For the best experience, open
https://m.punjabitribuneonline.com
on your mobile browser.
Advertisement

ਕਿਸਾਨ ਤਿਉਹਾਰ ਮੌਕੇ ਮੰਡੀਆਂ ਵਿੱਚ ਬੈਠਣ ਲਈ ਮਜਬੂਰ

07:41 AM Oct 30, 2024 IST
ਕਿਸਾਨ ਤਿਉਹਾਰ ਮੌਕੇ ਮੰਡੀਆਂ ਵਿੱਚ ਬੈਠਣ ਲਈ ਮਜਬੂਰ
Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 29 ਅਕਤੂਬਰ
ਐਤਕੀਂ ਕਿਸਾਨਾਂ ਦੇ ਘਰਾਂ ’ਚ ਦੁੱਖਾਂ ਦੇ ਦੀਪ ਬਲਣਗੇ। ਇਸ ਖ਼ੁਸ਼ੀ ਦੇ ਤਿਉਹਾਰ ਮੌਕੇ ਕਿਸਾਨ ਮੰਡੀਆਂ ’ਚ ਬੈਠਾ ਹੈ। ਕਿਸਾਨ ਇਸ ਗੱਲੋਂ ਔਖ ’ਚ ਹੈ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਲਈ ਖੱਜਲ ਹੋਣਾ ਪੈ ਰਿਹਾ ਹੈ। ਉੱਪਰੋਂ ਝੋਨੇ ਦਾ ਝਾੜ ਦਸ ਫ਼ੀਸਦ ਤੱਕ ਘੱਟ ਗਿਆ ਹੈ। ਹਾੜ੍ਹੀ ਦੀ ਫ਼ਸਲ ਲਈ ਡੀਏਪੀ ਮਿਲੇਗੀ ਜਾਂ ਨਹੀਂ, ਇਸ ਸੁਆਲ ਨੇ ਵੀ ਕਿਸਾਨਾਂ ਦਾ ਚੈਨ ਖੋਹ ਲਿਆ ਹੈ। ਬਠਿੰਡਾ ਦੇ ਪਿੰਡ ਮਲਕਾਣਾ ਦਾ ਕਿਸਾਨ ਗੁਰਮੇਲ ਸਿੰਘ ਆਖਦਾ ਹੈ ਕਿ ਨਮੀ ਦਾ ਬਹਾਨਾ ਲਾ ਕੇ ਫ਼ਸਲ ਦੀ ਢੇਰੀ ਵੱਲ ਕੋਈ ਮੂੰਹ ਨਹੀਂ ਕਰ ਰਿਹਾ, ਗਰਮੀ ਕਰਕੇ ਨਿਕਲੇ ਘੱਟ ਝਾੜ ਨੇ ਰਗੜਾ ਲਾ ਕੇ ਰੱਖ ਦਿੱਤਾ ਹੈ। ਡੀਏਪੀ ਨਾ ਸਹਿਕਾਰੀ ਸਭਾ ’ਚੋਂ ਮਿਲ ਰਿਹਾ ਹੈ ਅਤੇ ਨਾ ਹੀ ਬਾਜ਼ਾਰ ’ਚੋਂ, ਸਾਡੀ ਕਾਹਦੀ ਦੀਵਾਲੀ। ਪਿੰਡ ਗੌਂਸਪੁਰਾ ਦਾ ਕਿਸਾਨ ਰਜਿੰਦਰ ਸਿੰਘ ਫ਼ਸਲ ਦੀ ਵਿਕਰੀ ਲਈ ਮੰਡੀ ਵਿੱਚ ਬੈਠਾ ਹੈ। ਉਸ ਦੀ ਦੀਵਾਲੀ ਇਸ ਵਾਰ ਮੰਡੀ ਵਿਚ ਹੀ ਨਿਕਲੇਗੀ। ਭਦੌੜ ਦਾ ਆੜ੍ਹਤੀਆ ਕੇਵਲ ਸਿੰਘ ਆਖਦਾ ਹੈ ਕਿ ਕਈ ਵਰ੍ਹਿਆਂ ਮਗਰੋਂ ਏਦਾਂ ਦੇ ਹਾਲਾਤ ਬਣੇ ਹਨ ਕਿ ਤਿੱਥ-ਤਿਉਹਾਰ ਮੌਕੇ ਵੀ ਕਿਸਾਨ ਮੰਡੀਆਂ ਵਿੱਚ ਰਾਤਾਂ ਕੱਟਣਗੇ। ਭਗਤਾ ਭਾਈਕਾ ਦੇ ਆੜ੍ਹਤੀਏ ਰਾਜਵਿੰਦਰ ਸਿੰਘ ਦਾ ਕਹਿਣਾ ਸੀ ਕਿ ਪੀ.ਆਰ.126 ਅਤੇ ਹਾਈਬ੍ਰਿਡ ਝੋਨੇ ਦੀਆਂ ਕਿਸਮਾਂ ਦੇ ਕਾਸ਼ਤਕਾਰਾਂ ਨੂੰ ਫ਼ਸਲ ਵੇਚਣ ਵਿਚ ਵੱਡੇ ਅੜਿੱਕੇ ਖੜ੍ਹੇ ਹੋਏ ਹਨ। ਮਾਨਸਾ ਦੇ ਪਿੰਡ ਗੁਰਨੇ ਕਲਾਂ ਦਾ ਕਿਸਾਨ ਦਰਸ਼ਨ ਸਿੰਘ ਆਖਦਾ ਹੈ ਕਿ ਕਿਸਾਨ ਘਰਾਂ ’ਚ ਦੀਵਾਲੀ ਦੇ ਰੰਗ ਐਤਕੀਂ ਫਿੱਕੇ ਹੀ ਰਹਿਣਗੇ। ਦੂਜੇ ਪਾਸੇ ਮੰਡੀਆਂ ’ਚੋਂ ਹਾਲੇ ਤੱਕ 40 ਫ਼ੀਸਦ ਫ਼ਸਲ ਦੀ ਹੀ ਲਿਫ਼ਟਿੰਗ ਹੋਈ ਹੈ। ਲਿਫ਼ਟਿੰਗ ਨੇ ਰਫ਼ਤਾਰ ਤਾਂ ਫੜੀ ਹੈ ਪਰ ਫ਼ਸਲ ਦੀ ਆਮਦ ਅੱਜ ਇੱਕੋ ਦਿਨ ’ਚ 6.22 ਲੱਖ ਟਨ ਹੋ ਗਈ ਹੈ। ਮੰਡੀਆਂ ਵਿਚ ਹੁਣ ਤੱਕ ਕੁੱਲ 75.82 ਲੱਖ ਮੀਟਰਿਕ ਟਨ ਝੋਨਾ ਆਇਆ ਹੈ ਜਿਸ ਚੋਂ 70.53 ਲੱਖ ਝੋਨਾ ਵਿਕਿਆ ਹੈ ਜਿਸ ਵਿੱਚੋਂ 28.49 ਲੱਖ ਟਨ ਦੀ ਲਿਫ਼ਟਿੰਗ ਹੋਈ ਹੈ। ਮੰਡੀਆਂ ਵਿਚ ਕਰੀਬ 5.29 ਲੱਖ ਟਨ ਫ਼ਸਲ ਅਣਵਿਕੀ ਪਈ ਹੈ।

