For the best experience, open
https://m.punjabitribuneonline.com
on your mobile browser.
Advertisement

ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰ ਦੀ ਰਿਹਾਇਸ਼ ਦਾ ਘਿਰਾਓ

10:00 AM May 29, 2024 IST
ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰ ਦੀ ਰਿਹਾਇਸ਼ ਦਾ ਘਿਰਾਓ
ਭਾਜਪਾ ਉਮੀਦਵਾਰ ਪਰਮਪਾਲ ਕੌਰ ਦੀ ਕੋਠੀ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ-ਮਜ਼ਦੂਰ। -ਫੋਟੋ: ਪਵਨ ਸ਼ਰਮਾ
Advertisement

ਪੱਤਰ ਪ੍ਰੇਰਕ
ਬਠਿੰਡਾ, 28 ਮਈ
ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਬੀਕੇਯੂ ਸਿੱਧੂਪੁਰ, ਬੀਕੇਯੂ ਖੋਸਾ ਅਤੇ ਬੀਕੇਯੂ ਕ੍ਰਾਂਤੀਕਾਰੀ ਦੇ ਕਾਰਕੁਨਾਂ ਨੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦੀ ਮਾਡਲ ਟਾਊਨ ਸਥਿਤ ਕੋਠੀ ਦਾ ਘਿਰਾਓ ਕੀਤਾ। ਇਸ ਮੌਕੇ ਪੁਲੀਸ ਵੱਲੋਂ ਕੋਠੀ ਅੱਗੇ ਬੈਰੀਕੇਡਿੰਗ ਕੀਤੀ ਗਈ।
ਧਰਨੇ ਮੌਕੇ ਬੀਕੇਯੂ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਰੇਸ਼ਮ ਸਿੰਘ ਯਾਤਰੀ, ਕੁਲਵੰਤ ਸਿੰਘ, ਮੁਖਤਿਆਰ ਸਿੰਘ, ਜਗਦੇਵ ਸਿੰਘ ਮਾਨਸਾ, ਦਰਸ਼ਨ ਸਿੰਘ, ਘੁੱਦਰ ਸਿੰਘ, ਅਮਰਜੀਤ ਕੌਰ ਬਠਿੰਡਾ ਅਤੇ ਅਮਰਜੀਤ ਕੌਰ ਮੰਡੀ ਕਲਾਂ ਨੇ ਕਿਹਾ ਕਿ ਭਾਜਪਾ ਆਗੂਆਂ ਵੱਲੋਂ ਸਮਾਜ ਵਿੱਚ ਪਾੜਾ ਪਾਉਣ ਵਾਲੇ ਅਤੇ ਭਾਈਚਾਰਕ ਸਾਂਝ ਤੋੜਨ ਵਾਲੀ ਭੜਕਾਊ ਬਿਆਨਬਾਜ਼ੀ ਕੀਤੀ ਜਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਅਤੇ ਰਵਨੀਤ ਬਿੱਟੂ ਸਣੇ ਹੋਰ ਉਮੀਦਵਾਰ ਤੇ ਆਗੂ ਧਮਕੀ ਭਰੇ ਬਿਆਨ ਦੇ ਰਹੇ ਹਨ ਜਿਸ ਤੋਂ ਉਨ੍ਹਾਂ ਦੀ ਮਾਨਸਿਕਤਾ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਦੋਸ਼ ਲਗਾਏ ਕਿ ਸੁਨੀਲ ਜਾਖੜ ਅਤੇ ਹੋਰ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਵਿੱਚ ਪਾੜਾ ਪਾਉਣ ਲਈ ਫ਼ਿਰਕੂ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੌਜਵਾਨ ਸ਼ੁਭਕਰਨ ਦੀ ਮੌਤ, ਹਰਿਆਣਾ ਪੁਲੀਸ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਅੱਖਾਂ ਦੀ ਰੌਸ਼ਨੀ ਗੁਆ ਬੈਠੇ ਹਨ ਪਰ ਭਾਜਪਾ ਵੱਲੋਂ ਹਾਅ ਦਾ ਨਾਅਰਾ ਤੱਕ ਨਹੀਂ ਮਾਰਿਆ ਗਿਆ।

