ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਗਣਤੰਤਰ ਦਿਵਸ ’ਤੇ ਟਰੈਕਟਰ ਮਾਰਚ ਦਾ ਐਲਾਨ

06:28 AM Jan 08, 2025 IST
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਥਾਂ ਦੀ ਮਾਲਸ਼ ਕਰਦੇ ਹੋਏ ਡਾਕਟਰ ਅਵਤਾਰ ਸਿੰਘ।

ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ
ਪਟਿਆਲਾ/ਪਾਤੜਾਂ, 7 ਜਨਵਰੀ
11 ਮਹੀਨਿਆਂ ਤੋਂ ਅੰਤਰਰਾਜੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ 43 ਦਿਨਾਂ ਤੋਂ ਜਾਰੀ ਮਰਨ ਵਰਤ ਰੂਪੀ ਅੰਦੋਲਨ ਦੀ ਧਾਰ ਹੋਰ ਤਿੱਖੀ ਕਰਨ ਅਤੇ ਕੇਂਦਰ ਸਰਕਾਰ ’ਤੇ ਮੰਗਾਂ ਮਨਵਾਉਣ ਲਈ ਦਬਾਅ ਵਧਾਉਣ ਵਾਸਤੇ ਕਿਸਾਨਾਂ ਨੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਅੱਜ ਢਾਬੀ ਗੁੱਜਰਾਂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੀ ਸੀਨੀਅਰ ਲੀਡਰਸ਼ਿਪ ਦੀ ਹੋਈ ਅਹਿਮ ਮੀਟਿੰਗ ’ਚ ਲਿਆ ਗਿਆ। ਦੋਵੇਂ ਫੋਰਮਾਂ ਨੇ 10 ਜਨਵਰੀ ਨੂੰ ਦੇਸ਼ ਭਰ ’ਚ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਤੋਂ ਇਲਾਵਾ 13 ਜਨਵਰੀ ਨੂੰ ਲੋਹੜੀ ਮੌਕੇ ਦੇਸ਼ ਭਰ ’ਚ ਮੰਡੀ ਮਾਰਕੀਟਿੰਗ ਖਰੜੇ ਦੀਆਂ ਕਾਪੀਆਂ ਸਾੜਨ ਦਾ ਪ੍ਰੋਗਰਾਮ ਪਹਿਲਾਂ ਹੀ ਉਲੀਕਿਆ ਹੋਇਆ ਹੈ। ਇਸ ਦੌਰਾਨ ਕਿਸਾਨ ਨੇਤਾ ਅਭਿਮੰਨਿਊ ਕੋਹਾੜ ਅਤੇ ਹੋਰ ਆਗੂਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਲੀਕੇ ਗਏ ਤਿੰਨੋਂ ਹੀ ਪ੍ਰੋਗਰਾਮਾਂ ਦੌਰਾਨ ਦੇਸ਼ ਦਾ ਇੱਕ ਵੀ ਪਿੰਡ ਅਜਿਹਾ ਨਹੀਂ ਰਹਿਣਾ ਚਾਹੀਦਾ, ਜੋ ਇਨ੍ਹਾਂ ਪ੍ਰਦਰਸ਼ਨ ’ਚ ਸ਼ਰੀਕ ਨਾ ਹੋਵੇ। ਕਿਸਾਨ ਆਗੂਆਂ ਸੁਰਜੀਤ ਫੂਲ ਅਤੇ ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇਸ਼ ਭਰ ਦੇ ਲੋਕਾਂ ਦਾ ਸਾਂਝਾ ਹੈ, ਜਿਸ ਨੂੰ ਜਿੱਤਣ ਲਈ ਹੁਣ ਨਾ ਸਿਰਫ਼ ਦੇਸ਼ ਦੇ ਸਾਰੇ ਸੂਬਿਆਂ ਬਲਕਿ ਸਮੂਹ ਪਿੰਡਾਂ ਨੂੰ ਵੀ ਪੂਰੀ ਤਾਕਤ ਲਾਉਣ ਦੀ ਲੋੜ ਹੈ। ਸਰਵਣ ਸਿੰਘ ਪੰਧੇਰ ਨੇ ਦੁਹਰਾਇਆ ਕਿ ਕੇਂਦਰ ਨੂੰ ਜ਼ਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਉਧਰ, ਕਿਸਾਨੀ ਸੰਘਰਸ਼ ਕੇਂਦਰ ਖ਼ਿਲਾਫ਼ ਹੋਣ ਅਤੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਬਿਆਨਾਂ ਦੇ ਹਵਾਲੇ ਨਾਲ ਸੁਖਜੀਤ ਸਿੰਘ ਹਰਦੋਝੰਡੇ, ਜਸਵਿੰਦਰ ਲੌਂਗੋਵਾਲ, ਲਖਵਿੰਦਰ ਸਿਰਸਾ, ਮਨਜੀਤ ਨਿਆਲ ਅਤੇ ਰਾਜ ਖੇੜੀ ਸਮੇਤ ਕਈ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਕਿਸਾਨੀ ਮੰਗਾਂ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਹਦਾਇਤਾਂ ਜਾਰੀ ਕਰੇ ਤਾਂ ਜੋ ਮਸਲੇ ਦਾ ਹੱਲ ਕੀਤਾ ਜਾ ਸਕੇ ਕਿਉਂਕਿ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ।

