ਮੋਗਾ ’ਚ ਪੁਲੀਸ ਰੋਕਾਂ ਤੋੜ ਕੇ ਡੀਸੀ ਦਫ਼ਤਰ ਪੁੱਜੇ ਕਿਸਾਨ
ਮੋਗਾ (ਮਹਿੰਦਰ ਸਿੰਘ ਰੱਤੀਆਂ):
ਸੰਭੂ ਤੇ ਖਨੌਰੀ ਬਾਰਡਰਾਂ ’ਤੇ ਕਾਰਵਾਈ ਮਗਰੋਂ ਸੂਬਾ ਭਰ ਦੇ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ’ਚ ਵਿਆਪਕ ਰੋਸ ਫ਼ੈਲ ਗਿਆ ਹੈ ਅਤੇ ਕਿਸਾਨ ਸੜਕਾਂ ਉੱਤੇ ਆ ਗਏ ਹਨ। ਇਥੇ ਰੋਸ ਮਾਰਚ ਕਰ ਰਹੇ ਕਿਸਾਨਾਂ ਤੇ ਪੁਲੀਸ ਦਰਮਿਆਨ ਧੱਕਾ-ਮੁੱਕੀ ਹੋਈ ਜਿਸ ਕਾਰਨ ਕਈ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ। ਐੱਸਕੇਐੱਮ (ਗੈਰਸਿਆਸੀ) ਦੇ ਸੱਦੇ ਉੱਤੇ ਕਿਸਾਨ ਰੋਸ ਮਾਰਚ ਕਰਨ ਅਤੇ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬਾ ਰਾਣਾ ਰਣਬੀਰ ਸਿੰਘ ਠੱਠਾ ਦੀ ਅਗਵਾਈ ਹੇਠ ਪਿੰਡ ਤਲਵੰਡੀ ਭੰਗੇਰੀਆਂ ਵਿੱਚ ਇਕੱਠੇ ਹੋਏ ਸਨ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਰਹੀ। ਇਸ ਮੌਕੇ ਸਿਵਲ ਤੇ ਪੁਲੀਸ ਅਧਿਕਾਰੀਆਂ ਨੇ ਕਿਸਾਨਾਂ ’ਤੇ ਇਥੇ ਹੀ ਪ੍ਰਦਰਸ਼ਨ ਕਰਨ ਲਈ ਦਬਾਅ ਬਣਾਇਆ ਪਰ ਕਿਸਾਨ ਨਾ ਮੰਨੇ ਤਾਂ ਪੁਲੀਸ ਨੇ ਰੋਕਾਂ ਖੜ੍ਹੀਆਂ ਕਰ ਦਿੱਤੀਆਂ। ਕਿਸਾਨਾਂ ਦਾ ਦੋਸ਼ ਹੈ ਕਿ ਪੁਲੀਸ ਨੇ ਧੱਕਾ-ਮੁੱਕੀ ਕੀਤੀ ਅਤੇ ਬਜ਼ੁਰਗ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ। ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨਾਂ ਦੇ ਦੁਪਹੀਆ ਵਾਹਨਾਂ ਦੀ ਭੰਨ ਤੋੜ ਕੀਤੀ। ਪੁਲੀਸ ਵਿਰੋਧ ਬਾਵਜੂਦ ਉਹ ਡੀਸੀ ਦਫ਼ਤਰ ਅੱਗੇ ਪੁੱਜ ਗਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਡੀਸੀ ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ।