For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੇ ਕੇਂਦਰ ਤੇ ਹਰਿਆਣਾ ਸਰਕਾਰਾਂ ਦੇ ਪੁਤਲੇ ਫੂਕੇ

10:29 AM Apr 08, 2024 IST
ਕਿਸਾਨਾਂ ਨੇ ਕੇਂਦਰ ਤੇ ਹਰਿਆਣਾ ਸਰਕਾਰਾਂ ਦੇ ਪੁਤਲੇ ਫੂਕੇ
ਖਨੌਰੀ ਬਾਰਡਰ ’ਤੇ ਕੇਂਦਰ ਤੇ ਹਰਿਆਣਾ ਸਰਕਾਰ ਦਾ ਪੁਤਲਾ ਫੂਕਦੇ ਹੋਏ ਕਿਸਾਨ।
Advertisement

ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ
ਸੰਗਰੂਰ/ਖਨੌਰੀ, 7 ਅਪਰੈਲ
ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਦਿੱਤੇ ਸੱਦੇ ਤਹਿਤ ਖਨੌਰੀ ਬਾਰਡਰ ’ਤੇ ਕਿਸਾਨਾਂ ਵਲੋਂ ਭਾਜਪਾ ਸਰਕਾਰ ਦੇ ਪੁਤਲੇ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭਾਜਪਾ ਦੀਆਂ ਕੇਂਦਰ ਤੇ ਹਰਿਆਣਾ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਾਰਡਰ ਦੀ ਸਟੇਜ ਤੋਂ ਕਿਸਾਨ ਆਗੂ ਬਲਦੇਵ ਸਿੰਘ ਸੰਦੋਹਾ ਜ਼ਿਲਾ ਪ੍ਰਧਾਨ ਬੀਕੇਯੂ ਸਿੱਧੂਪੁਰ ਬਠਿੰਡਾ, ਭਾਗ ਸਿੰਘ ਮਰਖਾਈ ਜਿਲ੍ਹਾ ਜਨਰਲ ਸਕੱਤਰ ਫਿਰੋਜ਼ਪੁਰ, ਅਰੁਣ ਸਿਨਹਾ ਬਿਹਾਰੀ, ਬਾਬੂ ਜੰਗ ਸਿੰਘ, ਬਲਦੇਵ ਸਿੰਘ, ਗੁਰਲਾਲ ਸਿੰਘ ਬੀਕੇਯੂ ਸਿੱਧੂਪੁਰ, ਅਨੰਦੀ ਪ੍ਰਸਾਦ ਬਿਹਾਰੀ, ਕਰਨਵੀਰ ਸਿੰਘ, ਡਾ. ਸਵੈਮਾਨ ਟੀਮ, ਗੁਰਸਾਹਿਬ ਸਿੰਘ ਕੋਟ ਬੁੱਢਾ, ਹਰਨੇਕ ਸਿੰਘ, ਨੌਜਵਾਨ ਆਗੂ ਅਭਿਮਨਿਊ ਕੁਹਾੜ ਹਰਿਆਣਾ, ਹਰਨੇਕ ਸਿੰਘ ਕੁਤਬਾ ਬਰਨਾਲਾ ਆਦਿ ਨੇ ਸੰਬੋਧਨ ਕੀਤਾ।
ਸੰਗਰੂਰ: ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਸੱਦੇ ’ਤੇ ਭਾਕਿਯੂ ਏਕਤਾ ਆਜ਼ਾਦ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਅਤੇ ਬੀਬੀਆਂ ਵੱਲੋਂ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਇਸ ਤੋਂ ਬਾਅਦ ਡੀਸੀ ਦਫ਼ਤਰ ਅੱਗੇ ਪੁੱਜ ਕੇ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਅਰਥੀਆਂ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਤਾਮਿਲਨਾਡੂ ’ਚ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਸਖਤ ਨਿਖੇਧੀ ਕੀਤੀ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੀ ਅਗਵਾਈ ਵਿੱਚ ਨਵਦੀਪ ਸਿੰਘ ਦੀ ਗ੍ਰਿਫ਼ਤਾਰੀ ਵਿਰੁੱਧ ਅਤੇ ਉਸ ਦੀ ਰਿਹਾਈ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ। ਯੂਨੀਅਨ ਦੇ ਸੂਬਾ ਆਗੂ ਗੁਰਮੇਲ ਸਿੰਘ ਮਹੋਲੀ ਅਤੇ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮਹੋਲੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਸ਼ਹਿ ’ਤੇ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਸਰਹੱਦ ’ਤੇ ਜਬਰੀ ਰੋਕ ਕੇ ਉਨ੍ਹਾਂ ਨਾਲ ਦੁਸ਼ਮਣ ਦੇਸ਼ ਦੇ ਲੋਕਾਂ ਵਰਗਾ ਵਿਵਹਾਰ ਕਰਨਾ ਸਾਬਤ ਕਰਦਾ ਹੈ ਕਿ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਕਿਸਾਨ ਵਿਰੋਧੀ ਹਨ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਸਾਨਾਂ ਵੱਲੋਂ 9 ਅਪਰੈਲ ਨੂੰ ਰੇਲਾਂ ਰੋਕਣ ਦਾ ਪ੍ਰੋਗਰਾਮ ਬਣਾਇਆ ਹੈ।
ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਇੱਥੋਂ ਦੇ ਟਾਹਲੀ ਵਾਲਾ ਚੌਕ ਵਿੱਚ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸੂਬਾ ਜਨਰਲ ਸਕੱਤਰ ਬਲਕਾਰ ਸਿੰਘ ਬੈਂਸ ਅਤੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਖ਼ਰਾਜਪੁਰ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪੁਤਲਾ ਵੀ ਫੂਕਿਆ। ਮੁਜ਼ਾਹਰਾਕਾਰੀ ਹਰਿਆਣਾ ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨ ਆਗੂ ਨਵਦੀਪ ਸਿੰਘ ਜਲਵੇੜਾ ਦੀ ਰਿਹਾਈ ਦੀ ਮੰਗ ਕਰ ਰਹੇ ਸਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਜਬਰ ਦੀਆਂ ਸਾਰੇ ਹੱਦ ਬੰਨੇ ਟੱਪ ਗਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲੀਸ ਨੇ ਸਰਕਾਰ ਦੀ ਸ਼ਹਿ ਉਪਰ ਨਵਦੀਪ ਨੂੰ ਨਾਜਾਇਜ਼ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਹੈ। ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਖ਼ਰਾਜਪੁਰ ਨੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਰਾਹੀਂ ਉਹ ਹਰਿਆਣਾ ਸਰਕਾਰ ਤੋਂ ਨਵਦੀਪ ਸਿੰਘ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕਰ ਰਹੇ ਹਨ।
ਪਟਿਆਲਾ (ਖੇਤਰੀ ਪ੍ਰਤੀਨਿਧ): ਹਰਿਆਣਾ ਦੇ ਕਿਸਾਨ ਆਗੂ ਨਵਦੀਪ ਜਲਵੇੜਾ ਤੇ ਗੁਰਕੀਰਤ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਉਲੀਕੇ ਗਏ ਪ੍ਰੋਗਰਾਮ ਦੇ ਤਹਿਤ ਸ਼ੰਭੂ ਅਤੇ ਢਾਬੀਗੁੱਜਰਾਂ ਮੋਰਚਿਆਂ ’ਚ ਹਿੱਸਾ ਲੈ ਰਹੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠਾਂ ਅੱਜ ਕਿਸਾਨਾਂ ਨੇ ਇਥੇ ਕੇਂਦਰ ਸਰਕਾਰ ਦੇ ਖਿਲਾਫ਼ ਜ਼ਿਲ੍ਹਾ ਹੈੱਡਕੁਆਰਟਰ ’ਤੇ ਪੁਤਲਾ ਫੂਕਦਿਆਂ ਭਾਰੀ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਸ਼ਾਮਲ ਹੋਏ ਕਿਸਾਨਾਂ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ਉਹ ਨਵਦੀਪ ਜਲਵੇੜਾ ਤੇ ਗੁਰਕੀਰਤ ਸਿੰਘ ਦੀ ਰਿਹਾਈ ਤੁਰੰਤ ਯਕੀਨੀ ਬਣਾਵੇ, ਜੇਕਰ 8 ਅਪਰੈਲ ਤੱਕ ਰਿਹਾਈ ਨਾ ਕੀਤੀ ਗਈ ਤਾਂ ਕਿਸਾਨ 9 ਅਪਰੈਲ ਨੂੰ ਸ਼ੰਭੂ ਨੇੜੇ ਰੇਲਵੇ ਟਰੈਕ ’ਤੇ ਧਰਨਾ ਮਾਰ ਕੇ ਰੇਲ ਆਵਜਾਈ ਠੱਪ ਕਰ ਦੇਣਗੇ। ਕਿਸਾਨ ਯੂਨੀਅਨ ਆਜ਼ਾਦ ਦੇ ਸੂਬਾਈ ਆਗੂ ਮਨਜੀਤ ਸਿੰਘ ਨਿਆਲ, ਭਾਰਤੀ ਕਿਸਾਨ ਤੇ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਵਾਜਪੁਰ, ਕਿਸਾਨ ਯੂਨੀਅਨ ਸਿੱਧੂ ਦੇ ਜ਼ਿਲ੍ਹਾ ਪ੍ਰਧਾਨ ਜੋਰਾਵਰ ਸਿੰਘ ਬਲਬੇੜਾ, ਕਿਸਾਨ ਯੂਨੀਅਨ ਭਟੇੜੀ ਦੇ ਆਗੂ ਜਸਵੰਤ ਸਿੰਘ ਆਦਿ ਦੀ ਅਗਵਾਈ ਹੇਠਾਂ ਇਹ ਧਰਨਾ ਅੱਜ ਇਥੇ ਖੰਡਾ ਚੌਕ ’ਚ ਦਿੱਤਾ ਗਿਆ। ਇਸ ਦੌਰਾਨ ਕੇਂਦਰ ਸਰਕਾਰ ਦਾ ਪੁਤਲਾ ਫੂਕਣ ਮਗਰੋ ਰੋਸ ਮਾਰਚ ਵੀ ਕੀਤਾ ਗਿਆ।