Advertisement

ਕਿਸਾਨ ਆਗੂ ਡੱਲੇਵਾਲ ਦੀ ਸਿਹਤ ਵਿਗੜੀ

ਪਟਿਆਲਾ/ਪਾਤੜਾਂ (ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ): ਢਾਬੀ ਗੁੱਜਰਾਂ ਬਾਰਡਰ ’ਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸੋਮਵਾਰ ਰਾਤ ਅਚਾਨਕ ਹੀ ਤਬੀਅਤ ਮੁੜ ਵਿਗੜ ਗਈ। ਇਸ ਦੌਰਾਨ ਉਨ੍ਹਾਂ ਨੂੰ ਉਲਟੀਆਂ ਲੱਗ ਗਈਆਂ ਅਤੇ ਬਲੱਡ ਪ੍ਰੈਸ਼ਰ ਵੀ ਘਟ ਗਿਆ ਜਿਸ ਕਾਰਨ ਉਹ ਬੇਸੁਰਤ ਹੋ ਗਏ ਸਨ। ਡੱਲੇਵਾਲ ਦੀ ਸਿਹਤ ਖ਼ਰਾਬ ਹੋਣ ’ਤੇ ਮੋਰਚੇ ’ਚ ਮੌਜੂਦ ਕਿਸਾਨਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਸੰਨਾਟਾ ਛਾ ਗਿਆ। ਕਿਸਾਨ ਆਪਣੇ ਮਹਿਬੂਬ ਆਗੂ ਦੀ ਸਿਹਤਯਾਬੀ ਲਈ ਸਿਮਰਨ ਕਰਨ ਲੱਗ ਪਏ ਅਤੇ ਕਈ ਕਿਸਾਨ ਬੀਬੀਆਂ ਭਾਵੁਕ ਹੋ ਗਈਆਂ। ਤਕਰੀਬਨ ਇੱਕ ਘੰਟੇ ਤੱਕ ਡੱਲੇਵਾਲ ਦੀ ਸਿਹਤ ਡਾਵਾਂਡੋਲ ਰਹੀ। ਉਥੇ ਮੌਜੂਦ ਡਾਕਟਰ ਅਵਤਾਰ ਸਿੰਘ ਅਤੇ ਕੁਝ ਕਿਸਾਨ ਡੱਲੇਵਾਲ ਦੇ ਹੱਥਾਂ ਅਤੇ ਪੈਰਾਂ ਦੀ ਮਾਲਸ਼ ਕਰਨ ਲੱਗ ਪਏ। ਕੁਝ ਸਮੇਂ ਬਾਅਦ ਉਨ੍ਹਾਂ ਦੀ ਤਬੀਅਤ ’ਚ ਕੁਝ ਸੁਧਾਰ ਹੋਇਆ। ਉਂਜ ਡਾਕਟਰਾਂ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਬੇਹੱਦ ਵਿਗੜ ਚੁੱਕੀ ਹੈ। ਕਿਡਨੀਆਂ ਅਤੇ ਲੀਵਰ ’ਤੇ ਅਸਰ ਦੇ ਨਾਲ ਹੀ ਉਨ੍ਹਾਂ ਦੇ ਹੋਰ ਅੰਗ ਵੀ ਕੰਮ ਕਰਨਾ ਛੱਡਦੇ ਜਾ ਰਹੇ ਹਨ। ਇੱਕ ਸੀਨੀਅਰ ਡਾਕਟਰ ਨੇ ਕਿਹਾ ਕਿ ਕਿਸੇ ਸਮੇਂ ਵੀ ਕੋਈ ਭਾਣਾ ਵਾਪਰ ਸਕਦਾ ਹੈ। ਡਾਕਟਰ ਸਵੈਮਾਨ ਨੇ ਅੱਜ ਸਵੇਰੇ ਵੀਡੀਓ ਕਾਲ ਕਰਕੇ ਕਿਸਾਨ ਆਗੂ ਦਾ ਹਾਲ-ਚਾਲ ਜਾਣਿਆ। ਪੰਜਾਬ ਸਰਕਾਰ ਦੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ’ਤੇ ਨਜ਼ਰ ਰੱਖ ਰਹੀ ਹੈ। ਅਧਿਕਾਰੀਆਂ ਵੱਲੋਂ ਡੱਲੇਵਾਲ ਨੂੰ ਇਲਾਜ ਲਈ ਮਨਾਉਣ ਦੀਆਂ ਕੋਸ਼ਿਸ਼ਾਂ ਅੱਜ ਵੀ ਜਾਰੀ ਰਹੀਆਂ। ਕਿਸਾਨ ਆਗੂ ਅਭਿਮੰਨੀਊ ਕੋਹਾੜ ਨੇ ਕਿਹਾ, ‘ਰੱਬ ਭਲੀ ਕਰੇ, ਜੇ ਡੱਲੇਵਾਲ ਜੀ ਨੂੰ ਕੁਝ ਹੋ ਗਿਆ ਤਾਂ ਸ਼ਾਇਦ ਹਾਲਾਤ ’ਤੇ ਕੇਂਦਰ ਸਰਕਾਰ ਦਾ ਕੰਟਰੋਲ ਵੀ ਨਾ ਰਹੇ।’ ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਹਾਲਾਤ ਨਾ ਬਣਨ ਦੇਵੇ ਕਿਉਂਕਿ ਜੇ ਡੱਲੇਵਾਲ ਨੂੰ ਕੁਝ ਹੋ ਗਿਆ ਤਾਂ ਇਹ ਕੇਂਦਰ ਸਰਕਾਰ ਦੇ ਮੱਥੇ ’ਤੇ ਕਦੇ ਵੀ ਨਾ ਪੂੰਝਿਆ ਜਾਣ ਵਾਲਾ ‘ਦਾਗ਼’ ਹੋਵੇਗਾ।

Advertisement
Advertisement