ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਪ੍ਰੇਸ਼ਾਨ: ਕੋਟਲੀ
ਨਿੱਜੀ ਪੱਤਰ ਪ੍ਰੇਰਕ
ਖੰਨਾ, 9 ਨਵੰਬਰ
ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਅੱਜ ਇਥੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਵਾਰ ਇੰਜ ਹੋਇਆ ਹੈ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਕਈ ਕਈ ਹਫ਼ਤੇ ਰੁਲਣਾ ਪੈ ਰਿਹਾ ਹੈ। ਇਸ ਮੌਕੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਇਕ ਦੂਜੇ ’ਤੇ ਦੋਸ਼ ਲਾ ਰਹੀਆਂ ਹਨ ਜਦ ਕਿ ਦੋਵੇਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਰਕੇ ਹੀ ਅੱਜ ਕਿਸਾਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਦੋਵੇਂ ਹੀ ਸਰਕਾਰਾਂ ਖੇਤੀਬਾੜੀ ’ਤੇ ਵੱਡੇ ਵਪਾਰਕ ਘਰਾਣਿਆਂ ਦਾ ਕਬਜ਼ਾ ਕਰਵਾਉਣ ਦੇ ਯਤਨ ਕਰ ਰਹੀਆਂ ਹਨ। ਸ੍ਰੀ ਕੋਟਲੀ ਨੇ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਵਿੱਚ ਪੰਜਾਬ ਦੀਆਂ ਮੰਡੀਆਂ ਦੇ ਖਰੀਦ ਪ੍ਰਬੰਧ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ। ਕਿਸਾਨਾਂ ਨੂੰ ਝੋਨੇ ਦੀ ਫਸਲ ਵਿਚ ਨਮੀ ਵੱਧ ਦੱਸ ਕੇ ਨਾਜਾਇਜ਼ ਉਡੀਕ ਕਰਵਾਈ ਜਾ ਰਹੀ ਹੈ ਤੇ ਖਰੀਦੀ ਫਸਲ ਦੀ ਲਿਫਟਿੰਗ ਵੀ ਨਹੀਂ ਕੀਤੀ ਜਾ ਰਹੀ। ਕੋਟਲੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਕ ਇਕ ਦਾਣਾ ਖਰੀਦਣ ਦਾ ਵਾਅਦਾ ਕੀਤਾ ਸੀ ਪਰ ਹੁਣ ਕਿਸਾਨਾਂ ਦੀਆਂ ਲੇਲੜੀਆਂ ਕੱਢਵਾਈਆਂ ਜਾ ਰਹੀਆਂ ਹਨ। ਉਨ੍ਹਾਂ ‘ਆਪ’ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।