For the best experience, open
https://m.punjabitribuneonline.com
on your mobile browser.
Advertisement

ਕੇਂਦਰ ਦੀ ਬਦਲਾਖੋਰੀ ਕਾਰਨ ਪ੍ਰੇਸ਼ਾਨ ਹੋ ਰਹੇ ਨੇ ਕਿਸਾਨ: ਸੰਧਵਾਂ

10:37 AM Oct 24, 2024 IST
ਕੇਂਦਰ ਦੀ ਬਦਲਾਖੋਰੀ ਕਾਰਨ ਪ੍ਰੇਸ਼ਾਨ ਹੋ ਰਹੇ ਨੇ ਕਿਸਾਨ  ਸੰਧਵਾਂ
ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ।
Advertisement

ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 23 ਅਕਤੂਬਰ
ਇੱਥੇ ਦਾਣਾ ਮੰਡੀ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਘਟੀਆ ਤੇ ਬਦਲਾਖ਼ੋਰੀ ਰਾਜਨੀਤੀ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਮੌਜੂਦਾ ਝੋਨੇ ਦੇ ਸੀਜ਼ਨ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਵੇਗੀ। ਝੋਨੇ ਦਾ ਇਕ-ਇਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਜੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਆਉਂਦੀ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸੁਖਵਿੰਦਰ ਸਿੰਘ ਕੋਟਲਾ, ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਅਧਿਕਾਰੀ ਮੌਜੂਦ ਸਨ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਹੁਸ਼ਿਆਰਪੁਰ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫ਼ਸਲ ਦੀ ਚੁਕਾਈ ਅਤੇ ਖ਼ਰੀਦ ਪ੍ਰਬੰਧਾਂ ਦੇ ਕੰਮ ਦਾ ਜਾਇਜ਼ਾ ਲੈਣ ਲਈ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਪੁੱਜੇ। ਉਨ੍ਹਾਂ ਸ਼ੈੱਲਰ ਮਾਲਕਾਂ ਅਤੇ ਕਮਿਸ਼ਨ ਏਜੰਟਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਫ਼ਸਲ ਦੀ ਚੁਕਾਈ ਅਤੇ ਭੰਡਾਰਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਮੰਡੀ ਦੇ ਕੰਮਕਾਜ ਦਾ ਨਿਰੀਖਣ ਕਰਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਯੋਗ ਸੇਵਾਵਾਂ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ। ਕਿਸੇ ਵੀ ਕਿਸਾਨ, ਕਮਿਸ਼ਨ ਏਜੰਟ ਜਾਂ ਵਿਕਰੇਤਾ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਭਰੋਸਾ ਦਿੱਤਾ ਕਿ ਮੰਡੀ ਵਿੱਚ ਫ਼ਸਲ ਦੀ ਖਰੀਦ ਜਾਂ ਅਦਾਇਗੀ ਵਿੱਚ ਕੋਈ ਦੇਰੀ ਨਹੀਂ ਹੋਣ ਦਿੱਤੀ ਜਾਵੇਗੀ। ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫਸਲ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ।

Advertisement

Advertisement
Advertisement
Author Image

Advertisement