ਕਿਸਾਨਾਂ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਪੁਤਲਾ ਫੂਕਿਆ
ਹਰਦੀਪ ਸਿੰਘ
ਫ਼ਤਹਿਗੜ੍ਹ ਪੰਜਤੂਰ, 11 ਨਵੰਬਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ’ਤੇ ਅੱਜ ਇੱਥੇ ਧਰਮਕੋਟ ਚੌਕ ਵਿੱਚ ਜਥੇਬੰਦੀ ਦੀ ਸਥਾਨਕ ਇਕਾਈ ਦੇ ਕਾਰਕੁਨਾਂ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਪੁਤਲਾ ਫੂਕਿਆ ਅਤੇ ਕਿਸਾਨ ਵਿਰੋਧੀ ਬਿਆਨਬਾਜ਼ੀ ਕਰਨ ’ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ ਹੇਠ ਇਕੱਠੇ ਹੋਏ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਇੱਥੇ ਧਰਮਕੋਟ ਚੌਕ ਵਿੱਚ ਪਹਿਲਾਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਵਿਰੁੱਧ ਭੜਾਸ ਕੱਢੀ ਅਤੇ ਬਾਅਦ ’ਚ ਉਸ ਦਾ ਪੁਤਲਾ ਫੂਕਿਆ। ਕਿਸਾਨ ਆਗੂ ਗੁਰਦੇਵ ਸਿੰਘ ਸ਼ਾਹਵਾਲਾ ਨੇ ਕਿਹਾ ਕਿ ਬਿੱਟੂ ਦੇ ਕਿਸਾਨ ਵਿਰੋਧੀ ਬਿਆਨ ਪਿੱਛੇ ਬਦਲੇ ਦੀ ਭਾਵਨਾ ਹੈ। ਉਨ੍ਹਾਂ ਕਿਹਾ ਕਿ ਬਿੱਟੂ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ ਪਰ ਉਨ੍ਹਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ। ਦੇਸ਼ ਦੇ ਵਿਕਾਸ ਵਿੱਚ ਕਿਸਾਨਾਂ ਵਲੋਂ ਪਾਏ ਜਾ ਰਹੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਬਿੱਟੂ ਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।