ਕੇਂਦਰ ਵੱਲੋਂ ਜਾਣ-ਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹੈ: ਭਗਤ
ਹਤਿੰਦਰ ਮਹਿਤਾ
ਜਲੰਧਰ, 22 ਅਕਤੂਬਰ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਭਲਾਈ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਣ-ਬੁੱਝ ਕੇ ਗੋਦਾਮ ਖਾਲੀ ਨਾ ਕਰਵਾਕੇ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹ ਅੱਜ ਨਵੀਂ ਅਨਾਜ ਮੰਡੀ ਜਲੰਧਰ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਹਲਕਾ ਵਿਧਾਇਕ ਰਮਨ ਅਰੋੜਾ ਅਤੇ ਸੀਨੀਅਰ ਆਪ ਆਗੂ ਦਿਨੇਸ਼ ਢੱਲ ਤੋਂ ਇਲਾਵਾ ਸਬੰਧਤ ਅਧਿਕਾਰੀ ਵੀ ਸ਼ਾਮਲ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਨੂੰ ਲਗਾਤਾਰ ਪੱਤਰ ਲਿਖਣ ਦੇ ਬਾਵਜੂਦ ਪੰਜਾਬ ਦੇ ਗੁਦਾਮ ਖਾਲੀ ਨਹੀਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਸਾਜ਼ਿਸ਼ ਤਹਿਤ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਰਵੱਈਏ ਕਾਰਨ ਕਿਸਾਨਾਂ ਨੂੰ ਧਰਨੇ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ ਰੱਵਈਏ ਦਾ ਸਮਾਂ ਆਉਣ ’ਤੇ ਪੰਜਾਬ ਦੇ ਲੋਕਾਂ ਵੱਲੋਂ ਜ਼ਰੂਰ ਜਵਾਬ ਦਿੱਤਾ ਜਾਵੇਗਾ। ਮਹਿੰਦਰ ਭਗਤ ਨੇ ਅਨਾਜ ਮੰਡੀ ਦੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਲਈ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਵਲੋਂ ਕੀਤੇ ਜਾ ਰਹੇ ਧੱਕੇ ਦੇ ਬਾਵਜੂਦ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਖ਼ਰੀਦ ਉਪਰੰਤ ਫ਼ਸਲ ਦੀ ਨਾਲੋ-ਨਾਲ ਲਿਫਟਿੰਗ ਅਤੇ ਨਿਰਧਾਰਿਤ ਸਮੇਂ ਦੇ ਅੰਦਰ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 172958 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 167629 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਜਲੰਧਰ ਵਿਖੇ ਕਿਸਾਨਾਂ ਨੂੰ ਖ਼ਰੀਦ ਕੀਤੀ ਝੋਨੇ ਦੀ ਫ਼ਸਲ ਦੀ 313 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਗਈ ਹੈ। ਇਸੇ ਦੌਰਾਨ ਮਹਿੰਦਰ ਭਗਤ ਵੱਲੋਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨਾਲ ਸਰਕਟ ਹਾਊਸ ਵਿੱਚ ਮੀਟਿੰਗ ਕਰਕੇ ਸ਼ਹਿਰ ਵਿੱਚ ਚੱਲ ਰਹੇ ਅਨੇਕਾਂ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਹਲਕਾ ਵਿਧਾਇਕ ਰਮਨ ਅਰੋੜਾ ਅਤੇ ਕਮਿਸ਼ਨਰ ਨਗਰ ਨਿਗਮ ਗੌਤਮ ਜੈਨ ਵੀ ਮੌਜੂਦ ਸਨ।
ਵਿਧਾਇਕ ਅਜੇ ਗੁਪਤਾ ਵੱਲੋਂ ਦਾਣਾ ਮੰਡੀ ਭਗਤਾਂਵਾਲਾ ਦਾ ਨਿਰੀਖਣ
ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਤਹਿਸੀਲਦਾਰ ਰਾਜਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਦਾਣਾ ਮੰਡੀ ਭਗਤਾਂਵਾਲਾ ਦਾ ਨਿਰੀਖਣ ਕੀਤਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਮੰਡੀ ਵਿੱਚ ਕੁੱਝ ਕਿਸਾਨਾਂ ਨੇ ਸਮੱਸਿਆਵਾਂ ਪ੍ਰਗਟਾਈਆਂ ਹਨ, ਜਿਨ੍ਹਾਂ ਨੂੰ ਪਹਿਲ ਦੇ ਆਧਾਰ `ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਬਣਾਏ ਗਏ ਹੈਲਪਲਾਈਨ ਸੈਂਟਰ ਦੇ ਨੰਬਰ 7973867446 ’ਤੇ ਸੰਪਰਕ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਐੱਸਡੀਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਖੁਦ ਮੰਡੀਆਂ ਦਾ ਦੌਰਾ ਕਰਨ ਅਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ।
ਕਟਾਰੂਚੱਕ ਵੱਲੋਂ ਨਰੋਟ ਜੈਮਲ ਸਿੰਘ ਦੀ ਦਾਣਾ ਮੰਡੀ ਦਾ ਜਾਇਜ਼ਾ
ਪਠਾਨਕੋਟ (ਐਨਪੀ. ਧਵਨ): ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਰੋਟ ਜੈਮਲ ਸਿੰਘ ਦੀ ਦਾਣਾ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਪਹਿਲਾਂ ਤੋਂ ਹੀ ਪੰਜਾਬ ਨਾਲ ਖੇਡਾਂ ਖੇਡਦੀ ਆ ਰਹੀ ਹੈ, ਜਦ ਕਿ ਪੰਜਾਬ ਦੇ ਕਿਸਾਨਾਂ ਦੀ ਫਸਲ ਨੂੰ ਹਰ ਸਾਲ ਕੇਂਦਰੀ ਪੂਲ ਵਿੱਚ ਭੇਜਿਆ ਜਾਂਦਾ ਹੈ। ਪੰਜਾਬ ਅੰਦਰ ਜੋ ਗੋਦਾਮ ਭਰੇ ਪਏ ਹਨ, ਉਹ ਕੇਂਦਰ ਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਪਿਛਲੇ 6 ਮਹੀਨਿਆਂ ਤੋਂ ਕਿਹਾ ਜਾ ਰਿਹਾ ਹੈ ਕਿ ਗੁਦਾਮਾਂ ਵਿੱਚੋਂ ਆਪਣਾ ਮਾਲ ਚੁੱਕਿਆ ਜਾਵੇ ਤਾਂ ਜੋ ਨਵੇਂ ਮਾਲ ਨੂੰ ਗੁਦਾਮਾਂ ਅੰਦਰ ਸਟੋਰ ਕੀਤਾ ਜਾ ਸਕੇ। ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕੇਂਦਰੀ ਪੂਲ ਅੰਦਰ 185 ਲੱਖ ਮੀਟਰਿਕ ਟਨ ਦਾ ਟੀਚਾ ਮਿਲਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ 190 ਲੱਖ ਮੀਟਰਿਕ ਟਨ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀਆਂ ਮੰਡੀਆ ਅੰਦਰ 29 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਜਿਸ ਵਿੱਚੋਂ 26 ਲੱਖ ਮੀਟਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਜਦ ਕਿ 5 ਲੱਖ 53 ਹਜ਼ਾਰ ਮੀਟਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ ਤੇ ਲਿਫਟਿੰਗ ਕੰਮ ਨੇ ਹੋਰ ਤੇਜ਼ੀ ਫੜ ਲਈ ਹੈ।