ਝੋਨੇ ਦੀ ਖਰੀਦ ’ਚ ਤੇਜ਼ੀ ਲਿਆਉਣ ਲਈ ਡਟੇ ਕਿਸਾਨ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 23 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਵਿਧਾਇਕ ਡਾ. ਮੁਹੰਮਦ-ਜਮੀਲ-ਉਰ ਰਹਿਮਾਨ ਦੇ ਕਾਲਜ ਰੋਡ ਸਥਿਤ ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ਦੀ ਅਗਵਾਈ ਬਲਾਕ ਮਾਲੇਰਕੋਟਲਾ ਦੇ ਆਗੂ ਰਛਪਾਲ ਸਿੰਘ ਰੜ੍ਹ ਅਤੇ ਅਹਿਮਦਗੜ੍ਹ ਬਲਾਕ ਦੇ ਆਗੂ ਹਰਬੰਸ ਸਿੰਘ ਮਾਣਕੀ ਨੇ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਸਰਬਜੀਤ ਸਿੰਘ ਭੁਰਥਲਾ ਅਤੇ ਰਵਿੰਦਰ ਸਿੰਘ ਕਾਸਾਪੁਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਹੀ ਸੰਸਾਰ ਵਪਾਰ ਸੰਸਥਾ ਅਤੇ ਕੌਮਾਂਤਰੀ ਮੁਦਰਾ ਕੋਸ਼ ਦੀਆਂ ਨੀਤੀਆਂ ਦੀਆਂ ਹਮਾਇਤੀ ਹਨ। ਦੋਵੇਂ ਸਰਕਾਰਾਂ ਦੀ ਮਿਲੀਭੁਗਤ ਕਰ ਕੇ ਹੀ ਕਿਸਾਨ ਮੰਡੀਆਂ ’ਚ ਰੁਲ ਰਹੇ ਹਨ। ਦੂਜੇ ਪਾਸੇ ਕਣਕ ਦੀ ਬਿਜਾਈ ਦਾ ਸਮਾਂ ਆ ਗਿਆ ਹੈ ਪਰ ਬਾਜ਼ਾਰ ਵਿੱਚ ਡੀਏਪੀ ਖਾਦ ਨਹੀਂ ਮਿਲ ਰਹੀ। ਕਿਸਾਨਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਏ, ਝੋਨੇ ਦੀ ਖ਼ਰੀਦ ਲਈ ਨਮੀ ਦਾ ਮਾਤਰਾ 22 ਫ਼ੀਸਦੀ ਕਰੇ, ਪਰਾਲੀ ਨੂੰ ਬਗ਼ੈਰ ਸਾੜਨ ਤੋਂ ਉਸ ਦੇ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਦਰਜ ਮਾਮਲੇ ਰੱਦ ਕੀਤੇ ਜਾਣ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਝੋਨੇ ਦੀ ਖਰੀਦ ਲਈ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਦਫ਼ਤਰ ਅੱਗੇ ਪੱਕਾ ਦਿਨ ਰਾਤ ਦਾ ਮੋਰਚਾ 6ਵੇਂ ਦਿਨ ਵੀ ਜਾਰੀ ਰਿਹਾ। ਇਹ ਪੱਕਾ ਮੋਰਚਾ ਬਲਾਕ ਕਾਰਜਕਾਰੀ ਬਹਾਦਰ ਸਿੰਘ ਭੁਟਾਲ ਖੁਰਦ ਦੀ ਅਗਵਾਈ ਹੇਠ ਲਗਾਇਆ ਗਿਆ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ, ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਤੇ ਰਾਮ ਸਿੰਘ ਨੰਗਲਾ ਆਦਿ ਨੇ ਸੰਬੋਧਨ ਕੀਤਾ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਅਨਾਜ ਮੰਡੀਆਂ ਵਿੱਚ ਝੋਨੇ ਦੀ ਹੋ ਰਹੀ ਦੁਰਦਸ਼ਾ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ 