For the best experience, open
https://m.punjabitribuneonline.com
on your mobile browser.
Advertisement

ਗੜਿਆਂ ਕਾਰਨ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਨਾ ਹੋਣ ’ਤੇ ਕਿਸਾਨ ਖਫ਼ਾ

09:05 AM Mar 16, 2024 IST
ਗੜਿਆਂ ਕਾਰਨ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਨਾ ਹੋਣ ’ਤੇ ਕਿਸਾਨ ਖਫ਼ਾ
ਪਿੰਡ ਮਲੂਕਾ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੀੜਤ ਕਿਸਾਨ।
Advertisement

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 15 ਮਾਰਚ
ਪਿੰਡ ਮਲੂਕਾ ਵਿੱਚ ਬੀਤੇ ਦਿਨੀਂ ਭਾਰੀ ਗੜਿਆਂ ਕਾਰਨ ਨੁਕਸਾਨੀ ਕਣਕ ਦੀ ਕਰੀਬ 450 ਏਕੜ ਫ਼ਸਲ ਦੀ ਗਿਰਦਾਵਰੀ ਨਾ ਹੋਣ ਕਾਰਨ ਰੋਹ ਵਿੱਚ ਆਏ ਪੀੜਤ ਕਿਸਾਨਾਂ ਵੱਲੋਂ ਅੱਜ ਜ਼ੋਰਦਾਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੀੜਤ ਕਿਸਾਨਾਂ ਨੇ ਦੁਖੀ ਮਨ ਨਾਲ ਕਿਹਾ ਕਿ ਉਨ੍ਹਾਂ ਵੱਲੋਂ ਇਹ ਮਾਮਲਾ ਸਰਕਾਰ ਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਕਰੀਬ ਦੋ ਹਫ਼ਤੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਗਿਰਦਾਵਰੀ ਨਹੀਂ ਹੋਈ। ਇਸ ਮੌਕੇ ਪੀੜਤ ਕਿਸਾਨਾਂ ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਇਕਬਾਲ ਸਿੰਘ, ਜਗਦੇਵ ਸਿੰਘ, ਗੋਰਾ ਸਿੰਘ, ਲੱਖਾ ਸਿੰਘ, ਲਖਵਿੰਦਰ ਸਿੰਘ, ਗੁਰਸੇਵਕ ਸਿੰਘ, ਆਤਮਾ ਸਿੰਘ ਆਦਿ ਨੇ ਦੱਸਿਆ ਕਿ ਗੜੇਮਾਰੀ ਕਾਰਨ ਉਨ੍ਹਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਉਹ ਨੁਕਸਾਨ ਦੀ ਗਿਰਦਾਵਰੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਡਿਪਟੀ ਕਮਿਸ਼ਨਰ ਬਠਿੰਡਾ ਅਤੇ ਹੋਰ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਅਜੇ ਤੱਕ ਸਰਕਾਰ ਦਾ ਕੋਈ ਨੁਮਾਇੰਦਾ ਜਾਂ ਅਧਿਕਾਰੀ ਨੁਕਸਾਨ ਦਾ ਜਾਇਜ਼ਾ ਲੈਣ ਉਨ੍ਹਾਂ ਦੇ ਖੇਤਾਂ ਵਿੱਚ ਨਹੀਂ ਪਹੁੰਚਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਪਿੰਡ ਇਕਾਈ ਮਲੂਕਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਪੀੜਤ ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ ਇਸ ਮਾਮਲੇ ਨੂੰ ਲੈ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੂੰ ਪੀੜਤ ਕਿਸਾਨਾਂ ਦਾ ਕੋਈ ਫ਼ਿਕਰ ਨਹੀਂ। ਉਨ੍ਹਾਂ ਕਿਹਾ ਕਿ ਪੀੜਤਾਂ ’ਚ ਜ਼ਿਆਦਾ ਛੋਟੇ ਅਤੇ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਨ ਵਾਲੇ ਕਿਸਾਨ ਹਨ, ਇਸ ਲਈ ਜਲਦ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

Advertisement

Advertisement
Author Image

joginder kumar

View all posts

Advertisement
Advertisement
×