ਕੇਂਦਰ ਅਤੇੇ ਸ਼ੈਲਰ ਮਾਲਕਾਂ ਦੇ ਰੇੜਕੇ ਕਾਰਨ ਰੁਲ ਰਹੇ ਨੇ ਕਿਸਾਨ: ਢਿੱਲੋਂ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 30 ਅਕਤੂਬਰ
ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਵੱਲੋਂ ਮਾਛੀਵਾੜਾ ਦਾਣਾ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਸ੍ਰੀ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਸ਼ੈਲਰ ਮਾਲਕਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ ਅਤੇ ਇਨ੍ਹਾਂ ਦੇ ਆਪਸੀ ਰੇੜਕੇ ਕਾਰਨ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਛੀਵਾੜਾ ਮੰਡੀ ਵਿੱਚ 20 ਲੱਖ ਝੋਨੇ ਦੀ ਬੋਰੀ ਖਰੀਦ ਹੋ ਚੁੱਕੀ ਹੈ ਜਦਕਿ ਲਿਫਟਿੰਗ ਸਿਰਫ਼ 6 ਲੱਖ ਬੋਰੀ ਹੋਈ ਹੈ ਅਤੇ 14 ਲੱਖ ਬੋਰੀ ਖੁੱਲ੍ਹੇ ਅਸਮਾਨ ਹੇਠ ਪਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਕਿਸਾਨਾਂ ਨੂੰ ਕਦੇ ਵੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ। ਇਸ ਮੌਕੇ ਜ਼ਿਲ੍ਹਾ ਜਥੇਦਾਰ ਜਸਮੇਲ ਸਿੰਘ ਬੌਂਦਲੀ, ਸੀਨੀਅਰ ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਅਮਰੀਕ ਸਿੰਘ ਔਜਲਾ, ਜਥੇਦਾਰ ਅਮਰੀਕ ਸਿੰਘ ਹੇੜੀਆਂ, ਸੰਤੋਖ ਸਿੰਘ ਬਾਜਵਾ, ਮੁਕੰਦ ਸਿੰਘ ਤੇ ਹੈਪੀ ਬਾਂਸਲ ਵੀ ਮੌਜੂਦ ਸਨ।
ਸਮਰਾਲਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇਆਪਣੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਕਿਸਾਨਾਂ ਦੀ ਸਾਰ ਲੈਣ ਲਈ ਸਮਰਾਲਾ ਦੀਆਂ ਮੰਡੀਆਂ ਦਾ ਦੌਰਾ ਕੀਤਾ। ਮੰਡੀ ਦਾ ਦੌਰੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਪੰਜਾਬ ਦਾ ਕਿਸਾਨ ਆਪਣੇ ਪੁੱਤਰਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਨਾਲ ਤਿਉਹਾਰਾਂ ਦੇ ਦਿਨਾਂ ਵਿੱਚ ਮੰਡੀਆਂ ਵਿੱਚ ਰੁਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ, ਕੇਂਦਰ ਨਾਲ ਮਿਲ ਕੇ ਪੰਜਾਬ ਦੇ ਕਿਸਾਨਾਂ ਨੂੰ ਖੱਜਲ ਖੁਆਰ ਕਰ ਕੇ ਆਪਣੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਲਈ ਮਜਬੂਰ ਕਰ ਰਹੀ ਹੈ।
ਸਰਕਾਰਾਂ ’ਤੇ ਕਿਸਾਨਾਂ ਨੂੰ ਖੁਆਰ ਕਰਨ ਦਾ ਦੋਸ਼
ਪਾਇਲ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਨਿਰਵਿਘਨ ਕਰਨ ਤੇ ਲਿਫਟਿੰਗ ਤੁਰੰਤ ਕਰਵਾਉਣ ਲਈ ਅੱਜ ਵੀ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਅੱਗੇ ਧਰਨਾ ਜਾਰੀ ਰੱਖਿਆ ਗਿਆ। ਆਗੂਆਂ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਬਾਰੇ ਸਰਕਾਰਾਂ ਜਾਣਬੁੱਝ ਕੇ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੀਆਂ ਹਨ ਜਿਸ ਕਾਰਨ ਕਿਸਾਨਾਂ ਦੀ ਪ੍ਰੇਸ਼ਾਨੀ ਵਧ ਗਈ ਹੈ। ਕਿਸਾਨ ਮੰਡੀਆਂ ’ਚ ਲੁੱਟੇ ਜਾ ਰਹੇ ਹਨ ਤੇ ਦੂਸਰੇ ਪਾਸੇ ਸਰਕਾਰਾਂ ਖ਼ਰੀਦ ਤੋਂ ਭੱਜ ਰਹੀਆਂ ਹਨ। ਅੱਜ ਦੇ ਧਰਨੇ ਨੂੰ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਮੀਤ ਪ੍ਰਧਾਨ ਮਨੋਹਰ ਸਿੰਘ ਕਲਾਹੜ, ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ, ਜਸਵੀਰ ਸਿੰਘ ਅਸ਼ਗਰੀਪੁਰ, ਨਾਜਰ ਸਿੰਘ ਸਿਆੜ, ਕਲਦੀਪ ਸਿੰਘ ਟਿੰਬਰਵਾਲ ਤੇ ਰਾਜਪਾਲ ਸਿੰਘ ਦੁਧਾਲ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