ਕਿਸਾਨਾਂ ਤੇ ਮਜ਼ਦੂਰਾਂ ਨੇ ਭਾਜਪਾ ਦਾ ਪੁਤਲਾ ਫੂਕਿਆ
ਮਿਹਰ ਸਿੰਘ
ਕੁਰਾਲੀ, 1 ਅਗਸਤ
ਕਿਸਾਨਾਂ ’ਤੇ ਅੱਤਿਆਚਾਰ ਕਰਨ ਵਾਲੇ ਪੁਲੀਸ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਦੇ ਰੋਸ ਵਜੋਂ ਅੱਜ ਸ਼ਹਿਰ ਦੇ ਕੌਮੀ ਮਾਰਗ ’ਤੇ ਭਾਰਤੀ ਜਨਤਾ ਪਾਰਟੀ ਅਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਮੁਜ਼ਾਹਾਰਾਕੀਆਂ ਨੇ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ ਭਾਰਤ) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਅੱਜ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਮੋਰਚੇ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਦਲਜੀਤ ਸਿੰਘ ਜੀਤਾ ਫਾਂਟਵਾਂ ਦੀ ਅਗਵਾਈ ਵਿੱਚ ਕੀਤੇ ਇਸ ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਜਿਨ੍ਹਾਂ ਅਧਿਕਾਰੀਆਂ ਨੇ ਨਿਹੱਥੇ ਕਿਸਾਨਾਂ ’ਤੇ ਸਿੱਧੀਆਂ ਗੋਲੀਆਂ ਚਲਾਈਆਂ, ਉਨ੍ਹਾਂ ਛੇ ਅਧਿਕਾਰੀਆਂ ਨੂੰ ਰਾਸ਼ਟਰਪਤੀ ਸਨਮਾਨ ਲਈ ਹਰਿਆਣਾ ਸਰਕਾਰ ਵਲੋਂ ਸਿਫਾਰਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਹਰਿਆਣਾ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਦੀ ਕਿਸਾਨ ਤੇ ਪੰਜਾਬ ਵਿਰੋਧੀ ਨੀਤੀ ਦਾ ਹਿੱਸਾ ਹੈ। ਆਗੂਆਂ ਨੇ ਕੇਂਦਰ ਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਦੀ ਨਿਖੇਧੀ ਕਰਦਿਆਂ ਪੁਤਲੇ ਫੂਕੇ ਅਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਵੀ ਕੀਤਾ।