ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਨਾਅਰੇਬਾਜ਼ੀ
ਪ੍ਰਭੂ ਦਿਆਲ
ਸਿਰਸਾ, 28 ਜੁਲਾਈ
ਕਿਸਾਨਾਂ ਤੇ ਮਜ਼ਦੂਰਾਂ ਨੇ ਪਿੰਡ ਕਰੀਵਾਲਾ ’ਚ ਅੱਜ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਖੇਤੀ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ। ਕਿਸਾਨਾਂ ਤੇ ਮਜ਼ਦੂਰਾਂ ਦੀ ਅਗਵਾਈ ਰੇਸ਼ਮ ਸਿੰਘ ਸੰਧੂ ਤੇ ਦਲੀਪ ਸੋਲੰਕੀ ਨੇ ਸਾਂਝੇ ਤੌਰ ’ਤੇ ਕੀਤੀ। ਇਸ ਦੌਰਾਨ ਬੁਲਾਰਿਆਂ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਕਾਲੇ ਕਾਨੂੰਨ ਕਰਾਰ ਦਿੰਦਿਆਂ ਕਿਸਾਨ ਮਾਰੂ ਦੱਸਿਆ। ਆਰਡੀਨੈਂਸਾਂ ਦਾ ਵਿਰੋਧ ਕਰਦਿਆਂ ਖੱਬੇਪੱਖੀ ਚਿੰਤਕ ਤੇ ਕਿਸਾਨ ਆਗੂ ਸਵਰਨ ਸਿੰਘ ਵਿਰਕ ਨੇ ਕਿਹਾ ਕਿ ਕੇਂਦਰ ਤੇ ਭਾਜਪਾ ਦੀ ਸੂਬਾ ਸਰਕਾਰ ਕਰੋਨਾਵਾਇਰਸ ਦੀ ਆੜ ਹੇਠ ਆਪਣੇ ਲੁਕੇ ਏਜੰਡੇ ਨੂੰ ਲਾਗੂ ਕਰ ਰਹੀ ਹੈ। ਕਿਸਾਨ, ਮਜ਼ਦੂਰ ਤੇ ਕਰਮਚਾਰੀ ਵਿਰੋਧੀ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਗਾਮੀ 10 ਅਗਸਤ ਨੂੰ ਪੂਰੇ ਸੂਬੇ ਵਿੱਚ ਇਨ੍ਹਾਂ ਆਰਡੀਨੈਂਸਾਂ ਤੇ ਕਾਲੇ ਕਾਨੂੰਨਾਂ ਖ਼ਿਲਾਫ਼ ਥਾਂ-ਥਾਂ ’ਤੇ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਕਾਮਰੇਡ ਕਸ਼ਮੀਰ ਸਿੰਘ, ਡਾ. ਕਸ਼ਮੀਰ ਸਿੰਘ ਹਾਂਡਾ, ਸੁਖਦੇਵ ਸਿੰਘ ਕੱਕਾ, ਅਰੂੜ ਸਿੰਘ, ਸਾਹਿਬ ਸਿੰਘ, ਹਾਕਮ ਸਿੰਘ, ਕਰਨਦੀਪ ਸਿੰਘ, ਲਵਦੀਪ ਸਿੰਘ ਨੇ ਵਿਚਾਰ ਸਾਂਝੇ ਕੀਤੇ।