ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਤੇਜ਼ ਕਰਨ ਦਾ ਐਲਾਨ

08:09 AM Apr 17, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਜਸਬੀਰ ਸ਼ੇਤਰਾ
ਜਗਰਾਉਂ, 16 ਅਪਰੈਲ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਮੋਰਚੇ ਨਾਲ ਜੁੜੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਉਮੀਦਵਾਰਾਂ ਦੇ ਵਿਰੋਧ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਥੇ ਹੋਈ ਸਾਂਝੀ ਮੀਟਿੰਗ ’ਚ ਭਾਜਪਾ ਉਮੀਦਵਾਰਾਂ ਦੇ ਨਾਲ-ਨਾਲ ਇਸ ਪਾਰਟੀਆਂ ਦੇ ਆਗੂਆਂ ਦਾ ਵੀ ਪਿੰਡਾਂ ’ਚ ਆਉਣ ’ਤੇ ਵਿਰੋਧ ਕਰਨ ਅਤੇ ਪਿੰਡਾਂ ’ਚ ਨਾ ਵੜਨ ਦੇਣ ਦਾ ਅਹਿਦ ਦੁਹਰਾਇਆ ਗਿਆ। ਇਸ ਤੋਂ ਇਲਾਵਾ ਭੂੰਦੜੀ ਵਿਖੇ ਚੱਲਦੇ ਗੈਸ ਫੈਕਟਰੀ ਵਿਰੋਧੀ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਬੁਰਜ ਗਿੱਲ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਬੀਕੇਯੂ (ਕਾਦੀਆਂ) ਅਤੇ ਬੀਕੇਯੂ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨਾਂ ਨੇ ਮੀਟਿੰਗ ’ਚ ਭਾਗ ਲਿਆ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਤਰਲੋਚਨ ਸਿੰਘ ਬਰਮੀ, ਗੁਰਜੀਤ ਸਿੰਘ ਗਿੱਲ ਅਤੇ ਜੋਗਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਉਮੀਦਵਾਰਾਂ ਨੂੰ ਹਰ ਪਿੰਡ ਅਤੇ ਸ਼ਹਿਰ ’ਚ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨ ਪੁੱਛਣਗੇ ਕਿ ਕਿਸਾਨ ਅੰਦੋਲਨ ਸਮੇਂ ਕਿਸਾਨਾਂ ਸਾਹਮਣੇ ਕਿੱਲਾਂ ਤੇ ਬੈਰੀਕੇਡ ਲਗਾ ਕੇ ਰੋਕਾਂ ਕਿਉਂ ਖੜ੍ਹੀਆਂ ਕੀਤੀਆਂ ਗਈਆਂ। ਨੌਜਵਾਨ ਕਿਸਾਨ ਸ਼ੁਭਕਰਨ ਨੂੰ ਗੋਲੀ ਮਾਰ ਕੇ ਸ਼ਹੀਦ ਕਿਉਂ ਕੀਤਾ? ਕਿਸਾਨਾਂ ਦੇ ਟਰੈਕਟਰ ਭੰਨਣ ਦੇ ਨਾਲ ਕਿਸਾਨਾਂ ’ਤੇ ਹਮਲੇ ਕਿਉਂ ਕੀਤੇ ਗਏ? ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਨਾ ਹੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਹੈ। ਲਖੀਮਪੁਰ ਖੀਰੀ ਮਾਮਲੇ ’ਚ ਇਨਸਾਫ਼ ਨਹੀਂ ਦਿੱਤਾ ਗਿਆ। ਦਿੱਲੀ ਅੰਦੋਲਨ ਸਮੇਂ ਕਿਸਾਨਾਂ ’ਤੇ ਦਰਜ ਸਾਰੇ ਕੇਸ ਹਾਲੇ ਤੱਕ ਵਾਪਸ ਨਹੀਂ ਹੋਏ। ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਕੀਤਾ ਗਿਆ। ਬਿਜਲੀ ਸੋਧ ਬਿੱਲ 2020 ਵਾਅਦਾ ਖ਼ਿਲਾਫ਼ੀ ਕਰਕੇ ਸੰਸਦ ’ਚ ਪੇਸ਼ ਕਰ ਦਿੱਤਾ। ਇਸ ਦੇ ਨਾਲ ਹੀ ਇਨ੍ਹਾਂ ਕਿਸਾਨ ਆਗੂਆਂ ਵਲੋਂ ਸੱਤਾਧਾਰੀ ਆਪ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ ਨੂੰ ਸੱਤਾ ਤੋਂ ਪਹਿਲਾਂ ਜਾਰੀ ਕੀਤੇ ਚੋਣ ਮੈਨੀਫੈਸਟੋ ’ਚ ਪੰਜਾਬ ਦੀ ਕਿਸਾਨੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੀਤੇ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਇਨ੍ਹਾਂ ਉਮੀਦਵਾਰਾਂ ਨੂੰ ਸਵਾਲ ਕੀਤੇ ਜਾਣਗੇ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੇਂਦਰੀ ਹਕੂਮਤ ਅੱਗੇ ਗੋਡੇ ਟੇਕ ਦਿੱਤੇ ਹਨ। ਇਸ ਤਰ੍ਹਾਂ ਕਰਕੇ ਬਦਲਾਅ ਵਾਲੀ ਇਸ ਸਰਕਾਰ ਨੇ ਪੰਜਾਬ ਅਤੇ ਕਿਸਾਨਾਂ ਨਾਲ ਧੋਖਾ ਕੀਤਾ ਹੈ।