Advertisement

‘ਸਰਕਾਰ ਦੀ ਮਿਲੀਭੁਗਤ ਨਾਲ ਲੱਗ ਰਹੇ ਨੇ ਧਰਨੇ’

ਭਾਜਪਾ ਆਗੂ ਪਰਮਪਾਲ ਕੌਰ ਨੇ ਕਿਹਾ ਕਿ ਕਿਸਾਨ ਜਥੇਬੰਦੀ ਵੱਲੋਂ ਉਨ੍ਹਾਂ ਦੀ ਨਿੱਜੀ ਰਿਹਾਇਸ਼ ਦੇ ਬਾਹਰ ਧਰਨਾ ਸਰਕਾਰ ਦੀ ਬੌਖ਼ਾਲਾਹਟ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਉਹ ਖਿੱਤੇ ਦੇ ਹਰ ਵਰਗ ਦੀ ਆਵਾਜ਼ ਬੁਲੰਦ ਕਰਨ ਲਈ ਰਾਜਨੀਤੀ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਹਰ ਵਰਗ ਤੋਂ ਮਿਲ ਰਹੇ ਸਮਰਥਨ ਨਾਲ ਉਨ੍ਹਾਂ ਦੀ ਯਕੀਨੀ ਜਿੱਤ ਨੂੰ ਦੇਖਦਿਆਂ ਸਰਕਾਰ, ਪੁਲੀਸ ਤੇ ਹੋਰ ਵਿਰੋਧੀਆਂ ਦੀ ਮਿਲੀਭੁਗਤ ਨਾਲ ਕਿਸਾਨਾਂ ਵੱਲੋਂ ਧਰਨੇ ਲਾਏ ਜਾ ਰਹੇ ਹਨ।

ਭਾਜਪਾ ਉਮੀਦਵਾਰ ਵੱਲੋਂ ਬਠਿੰਡਾ ’ਚ ਚੋਣ ਪ੍ਰਚਾਰ

ਬਠਿੰਡਾ (ਪੱਤਰ ਪ੍ਰੇਰਕ): ਸਥਾਨਕ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਧੋਬੀ ਬਾਜ਼ਾਰ, ਡਾਕਖਾਨਾ ਬਾਜ਼ਾਰ, ਰੇਲਵੇ ਰੋਡ ਅਤੇ ਮਾਲ ਰੋਡ ਆਦਿ ਇਲਾਕਿਆਂ ਵਿੱਚ ਰੋਡ ਸ਼ੋਅ ਅਤੇ ਪੈਦਲ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ ਅਤੇ ਖ਼ਰੀਦਦਾਰੀ ਲਈ ਆਏ ਲੋਕਾਂ ਤੋਂ ਸਹਿਯੋਗ ਮੰਗਿਆ। ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ ਅਤੇ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਸਕੀਮਾਂ ਅਤੇ ਵਿਕਾਸ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ। ਪਰਮਪਾਲ ਕੌਰ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਪੰਜਾਬ ਬਾਕੀ ਸਾਰੇ ਸੂਬਿਆਂ ਨਾਲੋਂ ਪਛੜ ਗਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਅਜਿਹੇ ਵਿੱਚ ਹੁਣ ਲੋਕਾਂ ਨੇ ਭਾਜਪਾ ਨੂੰ ਚੁਣਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਮੌਜੂਦ ਵਪਾਰੀਆਂ ਨੇ ਭਾਜਪਾ ਨੂੰ ਸਮਰਥਨ ਦੇਣ ਦਾ ਅਹਿਦ ਲਿਆ।

Advertisement
Author Image

joginder kumar

View all posts

Advertisement
Advertisement
×