ਮਸਲੇ ਹੱਲ ਕਰਵਾਉਣ ਲਈ ਵਰ੍ਹਦੇ ਮੀਂਹ ’ਚ ਡਟੇ ਕਿਸਾਨ
ਪ੍ਰਭੂ ਦਿਆਲ
ਸਿਰਸਾ, 23 ਦਸੰਬਰ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਵਰ੍ਹਦੇ ਮੀਂਹ ’ਚ ਪ੍ਰਦਰਸ਼ਨ ਕੀਤਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਸਭਾ ਦੇ ਆਗੂ ਕਾ. ਸੁਵਰਨ ਸਿੰਘ ਵਿਰਕ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੇ ਮੁਲਤਵੀ ਸਮੇਂ 9 ਦਸੰਬਰ 2021 ਨੂੰ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨਾਲ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਜਿਸ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਕਿਸਾਨੀਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੀ ਮੁੜ ਤੋਂ ਖਨੌਰੀ ਤੇ ਸ਼ੰਭੂ ਬਾਰਡਰ ’ਤੇ ਕਿਸਾਨ ਪੱਕਾ ਮੋਰਚਾ ਲਾਉਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਨੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਨੂੰ ਦੁਹਰਾਉਂਦਿਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਲਈ ਗਾਰੰਟੀ ਕਾਨੂੰਨ ਅਤੇ ਕਿਸਾਨ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ।
ਕਿਸਾਨਾਂ ਵੱਲੋਂ ਕਾਰਪੋਰੇਟਾਂ ਖਿ਼ਲਾਫ਼ ਲਾਮਬੰਦੀ ਕਰਨ ਦਾ ਸੱਦਾ
ਫਾਜ਼ਿਲਕਾ (ਪਰਮਜੀਤ ਸਿੰਘ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਐਸਕੇਐਮ ਫਾਜ਼ਿਲਕਾ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚ ਕੇ ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਲਈ ਚੱਲ ਰਹੇ ਸੰਭੂ, ਖਨੌਰੀ ਮੋਰਚਿਆਂ ‘ਚ ਕੇਂਦਰ ਸਰਕਾਰ ਜੋ ਜਬਰ ਕਿਸਾਨਾਂ ਤੇ ਜਬਰ ਢਾਹ ਰਹੀ ਹੈ ਅਤੇ ਮੋਦੀ ਸਰਕਾਰ ਬੇਸ਼ਰਮੀ ਦੀਆਂ ਹੱਦਾਂ ਟੱਪਦਿਆਂ ਮੰਡੀਕਰਨ ਨੀਤੀ ਖਰੜਾ ਸੂਬਾ ਸਰਕਾਰਾਂ ਨੂੰ ਦੁਬਾਰਾ ਭੇਜ ਕੇ ਪਹਿਲਾਂ ਰੱਦ ਕੀਤੇ ਗਏ ਕਾਨੂੰਨਾਂ ਨੂੰ ਲਾਗੂ ਕਰਨ ਜਾ ਰਹੀ ਜੋ ਬੇਹੱਦ ਨਿੰਦਣਯੋਗ ਹੈ।ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਬਣਾ ਕੇ ਨਿੱਤ ਨਵੇਂ ਫੁਰਮਾਨ ਜਾਰੀ ਕਰ ਰਹੀ ਹੈ ਜਿਸ ਤਹਿਤ ਹੀ ਨਵੀਂ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਨੂੰ ਭੇਜਿਆ ਗਿਆ ਹੈ।ਜੋ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਅਸਿੱਧੇ ਰੂਪ ਵਿੱਚ ਲਾਗੂ ਕਰਨ ਦਾ ਇੱਕ ਰਸਤਾ ਹੈ। ਜੇਕਰ ਸਰਕਾਰ ਇਸ ਦੇ ਬਾਵਜੂਦ ਇਹ ਖਰੜਾ ਵਾਪਸ ਨਹੀਂ ਲੈਂਦੀ ਤਾਂ ਪੰਜਾਬ ਅਤੇ ਪੂਰੇ ਦੇਸ਼ ਵਿੱਚ ਵੱਡੀ ਲਾਮਬੰਦੀ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।