ਚੰਡੀਗੜ੍ਹ ਦੀ ਘੇਰਾਬੰਦੀ ਲਈ ਕਿਸਾਨ ਸਰਗਰਮ
ਜੋਗਿੰਦਰ ਸਿੰਘ ਮਾਨ
ਮਾਨਸਾ, 23 ਨਵੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੇਂਦਰ ਸਰਕਾਰ ਵਿਰੁੱਧ ਦੇਸ਼ ਭਰ ਦੀਆਂ ਸੂਬਾਈ ਰਾਜਧਾਨੀਆਂ ਵਿੱਚ 26 ਨਵੰਬਰ ਤੋਂ ਲਾਏ ਜਾ ਰਹੇ ਤਿੰਨ ਰੋਜ਼ਾ ਮੋਰਚੇ ਦੀ ਕਾਮਯਾਬੀ ਲਈ ਚੰਡੀਗੜ੍ਹ ਦੀ ਘੇਰਾਬੰਦੀ ਵਾਸਤੇ ਤਿਆਰੀ ਵਿੱਢ ਲਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਝੰਡੇ ਹੇਠ ਵੱਡੀ ਗਿਣਤੀ ਵਿੱਚ ਔਰਤਾਂ ਤੇ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਦੇ ਕਾਫ਼ਲੇ ਮੋਰਚੇ ਵਿੱਚ ਪੁੱਜਣਗੇ। ਜਥੇਬੰਦਕ ਕਿਸਾਨ ਆਗੂਆਂ ਵੱਲੋਂ ਮੋਰਚੇ ਲਈ ਪਿੰਡ-ਪਿੰਡ ਮੀਟਿੰਗਾਂ, ਰੈਲੀਆਂ, ਝੰਡਾ-ਮਾਰਚ, ਨੁੱਕੜ ਨਾਟਕਾਂ ਆਦਿ ਰਾਹੀਂ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ ਤਿੰਨ ਦਿਨਾਂ ਮੋਰਚੇ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੰਘੇ ਦਿਨ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ 26 ਨਵੰਬਰ ਨੂੰ ਸਵੇਰੇ 11 ਵਜੇ ਟ੍ਰਿਬਿਊਨ ਚੌਕ, ਚੰਡੀਗੜ੍ਹ ਨੇੜੇ ਪੂਰੇ ਕਾਫ਼ਲੇ ਇਕੱਠੇ ਕਰਨ ਦੀ ਵਿਉਂਤ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੋਰਚੇ ਦੀਆਂ ਮੰਗਾਂ ਵਿੱਚ ਸਾਰੀਆਂ ਫ਼ਸਲਾਂ ਲਈ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਤੇ ਲਖੀਮਪੁਰ ਖੀਰੀ ਸਮੇਤ ਦਿੱਲੀ ਕਿਸਾਨ ਮੋਰਚੇ ਦੀਆਂ ਲਟਕਦੀਆਂ ਮੰਗਾਂ ਅਤੇ ਹੋਰ ਮੰਗਾਂ ਸ਼ਾਮਲ ਹਨ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਨੂੰ ਇਸ ਮੋਰਚੇ ਵਿੱਚ ਵੀ ਦਿੱਲੀ ਮੋਰਚੇ ਵਾਂਗ ਸ਼ਮੂਲੀਅਤ ਲਈ ਪੂਰਾ ਤਾਣ ਲਾਉਣ ਦਾ ਸੱਦਾ ਦਿੱਤਾ ਹੈ।