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਅੱਜ ਇਥੇ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਖਜ਼ਾਨਚੀ ਕਸ਼ਮੀਰ ਸਿੰਘ ਕਾਕੜਾ, ਕਰਮਜੀਤ ਸਿੰਘ ਬਾਲਦ, ਹਰਜੀਤ ਸਿੰਘ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਦਿੱਲੀ ਕਿਸਾਨ ਮੋਰਚੇ ਦੌਰਾਨ ਮੰਨੀਆਂ ਗਈਆਂ ਮੰਗਾਂ ਤੋਂ ਮੁਨਕਰ ਹੋ ਗਈ ਹੈ, ਜਿਸ ਕਾਰਨ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡਟੇ ਹੋਏ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਹੱਕ ਮੰਗਦੇ ਕਿਸਾਨਾਂ ਉੱਤੇ ਅੰਨੇਵਾਹ ਗੋਲੀਆਂ ਅਤੇ ਅੱਥਰੂ ਗੈਸ ਦੀ ਵਰਤੋਂ ਕਰਕੇ ਸੈਂਕੜੇ ਕਿਸਾਨਾਂ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਕਈ ਕਿਸਾਨ ਸ਼ਹੀਦ ਹੋ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਇਸ ਜਬਰ ਦਾ ਖਮਿਆਜ਼ਾ ਭੁਗਤਣਾ ਪਵੇਗਾ।

Advertisement
Author Image

Advertisement
Advertisement
×