Advertisement

ਉਮੀਦਵਾਰਾਂ ਲਈ ਸੌਖਾ ਨਹੀਂ ਪ੍ਰਚਾਰ ਦਾ ਰਾਹ

ਜਗਰਾਉਂ (ਚਰਨਜੀਤ ਸਿੰਘ ਢਿੱਲੋਂ): ਚੋਣ ਪ੍ਰਚਾਰ ਭਖਣ ਦੇ ਨਾਲ-ਨਾਲ ਸਿਆਸੀ ਆਗੂਆਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਜੋ ਅਜੇ ਤੱਕ ਵਫਾ ਨਹੀਂ ਹੋ ਸਕੇ, ਲੋਕ ਮਨਾਂ ’ਚ ਸਵਾਲ ਬਣ ਉੱਭਰਨ ਲੱਗੇ ਹਨ। ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੇ ਜੱਦੀ ਸ਼ਹਿਰ ਅਤੇ ਇਲਾਕੇ ਦੇ ਲੋਕ ਵੋਟਾਂ ਮੰਗਣ ਘਰਾਂ ’ਚ ਆਉਣ ਵਾਲੇ ਆਗੂਆਂ ਨੂੰ ਕਿਹੜੇ ਮਸਲਿਆਂ ਅਤੇ ਵਾਅਦਿਆਂ ’ਤੇ ਘੇਰਨਾ ਹੈ, ਉਂਗਲਾਂ ਰਟੀ ਬੈਠੇ ਹਨ। ਕੁਝ ਦਿਨ ਪਹਿਲਾਂ ਭਾਜਪਾ ’ਚ ਸ਼ਾਮਲ ਹੋਏ ਰਵਨੀਤ ਬਿੱਟੂ ਨੇ ਲਾਲਾ ਜੀ ਦੀ ਯਾਦ ’ਚ ਕੇਂਦਰ ਤੋਂ ਵੱਡਾ ਪ੍ਰਾਜੈਕਟ ਲਿਆਉਣ, ਆਫੀਸਰ ਕਲੱਬ ਦੀ ਹਾਲਤ ਸੁਧਾਰਨ ਲਈ 5 ਲੱਖ ਦੀ ਵਿਸ਼ੇਸ਼ ਗ੍ਰਾਂਟ ਦੇਣ ਆਦਿ ਪ੍ਰਮੁੱਖ ਮੰਗਾਂ ਲੋਕਾਂ ਦੇ ਮਨਾਂ ਘਰ ਕਰ ਗਈਆਂ ਹਨ। ਪ੍ਰਚਾਰ ਦੌਰਾਨ ਰਵਨੀਤ ਬਿੱਟੂ ਨੂੰ ਲੋਕਾਈ ਦਾ ਸਾਹਮਣਾ ਕਰਨਾ ਸੌਖਾ ਨਹੀਂ ਹੈ। ਦੂਸਰੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਕਰਨ ਲਈ ਆਏ ਸਨ, ਉਦੋਂ ਜਗਰਾਉਂ ਦੇ ਲੋਕਾਂ ਨੇ ਮੁੱਖ ਮੰਤਰੀ ਵੱਲੋਂ ਪੰਜਾਬ ’ਚ ਬਣਨ ਵਾਲੇ ਮੈਡੀਕਲ ਕਾਲਜਾਂ ’ਚੋਂ ਇੱਕ ਜਗਰਾਉਂ ’ਚ ਬਣਾਉਣ ਲਈ ਮੰਗ ਰੱਖੀ ਸੀ। ਜਗਰਾਉਂ ਵਾਸੀਆਂ ਨੇ ਸਨਮਤੀ ਵਿਗਿਆਨ ਅਤੇ ਖੋਜ ਕਾਲਜ ਰਾਏਕੋਟ ਰੋਡ ਦੀ ਕਈ ਏਕੜ ਵਿਹਲੀ ਪਈ ਜ਼ਮੀਨ ਦੇਣ ਦਾ ਪ੍ਰਸਤਾਵ ਭੇਜਿਆ ਸੀ ਪਰ ਕਈ ਵਾਰ ਸਰਕਾਰ ਨੂੰ ਇਹ ਮੰਗ ਸਿਰੇ ਚੜ੍ਹਾਉਣ ਦੀ ਅਪੀਲ ਤੋਂ ਬਾਅਦ ਵੀ ਪੂਰੀ ਨਹੀਂ ਹੋਈ। ਅਜਿਹੇ ਲਾਰਿਆਂ ਦਾ ਹਿਸਾਬ ਲੈਣ ਲਈ ਲੋਕ ਹੁਣ ਸਿਆਸੀ ਆਗੂਆਂ ਦੀ ਉਡੀਕ ਕਰ ਰਹੇ ਹਨ।

Advertisement
Advertisement
Advertisement