦੀ ਥਾਂ ਕਿਸਾਨਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕਰੇ।

Advertisement
Author Image

sukhwinder singh

View all posts

Advertisement