6ਵੇਂ ਦਿਨ ਵੀ ਟੌਲ ਪਲਾਜ਼ਾ ਕਾਲਾਝਾੜ ਨੂੰ ਪਰਚੀ ਮੁਫ਼ਤ ਕਰਕੇ ਧਰਨਾ ਜਾਰੀ ਰੱਖਿਆ ਗਿਆ। ਧਰਨੇ ਦੌਰਾਨ ‘ਪੰਜਾਬ ਸਿੰਘ ਅਵਾਜ਼ਾਂ ਮਾਰਦਾ’ ਨਾਟਕ ਖੇਡਿਆ ਗਿਆ। ਇਸ ਮੌਕੇ ਧਰਨੇ ਨੂੰ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਬਲਾਕ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਬਲਾਕ ਸਕੱਤਰ ਜਸਵੀਰ ਸਿੰਘ ਗੱਗੜਪੁਰ ਤੇ ਹਰਜਿੰਦਰ ਸਿੰਘ ਘਰਾਚੋਂ ਆਦਿ ਨੇ ਸੰਬੋਧਨ ਕੀਤਾ।
ਕਿਸਾਨਾਂ ਵੱਲੋਂ ਹਲਕਾ ਵਿਧਾਇਕ ਦੀ ਕੋਠੀ ਤੱਕ ਰੋਸ ਮਾਰਚ
ਸੰਗਰੂਰ (ਗੁਰਦੀਪ ਸਿੰਘ ਲਾਲੀ): ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਇੱਥੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਕੋਠੀ ਅੱਗੇ ਚੱਲ ਰਹੇ ਰੋਸ ਧਰਨੇ ਦੇ ਛੇਵੇਂ ਦਿਨ ਸੈਂਕੜੇ ਕਿਸਾਨਾਂ ਵਲੋਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਰੋਸ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਨਾਜ ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਤੋਂ ਖਫ਼ਾ ਕਿਸਾਨ ਪਿਛਲੇ ਛੇ ਦਿਨਾਂ ਤੋਂ ਸੰਘਰਸ਼ ਦੇ ਰਾਹ ’ਤੇ ਹਨ ਜਿਨ੍ਹਾਂ ਵਲੋਂ ਟੌਲ ਪਲਾਜ਼ਿਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਧਰਨੇ ਜਾਰੀ ਹਨ। ਯੂਨੀਅਨ ਦੇ ਬਲਾਕ ਸੰਗਰੂਰ ਅਤੇ ਧੂਰੀ ਦੀ ਅਗਵਾਈ ਹੇਠ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੂੰ ਦੇਸ਼ ਦੇ ਅੰਨਦਾਤਾ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਸਬੰਧੀ ਕੇਂਦਰ ਸਰਕਾਰ ਵਲੋਂ ਸਖਤ ਸ਼ਰਤਾਂ ਥੋਪ ਰੱਖੀਆਂ ਹਨ ਅਤੇ ਅਜਿਹਾ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਪ੍ਰਤੀ ਬਦਲਾਖੋਰੀ ਦੀ ਨੀਤੀ ’ਤੇ ਚੱਲ ਕੇ ਖੱਜਲ ਖੁਆਰ ਕਰ ਰਹੀ ਹੈ। ਇਸ ਮੌਕੇ ਯੂਨੀਅਨ ਦੇ ਸੰਗਰੂਰ ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ, ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਜਗਤਾਰ ਸਿੰਘ ਲੱਡੀ, ਗੁਰਦੀਪ ਸਿੰਘ ਕੰਮੋਮਾਜਰਾ, ਕਰਮਜੀਤ ਸਿੰਘ ਮੰਗਵਾਲ, ਮਹਿੰਦਰ ਸਿੰਘ ਭਸੌੜ, ਬਾਬੂ ਸਿੰਘ ਮੂਲੋਵਾਲ ਆਦਿ ਸ਼ਾਮਲ ਸਨ।