ਪੁਲੀਸ ਦੀਆਂ ਰੋਕਾਂ ਤੋੜ ਕੇ ਡੀਸੀ ਦਫ਼ਤਰ ਦਾਖ਼ਲ ਹੋਏ ਕਿਸਾਨ
ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਮੰਗ
ਜੋਗਿੰਦਰ ਸਿੰਘ ਮਾਨ
ਮਾਨਸਾ, 23 ਅਕਤੂਬਰ
ਪੁਲੀਸ ਦੀਆਂ ਰੋਕਾਂ ਨੂੰ ਤੋੜਦੇ ਹੋਏ ਅੱਜ ਕਿਸਾਨ ਮਾਨਸਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਦਾਖ਼ਲ ਹੋ ਗਏ। ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਪਹੁੰਚ ਕੇ ਕਰਜ਼ੇ ਕਾਰਨ ਖੁਦਕੁਸ਼ੀ ਕਰਨ ਵਾਲਿਆਂ ਅਤੇ ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਚਿਰਾਂ ਤੋਂ ਰੁਕੀ ਪਈ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਗਈ। ਕਿਸਾਨਾਂ ਨੇ ਗੁੱਸਾ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਰ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਿਲਾਸੇ ਦੇ ਕੇ ਤੋਰਿਆ ਜਾਂਦਾ ਹੈ ਅਤੇ ਜਦੋਂ ਉਹ ਪ੍ਰਸ਼ਾਸਨ ਦੇ ਦਿੱਤੇ ਸਮੇਂ ਤੋਂ ਬਾਅਦ ਕਾਫ਼ਲੇ ਦੇ ਰੂਪ ਵਿੱਚ ਆਉਂਦੇ ਹਨ ਤਾਂ ਅਧਿਕਾਰੀਆਂ ਨੂੰ ਮਿਲਾਉਣ ਦੀ ਥਾਂ ਪੁਲੀਸ ਵਾਲਿਆਂ ਵੱਲੋਂ ਰਾਹ ਰੋਕੇ ਜਾਂਦੇ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਆਗੂ ਮਹਿੰਦਰ ਸਿੰਘ ਭੈਣੀਬਾਘਾ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਨੇਕਾਂ ਖੁਦਕੁਸ਼ੀ ਪੀੜਤ ਪਰਿਵਾਰ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ ਮੁਆਵਜ਼ਾ ਰਾਸ਼ੀ ਲੈਣ ਤੋਂ ਵਾਂਝੇ ਚਲੇ ਆ ਰਹੇ ਹਨ, ਜਿਨ੍ਹਾਂ ਨੂੰ ਰਾਸ਼ੀ ਦੇਣ ਲਈ ਵਾਰ-ਵਾਰ ਦਫ਼ਤਰਾਂ ਦੇ ਗੇੜੇ ਮਰਵਾਉਣ ਦੇ ਬਾਵਜੂਦ ਇਨਸਾਫ਼ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ ਤੱਕ ਮੁਆਵਜ਼ਾ ਰਾਸ਼ੀ ਦੇਣ ਲਈ ਪ੍ਰਸ਼ਾਸਨ ਵੱਲੋਂ ਕੋਈ ਤਹੱਈਆ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਲਈ ਜੋ ਸ਼ਰਤਾਂ ਰੱਖੀਆਂ ਗਈਆਂ ਸਨ, ਕਿਸਾਨਾਂ ਵੱਲੋਂ ਉਹ ਸ਼ਰਤਾਂ ਵੀ ਪੂਰੀਆਂ ਕਰ ਦਿੱਤੀਆਂ ਗਈਆਂ ਪਰ ਇਸ ਦੇ ਬਾਵਜੂਦ ਨਵੀਆਂ ਸ਼ਰਤਾਂ ਲਗਾ ਕੇ ਉਨ੍ਹਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਕਿਸਾਨ ਆਗੂ ਲਛਮਣ ਸਿੰਘ ਅਲੀਸ਼ੇਰ ਨੇ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਜੋ ਕਿਸਾਨ ਨੂੰ ਡੀਏਪੀ ਖਾਦ ਦਿੱਤੀ ਜਾ ਰਹੀ ਹੈ ਉਸ ਨਾਲ ਵਪਾਰੀਆਂ ਵੱਲੋਂ ਵਾਧੂ ਚੀਜ਼ਾਂ ਲਾਕੇ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸਾਨ ਨੂੰ ਮਾਰ ਵੀ ਪੈ ਰਹੀ ਹੈ ਅਤੇ ਕਿਸਾਨ ਦੀ ਲੁੱਟ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਅਤੇ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਅਧਿਕਾਰੀਆਂ ਕੋਲ ਮੰਗ ਪੱਤਰ ਦੇ ਚੁੱਕੇ ਹਨ, ਪਰ ਮੰਗ ਪੱਤਰਾਂ ’ਤੇ ਸਰਕਾਰ ਨੇ ਕੋਈ ਵੀ ਗੌਰ ਨਹੀਂ ਕੀਤੀ, ਜਿਸ ਕਾਰਨ ਮਜਬੂਰੀ ਵਸ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਦਫਤਰਾਂ ਦਾ ਘਿਰਾਓ ਕਰਨਾ ਪਿਆ ਹੈ।
ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ
ਪ੍ਰਦਰਸ਼ਨਕਾਰੀ ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿ ਜੇਕਰ ਜਲਦ ਹੀ ਕਿਸਾਨਾਂ ਦੀਆਂ ਇਹਨਾਂ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਖ਼ਿਲਾਫ਼ ਹੋਰ ਵੀ ਵਿਰੋਧ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ। ਇਸ ਮੌਕੇ ਗੁਰਪ੍ਰੀਤ ਕੌਰ, ਮਨਜੀਤ ਕੌਰ ਨੇ ਵੀ ਸੰਬੋਧਨ ਕੀਤਾ।