Advertisement

ਝੋਨੇ ਦੇ ਘਟੇ ਝਾੜ ਨੇ ਕਿਸਾਨਾਂ ਨੂੰ ਵਿੱਤੀ ਸੱਟ ਮਾਰੀ

ਖੇਤੀਬਾੜੀ ਵਿਭਾਗ ਦੇ ਮੁੱਢਲੇ ਮੁਲਾਂਕਣ ਤੋਂ ਪਤਾ ਲੱਗਿਆ ਹੈ ਕਿ ਫ਼ਸਲ ਦਾ ਝਾੜ 67 ਕੁਇੰਟਲ ਪ੍ਰਤੀ ਹੈਕਟੇਅਰ ਤੋਂ ਘਟ ਕੇ 64 ਕੁਇੰਟਲ ਪ੍ਰਤੀ ਹੈਕਟੇਅਰ ਰਹਿ ਗਿਆ ਹੈ। ਝੋਨੇ ਦੇ ਝਾੜ ’ਚ ਕਟੌਤੀ ਹੋਣ ਕਰਕੇ ਪ੍ਰਤੀ ਹੈਕਟੇਅਰ ਪਿੱਛੇ ਕਿਸਾਨਾਂ ਨੂੰ 6960 ਰੁਪਏ ਦਾ ਨੁਕਸਾਨ ਹੋਵੇਗਾ। ਖੇਤੀ ਮਹਿਕਮੇ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਕਿਹਾ ਕਿ ਪ੍ਰਤੀ ਹੈਕਟੇਅਰ ਪਿੱਛੇ ਝੋਨੇ ਦੀ ਝਾੜ ਵਿਚ ਤਿੰਨ ਕੁਇੰਟਲ ਦੀ ਕਮੀ ਦੇਖਣ ਨੂੰ ਮਿਲੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਝੋਨੇ ਦਾ ਝਾੜ ਚਾਰ ਕੁਇੰਟਲ ਤੱਕ ਘਟਣ ਕਰਕੇ ਕਿਸਾਨਾਂ ਨੂੰ ਵਿੱਤੀ ਸੱਟ ਵੱਜੀ ਹੈ। ਪੁਆਧ ਦੇ ਕਿਸਾਨਾਂ ਤੋਂ ਪਤਾ ਲੱਗਿਆ ਕਿ ਉਹ ਪ੍ਰਤੀ ਕੁਇੰਟਲ 200 ਰੁਪਏ ਦਾ ਘਾਟਾ ਪਾ ਕੇ ਫ਼ਸਲ ਵੇਚ ਰਹੇ ਹਨ ਕਿਉਂਕਿ ਪੁਆਧ ਦੇ ਖ਼ਿੱਤੇ ਵਿਚ ਹਾਈਬ੍ਰਿਡ ਕਿਸਮਾਂ ਦੀ ਜ਼ਿਆਦਾ ਬਿਜਾਂਦ ਹੋਈ ਹੈ।

Advertisement

Advertisement
Author Image

joginder kumar

View all posts

Advertisement