ਭਾਜਪਾ ਆਗੂਆਂ ਦੇ ਘਰਾਂ ਅੱਗੇ ਤੀਜੇ ਦਿਨ ਵੀ ਡਟੇ ਰਹੇ ਕਿਸਾਨ
ਸ਼ਗਨ ਕਟਾਰੀਆ/ਪਵਨ ਗੋਇਲ
ਬਠਿੰਡਾ/ਭੁੱਚ ਮੰਡੀ, 22 ਫਰਵਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਜ਼ਿਲ੍ਹਾ ਬਠਿੰਡਾ ਵਿਚਲੇ ਦੋ ਟੌਲ ਪਲਾਜ਼ਿਆਂ ਲਹਿਰਾ ਬੇਗਾ ਅਤੇ ਬੱਲੂਆਣਾ ਵਿਚ ਪਰਚੀ ਮੁਕਤ ਕੀਤੇ ਹੋਏ ਹਨ। ਟੌਲ ਪਲਾਜ਼ਿਆਂ ’ਤੇ ਧਰਨੇ ਕਿਸਾਨ ਸੰਘਰਸ਼ ਦੀ ਹਮਾਇਤ ’ਚ ਦਿੱਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ ਅਤੇ ਹਰਿੰਦਰ ਕੌਰ ਬਿੰਦੂ ਨੇ ਕੇਂਦਰ ਸਰਕਾਰ ’ਤੇ ਵਿਸ਼ਵ ਵਪਾਰ ਸੰਸਥਾ ਦੇ ਹੁਕਮਾਂ ’ਤੇ ਐਮਐਸਪੀ ਦਾ ਗਾਰੰਟੀ ਕਾਨੂੰਨ ਬਣਾਉਣ ਤੋਂ ਭੱਜਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਵੱਲੋਂ ਖੇਤੀ ’ਤੇ ਮਿਲਦੀਆਂ ਸਾਰੀਆਂ ਸਬਸਿਡੀਆਂ ਖ਼ਤਮ ਕਰਨ ਅਤੇ ਸਰਕਾਰੀ ਖਰੀਦ ਬੰਦ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਭਾਰਤ ਡਬਲਿਯੂਟੀਓ ਤੋਂ ਬਾਹਰ ਆਵੇ। ਉਨ੍ਹਾਂ ਕਿਹਾ ਕਿ 26 ਫਰਵਰੀ ਨੂੰ ਵਿਸ਼ਵ ਵਪਾਰ ਸੰਸਥਾ ਦੀ ਹੋ ਰਹੀ ਮੀਟਿੰਗ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਅਮਨਦੀਪ ਸਿੰਘ ਚਾਉਕੇ ਅਤੇ ਹਰਪ੍ਰੀਤ ਸਿੰਘ ਚੱਠੇਵਾਲਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜੋਸ਼ ਦੇ ਨਾਲ ਹੋਸ਼ ਨੂੰ ਕਾਇਮ ਰੱਖਣ। ਉਨ੍ਹਾਂ ਆਖਿਆ ਕਿ ਸਰਕਾਰਾਂ ਦੇ ਜਬਰ ਨੂੰ ਸਬਰ ਨਾਲ ਸਹਿ ਕੇ ਹੀ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ।
ਮਾਨਸਾ (ਜੋਗਿੰਦਰ ਸਿੰਘ ਮਾਨ): ਸ਼ੰਭੂ ਬਾਰਡਰ ’ਤੇ ਕਿਸਾਨਾਂ ਉਤੇ ਕੀਤੇ ਗਏ ਤਸ਼ੱਦਦ ਦੇ ਵਿਰੋਧ ’ਚ ਅੱਜ ਮਾਲਵਾ ਖੇਤਰ ਵਿੱਚ ਭਾਜਪਾ ਆਗੂਆਂ ਦੇ ਘਰਾਂ ਅੱਗੇ ਅਤੇ ਟੌਲ-ਪਲਾਜ਼ਿਆਂ ਉਪਰ ਡੱਟੇ ਕਿਸਾਨਾਂ ਨੇ ਤੀਜੇ ਦਿਨ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਗੋਲੀਆਂ ਤੇ ਅੱਥਰੂ ਗੈਸ ਵਰ੍ਹਾਉਣ ਦੇ ਜਬਰ ਹੱਲੇ ਨਾਲ ਇੱਕ ਕਿਸਾਨ ਦੇ ਮਾਰੇ ਜਾਣ ਅਤੇ ਦਰਜਨਾਂ ਦੇ ਸਖ਼ਤ ਜਖ਼ਮੀ ਹੋਣ ਨਾਲ ਕਿਸਾਨ ਵਿਰੋਧੀ ਹਕੂਮਤ ਦੇ ਵਾਰ-ਵਾਰ ਬੋਲੇ ਜਾ ਰਹੇ ਜਾਬਰ ਹੱਲੇ ਦੀ ਸਖ਼ਤ ਨਿੰਦਾ ਕੀਤੀ ਗਈ। ਮਾਨਸਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪੱਧਰੀ ਦਫ਼ਤਰ ਅੱਗੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਹਰਿਆਣਾ ਦੀ ਹਕੂਮਤ ਨੂੰ ਕਿਸਾਨਾਂ ਦੇ ਕੁਰਬਾਨੀਆਂ ਭਰੇ ਜੁਝਾਰੂ ਸੰਘਰਸ਼ਾਂ ਦੁਆਰਾ ਕੰਧ ’ਤੇ ਲਿਖਿਆ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ ਕਿ ਹਕੂਮਤੀ ਜਬਰ ਸੰਘਰਸ਼ ਕਰਨ ਵਾਲੇ ਕਾਫ਼ਲਿਆਂ ਨੂੰ ਅੱਗੇ ਵੱਧਣ ਤੋਂ ਰੋਕ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਨੂੰ ਕਿਸਾਨ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਹੀ ਇਹ ਸੰਘਰਸ਼ ਪਹਿਲਾਂ ਵਾਂਗ ਮਜ਼ਬੂਰ ਕਰੇਗਾ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਕਿਸਾਨਾਂ ਵੱਲੋਂ ਭਾਜਪਾ ਨੇਤਾ ਰਜੇਸ਼ ਕੁਮਾਰ ਗੋਰਾ ਪਠੇਲਾ ਦੇ ਘਰ ਅੱਗੇ ਤੀਜੇ ਦਿਨ ਵੀ ਧਰਨਾ ਜਾਰੀ ਰੱਖਿਆ ਅਤੇ ਕੇਂਦਰ ਸਰਕਾਰ ਦੀ ਕਿਸਾਨ ਵਿਰੋਧੀ ਨੀਤੀ ਅਤੇ ਨੀਅਤ ਦੀ ਨਿੰਦਾ ਕਰਦਿਆਂ ਨਾਅਰੇਬਾਜ਼ੀ ਕੀਤੀ| ਇਸ ਮੌਕੇ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਨੂੰ ਦੋ ਮਿੰਟ ਮੌਨ ਧਾਰਕੇ ਸ਼ਰਧਾਂਜਲੀ ਭੇਟ ਕੀਤੀ| ਕਿਸਾਨ ਆਗੂ ਜਸਵਿੰਦਰ ਸਿੰਘ ਝਬੇਲਵਾਲੀ, ਜਰਨੈਲ ਸਿੰਘ ਰੋੜਾਵਾਲੀ, ਪੂਰਨ ਸਿੰਘ ਵੱਟੂ ਹੋਰਾਂ ਨੇ ਵੀ ਸੰਬੋਧਨ ਕੀਤਾ|